ਫ਼ਤਹਿਗੜ੍ਹ ਸਾਹਿਬ, 24 ਮਈ (ਮਨਪ੍ਰੀਤ ਸਿੰਘ)-ਹਕਲਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਵਾਰਡ ਨੰ. 22 ਤੋਂ ਉਮੀਦਵਾਰ ਜਸਬੀਰ ਸਿੰਘ ਬੰਟੀ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸਾਫ਼ ਸੁਥਰੇ ਅਕਸ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ, ਅਤੇ ਜਿਨਾਂ ਦੁਆਰਾ ਪਿਛਲੇ ਕਈ ਸਾਲਾਂ ਦੌਰਾਨ ਵਾਰਡਾਂ ਦੇ ਲਗਾਤਾਰ ਵਿਕਾਸ ਕਾਰਜ ਕਰਵਾਏ ਗਏ ਹਨ | ਉਨਾਂ ਕਿਹਾ ਕਿ ਲੋਕ 'ਆਪ' ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਦਿਵਾਉਣ ਤਾਂ ਜੋ ਉਹ ਨਗਰ ਕੌਂਸਲ 'ਚ ਕੋਰਮ ਪੂਰਾ ਕਰ ਅਧੂਰੇ ਵਿਕਾਸ ਕਾਰਜਾਂ ਨੂੰ ਪੂਰਾ ਕਰਾ ਸਕਣ | ਉਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਨਗਰ ਕੌਂਸਲ 'ਚ ਕਾਂਗਰਸ ਪਾਰਟੀ ਦਾ ਬਹੁਮਤ ਸੀ ਜੋ ਸ਼ਹਿਰ ਦੇ ਵਿਕਾਸ ਕਾਰਜ ਚ ਅੜਿੱਕਾ ਪਾਉਂਦੇ ਸਨ ਪਰ ਹੁਣ 'ਆਪ' ਦਾ ਬਹੁਮਤ ਹੋਣ ਤੇ ਸ਼ਹਿਰ ਨੂੰ ਹੋਰ ਸੰਵਾਰਿਆ ਜਾ ਸਕੇਗਾ ਤੇ ਲੰਮੇ ਸਮੇਂ ਤੋਂ ਅਟਕੇ ਕੰਮਾਂ ਨੂੰ ਪੂਰਾ ਕੀਤਾ ਜਾਵੇਗਾ | ਸਰਕਾਰ ਦੇ ਵਿਕਾਸ ਕਾਰਜਾਂ ਦੇ ਗੱਲ ਕਰਦਿਆਂ ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਆਪਣੀਆਂ ਸਾਰੀਆਂ ਗਰੰਟੀਆਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਗਿਆ ਹੈ, ਜਿਸ ਸਦਕਾ ਵੀ ਸੂਬੇ ਦੇ ਲੋਕਾਂ 'ਚ ਖ਼ੁਸ਼ੀ ਦੀ ਲਹਿਰ ਹੈ ਤੇ ਉਹ 'ਆਪ' ਦੇ ਉਮੀਦਵਾਰਾਂ ਨੂੰ ਵੱਡੇ ਬਹੁਮਤ ਨਾਲ ਜਿਤਾਉਣਗੇ ਤੇ ਵਿਰੋਧੀ ਪਾਰਟੀ ਦੇ ਉਮੀਦਵਾਰਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ |