ਫ਼ਤਹਿਗੜ੍ਹ ਸਾਹਿਬ, 31 ਮਈ (ਬਲਜਿੰਦਰ ਸਿੰਘ)-ਪੰਜਾਬ ਦੇ ਲੰਬੇ ਸਮੇਂ ਤੋਂ ਲਟਕ ਰਹੇ ਅਤੇ ਭਖਦੇ ਮੁੱਦਿਆਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਇਕ ਵੱਡੇ ਜਨ ਸੰਘਰਸ਼ ਦੀ ਤਿਆਰੀ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਜਨਰਲ ਸਕੱਤਰ ਰਣਵੀਰ ਸਿੰਘ ਪੂਣੀਆਂ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ ਨੇ ਦੱਸਿਆ ਕਿ ਪੰਜਾਬ ਦੇ ਹੱਕਾਂ ਅਤੇ ਲੋਕਾਂ ਨਾਲ ਜੁੜੇ ਗੰਭੀਰ ਮਸਲਿਆਂ ਨੂੰ ਲੈ ਕੇ ਪਾਰਟੀ ਲੰਬੇ ਸਮੇਂ ਤੋਂ ਆਵਾਜ਼ ਉਠਾਉਂਦੀ ਆ ਰਹੀ ਹੈ, ਪਰ ਸਰਕਾਰਾਂ ਵਲੋਂ ਇਨ੍ਹਾਂ ਮੰਗਾਂ ਨੂੰ ਅਣਡਿੱਠ ਕੀਤਾ ਜਾ ਰਿਹਾ ਹੈ | ਇਸ ਲਈ ਹੁਣ ਪਾਰਟੀ ਨੇ ਜਨ ਅੰਦੋਲਨ ਦਾ ਰਾਹ ਅਪਣਾਉਣ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਦੱਸਿਆ ਕਿ 2 ਜੂਨ ਨੂੰ ਸਵੇਰੇ ਕਰੀਬ 10 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਕੋਰ ਕਮੇਟੀ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਦੀ ਅਗਵਾਈ ਵਿਚ ਇਕੱਠੇ ਹੋ ਕੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਿਆ ਜਾਵੇਗਾ | ਇਸ ਮੰਗ ਪੱਤਰ ਵਿਚ ਪੰਜਾਬ ਦੇ ਅਹਿਮ ਅਤੇ ਲੰਬੇ ਸਮੇਂ ਤੋਂ ਲਟਕਦੇ ਮੁੱਦਿਆਂ ਦੇ ਹੱਲ ਦੀ ਮੰਗ ਕੀਤੀ ਜਾਵੇਗੀ | ਉਕਤ ਆਗੂਆਂ ਨੇ ਕਿਹਾ ਕਿ ਮੰਗ ਪੱਤਰ ਵਿਚ ਬੰਦੀ ਸਿੰਘਾਂ ਦੀ ਰਿਹਾਈ, ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਪੱਕੇ ਤੌਰ 'ਤੇ ਖੋਲ੍ਹਣ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ, ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਦਾ ਹੱਲ ਕਰਨ, ਬਾਘਾ ਬਾਰਡਰ ਤੇ ਹੁਸੈਨੀਵਾਲਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ, ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੰਜਾਬ ਨੂੰ ਦੇਣ ਅਤੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿਚ ਸ਼ਾਮਿਲ ਕਰਨ ਦੀ ਮੰਗ ਸ਼ਾਮਿਲ ਹੋਵੇਗੀ | ਇਸ ਤੋਂ ਇਲਾਵਾ ਪੰਜਾਬ ਦੇ ਦਰਿਆਈ ਪਾਣੀਆਂ ਦੇ ਹੱਕਾਂ ਦੀ ਰਾਖੀ, ਬਿਜਲੀ ਨਾਲ ਸੰਬੰਧਿਤ ਮਸਲਿਆਂ ਦੇ ਸਥਾਈ ਹੱਲ ਅਤੇ ਸੂਬੇ ਦੇ ਆਰਥਿਕ ਹਿਤਾਂ ਦੀ ਸੁਰੱਖਿਆ ਲਈ ਵੀ ਰਾਜਪਾਲ ਅਤੇ ਕੇਂਦਰ ਸਰਕਾਰ ਦਾ ਧਿਆਨ ਖਿੱਚਿਆ ਜਾਵੇਗਾ | ਆਗੂਆਂ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੇ ਮੁੱਦਿਆਂ 'ਤੇ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਸਰਕਾਰਾਂ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |