ਫ਼ਤਹਿਗੜ੍ਹ ਸਾਹਿਬ, 22 ਮਈ (ਮਨਪ੍ਰੀਤ ਸਿੰਘ)-ਰਾਜਾ ਵੈਲਫੇਅਰ ਫਾਊਡੇਂਸ਼ਨ ਵਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਘਰ-ਘਰ ਸਿਹਤ ਯੋਜਨਾ ਤਹਿਤ ਪਿੰਡ ਭੈਰੋਂਪੁਰ ਵਿਖੇ ਸੇਵਾ ਕੈਂਪ ਲਗਾ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਏ ਗਏ ਸਨ, ਜਿਨ੍ਹਾਂ ਦੀ ਅੱਜ ਮਾਰਕੀਟ ਕਮੇਟੀ ਦੇ ਚੇਅਰਮੈਨ ਰਸ਼ਪਿੰਦਰ ਸਿੰਘ ਰਾਜਾ ਵਲੋਂ ਪਿੰਡ ਵਾਸੀਆਂ ਨੂੰ ਵੰਡ ਕੀਤੀ ਗਈ | ਇਸ ਮੌਕੇ ਚੇਅਰਮੈਨ ਰਾਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਾਸੀਆਂ ਦੀ ਸਿਹਤ ਦੀ ਗਰੰਟੀ ਨੂੰ ਪੂਰਾ ਕਰਦੇ ਹੋਏ, 10 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ, ਜਿਸ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਹਰ ਨਾਗਰਿਕ ਦਾ ਸਿਹਤ ਕਾਰਡ ਬਣਾਇਆ ਜਾ ਰਿਹਾ ਹੈ ਤਾਂ ਜੋ ਉਹ ਇਸ ਕਾਰਡ ਰਾਹੀਂ ਸਰਕਾਰ ਦੀਆਂ ਸਹੂਲਤਾਂ ਦਾ ਲਾਭ ਲੈ ਸਕਣ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਾਰਡ ਬਣਾਉਣ ਤੋਂ ਲੈ ਕੇ ਹਸਪਤਾਲ ਵਿਚ ਕਾਰਡ ਚਲਾਉਣ ਤੱਕ ਦੀ ਜ਼ਿੰਮੇਵਾਰੀ ਲਈ ਜਾਵੇਗੀ ਤਾਂ ਜੋ ਕਿਸੇ ਵੀ ਲੋੜਵੰਦ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ ਅਤੇ ਉਹ ਇਸ ਸਹੂਲਤ ਦਾ ਲਾਭ ਲੈ ਸਕਣ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਆਪਣੀ ਕਹਿਣੀ ਤੇ ਕਰਨੀ ਦੀ ਪੱਕੀ ਹੈ, ਜਿਸ ਦੁਆਰਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਆਪਣੇ ਇਕ ਇਕ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ ਤੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦਿੱਤੀਆਂ ਹਨ | ਇਸ ਮੌਕੇ ਉਨ੍ਹਾਂ ਨਾਲ ਸਰਪੰਚ ਸੁੱਖਵਿੰਦਰ ਕੌਰ, ਜਗਜੀਤ ਸਿੰਘ, ਜਗਦੀਪ ਸਿੰਘ ਜੱਗਾ, ਪੰਚ ਸਤਨਾਮ ਸਿੰਘ, ਹਰਪ੍ਰੀਤ ਸਿੰਘ, ਪੰਚ ਹਰਮਨ, ਬਲਵਿੰਦਰ ਸਿੰਘ ਪੰਚ ਅਤੇ ਸਮੂਹ ਨਗਰ ਵਾਸੀ ਹਾਜ਼ਰ ਸਨ |