ਫ਼ਤਹਿਗੜ੍ਹ ਸਾਹਿਬ, 22 ਮਈ (ਬਲਜਿੰਦਰ ਸਿੰਘ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਚਲਾਈ ਜਾ ਰਹੀ 'ਪਲਾਸਟਿਕ ਮੁਕਤ ਪਹਿਲ' ਤਹਿਤ ਚੇਅਰਪਰਸਨ ਰੀਨਾ ਗੁਪਤਾ ਅਤੇ ਮੈਂਬਰ ਸਕੱਤਰ ਡਾ. ਲਵਨੀਤ ਦੁਬੇ ਦੇ ਨਿਰਦੇਸ਼ਾਂ ਤਹਿਤ ਖੇਤਰੀ ਦਫ਼ਤਰ ਦੀ ਟੀਮ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਹਜ਼ਰਤ ਸ਼ੇਖ਼ ਅਹਿਮਦ ਫਾਰੂਕੀ ਰੋਜ਼ਾ ਸ਼ਰੀਫ਼ ਅਤੇ ਰਾਮ ਮੰਦਰ ਮੰਡੀ ਗੋਬਿੰਦਗੜ੍ਹ ਵਿਖੇ ਪ੍ਰਬੰਧਕ ਕਮੇਟੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਮੋਹਿਤ ਸਿੰਗਲਾ ਐਕਸ਼ੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦੱਸਿਆ ਕਿ ਮੀਟਿੰਗ ਦੌਰਾਨ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਪ੍ਰਸ਼ਾਦ ਅਤੇ ਹੋਰ ਲੋੜਾਂ ਲਈ ਸਿੰਗਲ ਯੂਜ਼ ਪਲਾਸਟਿਕ ਲਿਫ਼ਾਫ਼ਿਆਂ ਨੂੰ ਵਰਤੋਂ ਨਾ ਕਰਕੇ ਕੰਪੋਸਟੇਬਲ ਕੈਰੀ ਬੈਗਾਂ ਨੂੰ ਵਰਤੋਂ ਵਿਚ ਲਿਆਉਣ ਦੀ ਅਪੀਲ ਕੀਤੀ, ਤਾਂ ਜੋ ਪਲਾਸਟਿਕ ਪ੍ਰਦੂਸ਼ਣ ਨੂੰ ਘਟਾਉਣ ਦੇ ਨਾਲ-ਨਾਲ ਵਾਤਾਵਰਨ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਮੌਕੇ 'ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਕੰਪੋਸਟੇਬਲ ਕੈਰੀ ਬੈਗਾਂ ਦੇ ਸੈਂਪਲ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਮੁਹੱਈਆ ਕਰਵਾਏ ਗਏ | ਉਨ੍ਹਾਂ ਦੱਸਿਆ ਕਿ ਇਸ ਪਹਿਲ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਜਿੱਥੇ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਹੈ, ਉੱਥੇ ਹੀ ਵਾਤਾਵਰਨ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕਰਨਾ ਹੈ | ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਤੇ ਹੋਰਨਾਂ ਪ੍ਰਬੰਧਕਾਂ ਵਲੋਂ ਬੋਰਡ ਦੇ ਇਸ ਉੱਦਮ ਦੀ ਖ਼ੂਬ ਸ਼ਲਾਘਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਗੁਰੂ ਘਰ ਦੇ ਪ੍ਰਬੰਧਕਾਂ ਵਲੋਂ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਨੂੰ ਭਰੋਸਾ ਦਿਵਾਇਆ ਕਿ ਮੁੱਖ ਦਫ਼ਤਰ ਸ੍ਰੀ ਅੰਮਿ੍ਤਸਰ ਵੀ ਲਿਖਤੀ ਪੱਤਰ ਭੇਜ ਕੇ ਪੰਜਾਬ ਦੇ ਸਾਰੇ ਗੁਰੂ ਘਰਾਂ ਵਿਚ ਪ੍ਰਸ਼ਾਦ ਲਈ ਕੰਪੋਸਟੇਬਲ ਕੈਰੀ ਬੈਗੀ ਦੀ ਵਰਤੋਂ ਲਈ ਬੇਨਤੀ ਕੀਤੀ ਜਾਵੇਗੀ | ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਭਵਿੱਖ ਵਿਚ ਵੀ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਜਨਤਕ ਸੰਸਥਾਵਾਂ ਦੇ ਸਹਿਯੋਗ ਨਾਲ ਪਲਾਸਟਿਕ ਮੁਕਤ ਪੰਜਾਬ ਵੱਲ ਇਸ ਤਰ੍ਹਾਂ ਦੇ ਜਾਗਰੂਕਤਾ ਅਭਿਆਨ ਜਾਰੀ ਰੱਖੇ ਜਾਣਗੇ |