ਦੇਵੀਗੜ੍ਹ, 28 ਮਈ (ਰਾਜਿੰਦਰ ਸਿੰਘ ਮੌਜੀ)-ਪਵਿੱਤਰ ਤਿਉਹਾਰ ਈਦ-ਉਲ-ਫ਼ਿਤਰ ਮੌਕੇ ਅੱਜ ਹਲਕਾ ਸਨੌਰ ਵਿਚ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਦਾ ਅਨੋਖਾ ਪ੍ਰਗਟਾਵਾ ਦੇਖਣ ਨੂੰ ਮਿਲਿਆ | ਇਸ ਮੁਬਾਰਕ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿੱਚ ਸਥਿਤ ਮੁਸਲਿਮ ਧਾਰਮਿਕ ਅਸਥਾਨਾਂ ਵਿਖੇ ਉਚੇਚੇ ਤੌਰ 'ਤੇ ਹਾਜ਼ਰੀ ਲਗਵਾਈ | ਉਨ੍ਹਾਂ ਨੇ ਮੁਸਲਿਮ ਭਾਈਚਾਰੇ ਦੇ ਆਗੂਆਂ ਅਤੇ ਸਥਾਨਕ ਲੋਕਾਂ ਨੂੰ ਗਲੇ ਮਿਲ ਕੇ ਈਦ ਦੀ ਮੁਬਾਰਕਬਾਦ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਮੁਸਲਿਮ ਭਾਈਚਾਰੇ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਪਵਿੱਤਰ ਧਰਤੀ ਹੈ, ਜਿਸ ਨੇ ਹਮੇਸ਼ਾ ਸਾਨੂੰ ਆਪਸੀ ਪਿਆਰ, ਮਿਲਵਰਤਨ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ | ਉਨ੍ਹਾਂ ਕਿਹਾ ਕਿ ਈਦ ਦਾ ਇਹ ਪਵਿੱਤਰ ਦਿਹਾੜਾ ਸਾਨੂੰ ਸਾਰਿਆਂ ਨੂੰ ਮਿਲਜੁਲ ਕੇ ਰਹਿਣ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦਾ ਹੈ | ਹਡਾਣਾ ਨੇ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਅਮਨ-ਸ਼ਾਂਤੀ ਤੇ ਖ਼ੁਸ਼ਹਾਲੀ ਲਈ ਰੱਬ ਅੱਗੇ ਦੁਆ ਵੀ ਕੀਤੀ | ਚੇਅਰਮੈਨ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ, ਧਰਮ ਅਤੇ ਜਾਤ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ | ਹਲਕਾ ਸਨੌਰ ਦੇ ਅੰਦਰ ਮੁਸਲਿਮ ਭਾਈਚਾਰੇ ਦੀਆਂ ਜ਼ਰੂਰਤਾਂ ਅਤੇ ਧਾਰਮਿਕ ਅਸਥਾਨਾਂ ਦੇ ਰੱਖ-ਰਖਾਅ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਨੂੰ ਬਰਾਬਰ ਦੇ ਅਧਿਕਾਰ ਦੇਣਾ ਸਾਡੀ ਪਹਿਲੀ ਤਰਜੀਹ ਹੈ | ਵੱਖ-ਵੱਖ ਧਾਰਮਿਕ ਅਸਥਾਨਾਂ 'ਤੇ ਪਹੁੰਚਣ 'ਤੇ ਮੁਸਲਿਮ ਸਮਾਜ ਦੇ ਪ੍ਰਮੁੱਖ ਆਗੂਆਂ, ਪ੍ਰਬੰਧਕੀ ਕਮੇਟੀਆਂ ਅਤੇ ਮੋਹਤਬਰਾਂ ਵਲੋਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਹਡਾਣਾ ਹਮੇਸ਼ਾ ਹਰ ਦੁੱਖ-ਸੁੱਖ ਅਤੇ ਤਿਉਹਾਰ ਵਿਚ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ | ਇਸ ਮੌਕੇ ਡਾ ਗੁਰਮੀਤ ਸਿੰਘ ਬਿੱਟੂ, ਚਰਨਜੀਤ ਸਿੰਘ ਨੈਣਾ, ਮਨਿੰਦਰ ਫਰਾਂਸਵਾਲਾ ਜਿਲ੍ਹਾ ਪ੍ਰਧਾਨ ਬੀ ਸੀ ਵਿੰਗ, ਰਾਮ ਇੰਦਰ ਸਿੰਘ ਜਮਨਾ, ਰਾਜਾ ਧੰਜੂ ਸਰਪੰਚ ਸਰੁਸਤੀਗੜ੍ਹ, ਭੁਪਿੰਦਰ ਸਿੰਘ ਆਪ ਆਗੂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸਥਾਨਕ ਅਹੁਦੇਦਾਰ, ਪੰਚ-ਸਰਪੰਚ, ਪਾਰਟੀ ਵਲੰਟੀਅਰ ਅਤੇ ਮੁਸਲਿਮ ਭਾਈਚਾਰੇ ਦੇ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ |