ਸਾਂਝਾ ਸੰਘਰਸ਼ ਮੋਰਚੇ ਦੇ ਸੱਦੇ 'ਤੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਮੁਕੰਮਲ ਹੜਤਾਲ
ਅਜੀਤ ਡੈਸਕ
30-05-2026
• 'ਬਰਾਬਰ ਕੰਮ, ਬਰਾਬਰ ਤਨਖ਼ਾਹ' ਲਈ ਸੰਘਰਸ਼ ਜਾਰੀ ਰਹੇਗਾ-ਨਵਦੀਪ ਕੌਰ
ਫ਼ਤਹਿਗੜ੍ਹ ਸਾਹਿਬ, 29 ਮਈ (ਬਲਜਿੰਦਰ ਸਿੰਘ)-ਸਾਂਝਾ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਪੂਰਨ ਤੌਰ 'ਤੇ ਆਪਣੇ ਕੰਮਕਾਜ ਠੱਪ ਕਰਕੇ ਮੁਕੰਮਲ ਹੜਤਾਲ ਕੀਤੀ ਗਈ | ਜਿਸ ਕਾਰਨ ਸੇਵਾ ਕੇਂਦਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਅਤੇ ਕਈ ਸਰਕਾਰੀ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ | ਹੜਤਾਲ ਦੌਰਾਨ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ 'ਆਪ' ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਨਵਦੀਪ ਕੌਰ ਨੇ ਕਿਹਾ ਕਿ ਪਿਛਲੇ ਲਗਭਗ ਦਸ ਸਾਲਾਂ ਤੋਂ ਸਰਕਾਰ ਵਲੋਂ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖ਼ਾਹਾਂ ਵਿਚ ਵਾਧਾ ਕਰਨ ਅਤੇ ਹੋਰ ਸਹੂਲਤਾਂ ਦੇਣ ਦੇ ਵਾਅਦੇ ਕੀਤੇ ਜਾਂਦੇ ਰਹੇ ਹਨ, ਪਰ ਅਜੇ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਹਰ ਵਾਰ ਸਰਕਾਰ ਵਲੋਂ ਭਰੋਸੇ ਤਾਂ ਦਿੱਤੇ ਜਾਂਦੇ ਹਨ, ਪਰ ਜ਼ਮੀਨੀ ਪੱਧਰ 'ਤੇ ਕੋਈ ਕਾਰਵਾਈ ਨਹੀਂ ਹੁੰਦੀ | ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਕੰਮ ਕਰਦੇ ਮੁਲਾਜ਼ਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਦੇਣ ਲਈ ਦਿਨ ਰਾਤ ਮਿਹਨਤ ਕਰਦੇ ਹਨ ਅਤੇ ਵੱਡੀ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ | ਇਸ ਦੇ ਬਾਵਜੂਦ ਉਨ੍ਹਾਂ ਨੂੰ ਕੰਮ ਦੇ ਅਨੁਸਾਰ ਨਾ ਤਾਂ ਤਨਖ਼ਾਹ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਹੋਰ ਸਰਕਾਰੀ ਮੁਲਾਜ਼ਮਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ |
ਉਨ੍ਹਾਂ ਕਿਹਾ ਕਿ ਘੱਟ ਤਨਖ਼ਾਹ ਅਤੇ ਅਸਥਾਈ ਨੌਕਰੀ ਕਾਰਨ ਮੁਲਾਜ਼ਮ ਆਰਥਿਕ ਅਤੇ ਮਾਨਸਿਕ ਦਬਾਅ ਹੇਠ ਕੰਮ ਕਰਨ ਲਈ ਮਜਬੂਰ ਹਨ | ਨਵਦੀਪ ਕੌਰ ਨੇ ਕਿਹਾ ਕਿ ਹੁਣ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਫ਼ੈਸਲਾ ਕਰ ਲਿਆ ਹੈ ਕਿ ਉਹ 'ਬਰਾਬਰ ਕੰਮ, ਬਰਾਬਰ ਤਨਖ਼ਾਹ' ਦੇ ਅਸੂਲ ਤਹਿਤ ਹੀ ਕੰਮ ਕਰਨਗੇ ਅਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਗ਼ੌਰ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵੱਡੇ ਪੱਧਰ 'ਤੇ ਲਿਆਂਦਾ ਜਾਵੇਗਾ | ਉਨ੍ਹਾਂ ਦੋਸ਼ ਲਗਾਇਆ ਕਿ ਧਰਨੇ 'ਤੇ ਬੈਠਣ ਤੋਂ ਬਾਅਦ ਕਈ ਸਰਕਾਰੀ ਅਧਿਕਾਰੀਆਂ ਵਲੋਂ ਮੁਲਾਜ਼ਮਾਂ ਨੂੰ ਧਮਕਾਉਣ ਅਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਯੂਨੀਅਨ ਕਿਸੇ ਵੀ ਧਮਕੀ ਜਾਂ ਦਬਾਅ ਤੋਂ ਡਰਨ ਵਾਲੀ ਨਹੀਂ | ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਲਈ ਇਕਜੁੱਟ ਹਨ ਅਤੇ ਜਦ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਤਦ ਤੱਕ ਹੜਤਾਲ ਅਤੇ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਵੱਡੀ ਗਿਣਤੀ ਵਿਚ ਸੇਵਾ ਕੇਂਦਰ ਮੁਲਾਜ਼ਮ ਹਾਜ਼ਰ ਸਨ | ਜਿਨ੍ਹਾਂ ਨੇ ਸਰਕਾਰ ਤੋਂ ਤੁਰੰਤ ਮੰਗਾਂ ਮੰਨਣ ਦੀ ਅਪੀਲ ਕੀਤੀ | ਇਸ ਮੌਕੇ 'ਤੇ ਪ੍ਰਦਰਸ਼ਨਕਾਰੀਆਂ ਵਿਚ ਅਰਸ਼ਦ ਅਲੀ, ਹਰਨੀਤ ਸਿੰਘ, ਰਮਨ, ਮਨਜੋਤ ਸਿੰਘ, ਪਰਦੀਪ ਸਿੰਘ, ਸੂਰਜ, ਗੁਰਵਿੰਦਰ ਸਿੰਘ, ਜਸਪ੍ਰੀਤ ਸਿੰਘ, ਜਗਤਾਰ ਸਿੰਘ, ਮਨੀਸ਼, ਮਨਦੀਪ ਸਿੰਘ, ਮਨਦੀਪ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੇਵਾ ਕੇਂਦਰਾਂ ਦੇ ਮੁਲਾਜ਼ਮ ਸ਼ਾਮਿਲ ਸਨ |