ਫ਼ਤਹਿਗੜ੍ਹ ਸਾਹਿਬ, 22 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਭਗਤ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਵਿਸ਼ਾਲ ਪੱਧਰ 'ਤੇ ਮਨਾਉਣ ਲਈ ਵੱਡੇ ਪੱਧਰ 'ਤੇ ਸਮਾਗਮ ਉਲੀਕੇ ਜਾ ਰਹੇ ਹਨ ਤਾਂ ਜੋ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਅਤੇ ਮਾਨਵਤਾ ਨੂੰ ਸੱਚਾਈ, ਭਾਈਚਾਰੇ ਵਿਚ ਸਮਾਨਤਾ ਤੇ ਮਨੁੱਖੀ ਏਕਤਾ ਵਾਲੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ | ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਤੇ ਸਾਬਕਾ ਮੀਤ ਪ੍ਰਧਾਨ ਜਥੇ. ਹਰਪਾਲ ਸਿੰਘ ਜੱਲ੍ਹਾ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਇਕੱਤਰਤਾ ਹਾਲ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ਹੇਠ ਸ਼ਤਾਬਦੀ ਸਮਾਗਮਾਂ ਸਬੰਧੀ ਉਲੀਕੇ ਜਾਣ ਵਾਲੇ ਪ੍ਰੋਗ੍ਰਾਮ ਬਾਰੇ ਹੋਈ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਮੀਟਿੰਗ ਦੌਰਾਨ 20 ਫਰਵਰੀ 2027 ਨੂੰ ਆ ਰਹੇ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾਣ ਵਾਲੇ ਧਾਰਮਿਕ ਸਮਾਗਮਾਂ, ਸੈਮੀਨਾਰਾਂ, ਕੀਰਤਨ ਦਰਬਾਰਾਂ ਅਤੇ ਵਿਸ਼ੇਸ਼ ਨਗਰ ਕੀਰਤਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਜਥੇਦਾਰ ਰਿਆ ਤੇ ਜੱਲ੍ਹਾ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਭਗਤ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਗੁਰਬਾਣੀ ਸਬੰਧੀ 6 ਸੈਮੀਨਾਰ ਕਰਵਾਏ ਜਾਣਗੇ ਅਤੇ ਵੱਖ-ਵੱਖ ਅਸਥਾਨਾਂ 'ਤੇ 8 ਕੀਰਤਨ ਦਰਬਾਰ ਵੀ ਸਜਾਏ ਜਾਣਗੇ | ਇਸ ਤੋਂ ਇਲਾਵਾ ਭਗਤ ਰਵਿਦਾਸ ਜੀ ਦੇ ਜਨਮ ਅਸਥਾਨ ਗੋਵਰਧਨਪੁਰ (ਵਾਰਾਨਸੀ) ਤੋਂ ਵਿਸ਼ੇਸ਼ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਪੰਜਾਬ ਪੁੱਜੇਗਾ | ਉਨ੍ਹਾਂ ਦੱਸਿਆ ਕਿ ਭਗਤ ਰਵਿਦਾਸ ਜੀ ਦੇ ਜੀਵਨ, ਇਤਿਹਾਸ ਅਤੇ ਉਨ੍ਹਾਂ ਦੀ ਬਾਣੀ ਸਬੰਧੀ ਵੱਖ-ਵੱਖ ਭਾਸ਼ਾਵਾਂ ਵਿਚ ਕਿਤਾਬਚੇ ਵੀ ਛਾਪੇ ਜਾਣਗੇ | ਉਨ੍ਹਾਂ ਕਿਹਾ ਕਿ ਭਗਤ ਗੁਰੂ ਰਵਿਦਾਸ ਜੀ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ, ਜੋ ਸਮੂਹ ਮਾਨਵਤਾ ਨੂੰ ਸੱਚਾਈ, ਭਾਈਚਾਰੇ, ਸਮਾਨਤਾ ਅਤੇ ਮਨੁੱਖੀ ਏਕਤਾ ਦਾ ਸੰਦੇਸ਼ ਦਿੰਦੀ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਅਪਣਾਉਣ ਦੀ ਲੋੜ ਹੈ, ਤਾਂ ਜੋ ਸਮਾਜ ਵਿਚ ਫੈਲ ਰਹੀਆਂ ਬੁਰਾਈਆਂ ਨੂੰ ਦੂਰ ਕੀਤਾ ਜਾ ਸਕੇ ਅਤੇ ਆਪਸੀ ਸਾਂਝ ਨੂੰ ਮਜ਼ਬੂਤ ਕੀਤਾ ਜਾ ਸਕੇ | ਇਸ ਤੋਂ ਇਲਾਵਾ ਸਮਾਗਮਾਂ ਦੀ ਸਫਲਤਾ ਲਈ ਮਹਾਂਪੁਰਸ਼ਾਂ ਅਤੇ ਭਾਈਚਾਰੇ ਦੇ ਲੋਕਾਂ ਨਾਲ ਤਾਲਮੇਲ ਬਣਾਉਣ ਵਾਸਤੇ ਵੱਖ-ਵੱਖ ਸਬ-ਕਮੇਟੀਆਂ ਵੀ ਬਣਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੀ ਵਿਚਾਰਧਾਰਾ ਸਮਾਜ ਨੂੰ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੀ ਹੈ, ਜਿਸ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਅਮਰ ਸਿੰਘ ਬਸੀ ਪਠਾਣਾਂ, ਕੁਲਵੰਤ ਸਿੰਘ, ਕਰਮ ਸਿੰਘ, ਹਰਮੇਸ਼ ਸਿੰਘ, ਅਵਤਾਰ ਸਿੰਘ, ਰਣਧੀਰ ਸਿੰਘ, ਸੁਰਜੀਤ ਸਿੰਘ, ਅਜੀਤ ਸਿੰਘ, ਪਲਵਿੰਦਰ ਸਿੰਘ, ਕਰਮਜੀਤ ਸਿੰਘ, ਜਰਨੈਲ ਸਿੰਘ, ਹਰਚੰਦ ਸਿੰਘ, ਗੁਰਪਾਲ ਸਿੰਘ, ਰਣਜੀਤ ਸਿੰਘ, ਜਸਵਿੰਦਰ ਸਿੰਘ ਨੰਬਰਦਾਰ, ਸੋਹਣ ਸਿੰਘ, ਬਲਵੀਰ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ ਲਟੌਰ, ਹਰਜੀਤ ਸਿੰਘ ਰੁੜਕੀ, ਬਹਾਦਰ ਸਿੰਘ ਆਦਮਪੁਰ, ਗੁਰਪ੍ਰੀਤ ਸਿੰਘ ਬੀਬੀਪੁਰ, ਜੋਬਨ ਸਿੰਘ ਨੌਗਾਵਾਂ, ਸੋਨੀ ਗੋਪਾਲੋਂ, ਨਿਹਾਲ ਸਿੰਘ ਚਨਾਰਥਲ ਅਤੇ ਦਲੀਪ ਸਿੰਘ ਖਰੋੜੀ ਹੋਰ ਵੀ ਅਨੇਕਾਂ ਸ਼ਖ਼ਸੀਅਤਾਂ ਹਾਜ਼ਰ ਸਨ |