ਮੰਡੀ ਗੋਬਿੰਦਗੜ, 23 ਮਈ (ਰਾਜੇਸ਼ ਸ਼ਰਮਾ)-ਮੰਡੀ ਗੋਬਿੰਦਗੜ ਸਮੇਤ ਸਰਹਿੰਦ, ਬਸੀ ਪਠਾਣਾਂ ਅਤੇ ਖਮਾਣੋਂ ਵਿਚ ਹੋ ਰਹੀਆਂ ਕੌਂਸਲ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਸਿਆਸੀ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਹੈ | ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੰਡਸਟਰੀਜ਼ ਐਂਡ ਟਰੇਡ ਵਿੰਗ ਦੇ ਜ਼ਿਲਾ ਪ੍ਰਧਾਨ ਭਾਰਤ ਭੂਸ਼ਨ ਜਿੰਦਲ ਟੋਨੀ ਨਾਲ ਮੀਟਿੰਗ ਕਰਕੇ ਇਲਾਕੇ ਦੇ ਚੋਣ ਸਮੀਕਰਨਾਂ ਅਤੇ ਮੌਜੂਦਾ ਸਿਆਸੀ ਹਾਲਾਤਾਂ 'ਤੇ ਚਰਚਾ ਕੀਤੀ | ਮੀਟਿੰਗ ਦੌਰਾਨ ਮੰਡੀ ਗੋਬਿੰਦਗੜ, ਸਰਹਿੰਦ ਅਤੇ ਬਸੀ ਪਠਾਣਾਂ ਵਿਚ ਪਾਰਟੀ ਦੀ ਮਜ਼ਬੂਤੀ, ਉਮੀਦਵਾਰਾਂ ਦੀ ਤਿਆਰੀ, ਚੋਣ ਪ੍ਰਚਾਰ ਦੀ ਰਣਨੀਤੀ ਅਤੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਸ. ਬਾਦਲ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਮੈਦਾਨ ਵਿਚ ਡੱਟਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਵਪਾਰੀਆਂ, ਉਦਯੋਗਪਤੀਆਂ ਅਤੇ ਆਮ ਵਰਗ ਦੀ ਆਵਾਜ਼ ਬਣ ਕੇ ਲੜਦਾ ਆਇਆ ਹੈ ਅਤੇ ਅੱਗੇ ਵੀ ਲੋਕ ਹਿੱਤਾਂ ਲਈ ਸੰਘਰਸ਼ ਜਾਰੀ ਰੱਖੇਗਾ | ਇਸ ਮੌਕੇ ਟੋਨੀ ਜਿੰਦਲ ਨੇ ਇਲਾਕੇ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨਾਂ ਕਿਹਾ ਕਿ ਉਦਯੋਗਿਕ ਖੇਤਰ ਇਸ ਸਮੇਂ ਕਈ ਚੁਨੌਤੀਆਂ ਨਾਲ ਜੂਝ ਰਿਹਾ ਹੈ ਅਤੇ ਸਰਕਾਰ ਵਲੋਂ ਵਪਾਰ ਜਗਤ ਨੂੰ ਉਮੀਦਾਂ ਅਨੁਸਾਰ ਸਹਿਯੋਗ ਨਹੀਂ ਮਿਲ ਰਿਹਾ | ਉਨਾਂ ਦਾਅਵਾ ਕੀਤਾ ਕਿ ਨਗਰ ਕੌਂਸਲ ਚੋਣਾਂ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ 'ਤੇ ਮੁੜ ਭਰੋਸਾ ਜਿਤਾਉਣਗੇ ਅਤੇ ਪਾਰਟੀ ਨੂੰ ਭਰਪੂਰ ਸਮਰਥਨ ਮਿਲੇਗਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਭਿੰਦਰ ਸਿੰਘ, ਜਰਨੈਲ ਸਿੰਘ ਮਾਜਰੀ ਵੀ ਮੌਜੂਦ ਸਨ |