ਫ਼ਤਹਿਗੜ੍ਹ ਸਾਹਿਬ, 24 ਮਈ (ਬਲਜਿੰਦਰ ਸਿੰਘ)-ਸ਼੍ਰੋੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ 26 ਮਈ ਨੂੰ ਹੋਣ ਵਾਲੀਆਂ ਕੌਂਸਲ ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਨਗਰ ਕੌਂਸਲ ਬਸੀ ਪਠਾਣਾਂ ਦੇ ਵਾਰਡ ਨੰਬਰ 8 ਤੋਂ ਸੁਖਵਿੰਦਰ ਸਿੰਘ ਅਤੇ ਵਾਰਡ ਨੰਬਰ 14 ਤੋਂ ਉਮੀਦਵਾਰ ਬਲਵਿੰਦਰ ਸਿੰਘ ਨੂੰ ਪੂਰਨ ਹਮਾਇਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਜਿਸ ਸਬੰਧੀ ਬਸੀ ਪਠਾਣਾਂ ਨਾਲ ਸਬੰਧ ਰੱਖਣ ਵਾਲੇ ਸਾਰੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਉਪਰੋਕਤ ਉਮੀਦਵਾਰਾਂ ਦੇ ਹੱਕ ਵਿਚ ਭੁਗਤਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਅਤੇ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਮਾਧੋਪੁਰ ਨੇ ਕਿਹਾ ਕਿ ਬੇਸ਼ੱਕ ਕੌਂਸਲ ਚੋਣਾਂ ਵਿਚ ਪਾਰਟੀ ਵਲੋਂ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਨਹੀਂ ਉਤਾਰੇ ਗਏ ਪਰ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਵਾਲੇ ਮਿਹਨਤੀ ਤੇ ਇਮਾਨਦਾਰ ਉਮੀਦਵਾਰਾਂ ਦੀ ਪਾਰਟੀ ਵਲੋਂ ਹਮਾਇਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਉਨ੍ਹਾਂ ਨਗਰ ਕੌਂਸਲ ਬਸੀ ਪਠਾਣਾਂ ਦੇ ਉਪਰੋਕਤ ਉਮੀਦਵਾਰਾਂ ਦੇ ਹੱਕ ਵਿਚ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਵੀ ਕੀਤੀ |