ਨਗਰ ਕੌਂਸਲ ਸਰਹਿੰਦ ਦੇ ਵਾਰਡ ਨੰਬਰ. 8 'ਚ ਬੋਗਸ ਵੋਟਾਂ ਪਾਉਣ ਦਾ ਵਿਵਾਦ ਗਰਮਾਇਆ
ਅਜੀਤ ਡੈਸਕ
28-05-2026
ਵਿਰੋਧੀ ਧਿਰਾਂ ਨੇ ਸੱਤਾਧਾਰੀ ਪਾਰਟੀ 'ਤੇ ਚੁੱਕੇ ਸਵਾਲ
ਘਟਨਾ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ | ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਅਤੇ ਵਾਰਡ ਨੰਬਰ. 8 ਤੋਂ ਕਾਂਗਰਸ ਦੇ ਉਮੀਦਵਾਰ ਨਰਿੰਦਰ ਕੁਮਾਰ ਬਿੰਦਰ ਨੇ ਸਾਂਝੇ ਤੌਰ 'ਤੇ ਆਮ ਆਦਮੀ ਪਾਰਟੀ 'ਤੇ ਗੰਭੀਰ ਦੋਸ਼ ਲਗਾਏ | ਭੁੱਟਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਹਾਰ ਦੇ ਡਰ ਕਾਰਨ ਚੋਣਾਂ ਵਿਚ ਗ਼ਲਤ ਤਰੀਕੇ ਅਪਣਾ ਰਹੀ ਹੈ | ਉਨ੍ਹਾਂ ਕਿਹਾ ਕਿ ਵਾਰਡ ਵਿਚ ਬਾਹਰੀ ਲੋਕਾਂ ਤੋਂ ਬੋਗਸ ਵੋਟਾਂ ਪਵਾਈਆਂ ਜਾ ਰਹੀਆਂ ਹਨ ਅਤੇ ਇਸ ਸਬੰਧੀ ਸਬੂਤ ਇਕੱਠੇ ਕੀਤੇ ਜਾ ਰਹੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਮਾਮਲੇ ਦੀ ਵੀਡੀਓਗ੍ਰਾਫੀ ਅਤੇ ਹੋਰ ਸਬੂਤਾਂ ਸਮੇਤ ਚੋਣ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਭੇਜੀ ਜਾਵੇਗੀ ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋ ਸਕੇ | ਇਸ ਮੌਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਬਿੰਦਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਪਿ੍ਤਪਾਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਨੂੰ ਜਿੱਤਣ ਲਈ ਕਈ ਤਰ੍ਹਾਂ ਦੇ ਢੰਗ ਵਰਤੇ ਜਾ ਰਹੇ ਹਨ | ਜਿਸ ਨੂੰ ਉਹ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ, ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਕਤ ਆਗੂਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ |
ਪੁਲਿਸ ਨੇ ਦੋਸ਼ਾਂ ਨੂੰ ਨਕਾਰਿਆ, ਵੋਟਿੰਗ ਦੱਸੀ ਸ਼ਾਂਤਮਈ
ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਨੇ ਵਿਰੋਧੀ ਧਿਰਾਂ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਪੋਲਿੰਗ ਬੂਥਾਂ 'ਤੇ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਗਏ ਸਨ ਅਤੇ ਚੋਣ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਚੱਲੀ | ਡੀ.ਐਸ.ਪੀ. ਕੁਲਵੀਰ ਸਿੰਘ ਨੇ ਕਿਹਾ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਚੌਕਸ ਰਹੀ ਅਤੇ ਮੌਕੇ 'ਤੇ ਮਿਲੀ ਜਾਣਕਾਰੀ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਚੋਣ ਅਮਲ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹਾਉਣਾ ਪ੍ਰਸ਼ਾਸਨ ਦੀ ਪਹਿਲ ਰਹੀ ਹੈ |