ਰੂਪਨਗਰ, 25 ਮਈ (ਸਤਨਾਮ ਸਿੰਘ ਸੱਤੀ)- ਰੂਪਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ 'ਤੇ ਨਾਕਾਮ ਰਹੀ ਹੈ ਤੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ | ਲਾਲਪੁਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਵੱਡੇ ਵਾਅਦੇ ਕੀਤੇ ਗਏ ਸਨ ਪਰ ਨਾ ਵਿਕਾਸ ਹੋਇਆ, ਨਾ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਤੇ ਨਾ ਹੀ ਸ਼ਹਿਰਾਂ ਦੀ ਹਾਲਤ ਵਿਚ ਕੋਈ ਸੁਧਾਰ ਆਇਆ | ਉਨ੍ਹਾਂ ਦੋਸ਼ ਲਗਾਇਆ ਕਿ ਇਸ ਤੋਂ ਪਹਿਲਾਂ ਕਾਂਗਰਸ ਨੇ ਵੀ ਲੋਕਾਂ ਨੂੰ ਸਿਰਫ਼ ਵਾਅਦਿਆਂ ਵਿਚ ਹੀ ਉਲਝਾ ਕੇ ਰੱਖਿਆ ਤੇ ਰੂਪਨਗਰ ਦੇ ਅਸਲ ਵਿਕਾਸ ਲਈ ਇਮਾਨਦਾਰੀ ਨਾਲ ਕੰਮ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਅੱਜ ਕਈ ਲੋਕ ਸਿਆਸਤ ਵਿਚ ਲੋਕ ਸੇਵਾ ਲਈ ਨਹੀਂ, ਸਗੋਂ ਆਪਣੇ ਨਿੱਜੀ ਲਾਭ ਲਈ ਆਏ ਹਨ | ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤੇ ਰੂਪਨਗਰ ਦੇ ਵਿਕਾਸ ਨੂੰ ਹਮੇਸ਼ਾ ਪਿੱਛੇ ਰੱਖਿਆ ਗਿਆ | ਲਾਲਪੁਰਾ ਨੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਵਾਰ ਭਾਜਪਾ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿੱਚ ਜਿਤਾਇਆ ਜਾਵੇ ਤਾਂ ਜੋ ਸ਼ਹਿਰ ਦੇ ਵਿਕਾਸ ਲਈ ਨਵੀਂ ਸ਼ੁਰੂਆਤ ਹੋ ਸਕੇ | ਉਨ੍ਹਾਂ ਕਿਹਾ ਕਿ ਇਹ ਚੋਣ ਸਿਰਫ਼ ਉਮੀਦਵਾਰਾਂ ਦੀ ਨਹੀਂ, ਸਗੋਂ ਰੂਪਨਗਰ ਤੇ ਪੰਜਾਬ ਦੇ ਭਵਿੱਖ ਦੀ ਚੋਣ ਹੈ |