ਘਨੌਰ, 26 ਮਈ (ਸਰਦਾਰਾ ਸਿੰਘ ਲਾਛੜੂ)-ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਸਪੋਰਟਸ ਵਿੰਗ ਪੰਜਾਬ ਦੇ ਸੂਬਾ ਪ੍ਰਧਾਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵਲੋਂ ਅੱਜ ਆਪਣੇ ਗ੍ਰਹਿ ਵਿਖੇ ਪਹੁੰਚਣ 'ਤੇ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਜ਼ਿਲਾ ਪ੍ਰਧਾਨ ਅਤੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ ਦਾ ਸਿਰੋਪਾਓ ਦੇ ਕੇ ਨਿੱਘਾ ਸਨਮਾਨ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਕਿਹਾ ਕਿ ਹਰਪਾਲ ਸਿੰਘ ਵਿਰਕ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ | ਉਨਾਂ ਦੀਆਂ ਇਹਨਾਂ ਹੀ ਨਿਸ਼ਕਾਮ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਪਾਰਟੀ ਪ੍ਰਧਾਨ ਅਮਨ ਅਰੋੜਾ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਵੱਲੋਂ ਉਨਾਂ ਨੂੰ ਪਟਿਆਲਾ ਜ਼ਿਲਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕਰਕੇ ਇੱਕ ਵੱਡਾ ਮਾਣ ਬਖਸ਼ਿਆ ਗਿਆ ਹੈ, ਜੋ ਕਿ ਬੇਹੱਦ ਸ਼ਲਾਘਾਯੋਗ ਫੈਸਲਾ ਹੈ | ਵਿੱਕੀ ਘਨੌਰ ਨੇ ਉਮੀਦ ਜਤਾਈ ਕਿ ਸ. ਵਿਰਕ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਵਿਚ ਪਾਰਟੀ ਹੋਰ ਵਧੇਰੇ ਮਜ਼ਬੂਤ ਹੋਵੇਗੀ | ਇਸ ਮਿਲਣੀ ਦੌਰਾਨ ਵਿਸ਼ੇਸ਼ ਤੌਰ 'ਤੇ ਹਲਕਾ ਘਨੌਰ ਦੇ ਜਥੇਬੰਦਕ ਢਾਂਚੇ (ਸੰਗਠਨ) ਨੂੰ ਹੋਰ ਸਰਗਰਮ ਅਤੇ ਮਜ਼ਬੂਤ ਕਰਨ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਦੇ ਨਾਲ ਹੀ ਆਗੂਆਂ ਵੱਲੋਂ ਮੌਜੂਦਾ ਸਿਆਸੀ ਹਾਲਾਤਾਂ, ਖਾਸ ਕਰਕੇ ਇਸ ਸਮੇਂ ਐਸ.ਆਈ.ਆਰ. ਸੰਬੰਧੀ ਵੀ ਵਿਸ਼ੇਸ਼ ਗੱਲਬਾਤ ਹੋਈ | ਲੋਕ-ਪੱਖੀ ਨੀਤੀਆਂ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਨੌਰ ਹਲਕੇ ਦੇ ਹਰ ਘਰ ਅਤੇ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇਗਾ | ਇਸ ਵਿਸ਼ੇਸ਼ ਮਿਲਣੀ ਅਤੇ ਸਨਮਾਨ ਸਮਾਰੋਹ ਦੌਰਾਨ ਉਨਾਂ ਦੇ ਨਾਲ ਗੁਰਚਰਨ ਸਿੰਘ ਰੁਪਾਣਾ (ਵਾਈਸ ਪ੍ਰਧਾਨ, ਮੁਕਤ ਪੰਜਾਬ) ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ |