ਫ਼ਤਹਿਗੜ੍ਹ ਸਾਹਿਬ, 22 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੋ ਗਈਆਂ ਹਨ | ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਪਾਰਟੀ ਲੀਡਰਸ਼ਿਪ ਤੇ ਵਰਕਰਾਂ ਵਲੋਂ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਦੇ ਵੱਖ-ਵੱਖ ਵਾਰਡਾਂ ਤੋਂ ਚੋਣ ਲੜ ਰਹੇ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ ਗਿਆ | ਜਿਸ ਦੌਰਾਨ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਲੋਕਾਂ ਨੂੰ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ | ਇਸ ਰੋਡ ਸ਼ੋਅ ਦੌਰਾਨ ਲੋਕਾਂ ਵਲੋਂ ਵੀ ਅਕਾਲੀ ਦਲ ਦੇ ਆਗੂਆਂ ਦਾ ਸਵਾਗਤ ਕੀਤਾ ਗਿਆ ਅਤੇ ਪਾਰਟੀ ਨੂੰ ਸਮਰਥਨ ਦੇਣ ਦਾ ਭਰੋਸਾ ਦਿਵਾਇਆ ਗਿਆ | ਇਸ ਮੌਕੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਅੱਜ ਤੱਕ ਉਨ੍ਹਾਂ 'ਚੋਂ ਜ਼ਿਆਦਾਤਰ ਵਾਅਦੇ ਇਸ਼ਤਿਹਾਰਾਂ ਵਿਚ ਹੀ ਪੂਰੇ ਕੀਤੇ ਗਏ ਹਨ ਜ਼ਮੀਨੀ ਪੱਧਰ 'ਤੇ ਪੂਰੇ ਨਹੀਂ ਕੀਤੇ ਗਏ | ਉਨ੍ਹਾਂ ਕਿਹਾ ਕਿ ਲੋਕ ਹੁਣ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਹਰ ਵਰਗ ਆਪਣੇ ਆਪ ਨੂੰ ਠਗਿਆ ਮਹਿਸੂਸ ਕਰ ਰਿਹਾ ਹੈ | ਭੁੱਟਾ ਨੇ ਦੋਸ਼ ਲਗਾਇਆ ਕਿ ਸਰਕਾਰ ਦੇ ਆਗੂ ਅਜੇ ਵੀ ਝੂਠੇ ਲਾਰਿਆਂ ਦੇ ਸਹਾਰੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ ਪਰ ਹੁਣ ਲੋਕ ਜਾਗਰੂਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਸਵਾਲ ਪੁੱਛ ਕੇ ਜਵਾਬ ਮੰਗ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੀਆਂ ਭਾਵਨਾਵਾਂ ਅਤੇ ਮੁੱਦਿਆਂ ਨਾਲ ਜੁੜੀ ਪਾਰਟੀ ਰਹੀ ਹੈ ਅਤੇ ਪਾਰਟੀ ਵਲੋਂ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦੇ ਹੱਕਾਂ ਲਈ ਆਵਾਜ਼ ਉਠਾਈ ਗਈ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਚੋਣਾਂ ਵਿਚ ਅਜਿਹੀ ਪਾਰਟੀ ਨੂੰ ਸਮਰਥਨ ਦੇਣ, ਜੋ ਸੱਚਮੁੱਚ ਲੋਕਾਂ ਦੀ ਭਲਾਈ ਲਈ ਕੰਮ ਕਰੇ | ਇਸ ਮੌਕੇ ਹੋਰਨਾਂ ਆਗੂਆਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਮਜ਼ਬੂਤੀ ਨਾਲ ਮੈਦਾਨ ਵਿਚ ਉੱਤਰੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਲੋਕ ਪਾਰਟੀ ਨੂੰ ਭਰਵਾਂ ਸਮਰਥਨ ਦੇਣਗੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰ ਅਤੇ ਵੱਡੀ ਗਿਣਤੀ ਵਿਚ ਆਗੂ ਅਤੇ ਸਮਰਥਕ ਵੀ ਹਾਜ਼ਰ ਸਨ |