ਫ਼ਤਹਿਗੜ੍ਹ ਸਾਹਿਬ, 1 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਮੀਤ ਪ੍ਰਧਾਨ ਮਾਸਟਰ ਚਰਨਜੀਤ ਸਿੰਘ ਖਾਲਸਪੁਰ ਨੇ ਪ੍ਰੈੱਸ ਦੇ ਨਾਂਅ ਜਾਰੀ ਬਿਆਨ ਵਿਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ ਨੂੰ ਹੋਏ ਆਦੇਸ਼ਾਂ ਨਾਲ ਪੁਨਰ-ਸੁਰਜੀਤ ਹੋਇਆ ਅਕਾਲੀ ਦਲ ਪੰਥ ਅਤੇ ਪੰਜਾਬ ਦੇ ਭਲੇ ਲਈ ਸੰਘਰਸ਼ ਦਾ ਆਗਾਜ਼ ਕਰਨ ਜਾ ਰਿਹਾ ਹੈ। ਜਿਸ ਦੀ ਸ਼ੁਰੂਆਤ ਵਜੋਂ 2 ਜੂਨ ਨੂੰ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ ਤੇ ਪੰਜਾਬ ਰਾਜਪਾਲ ਦੇ ਨਾਂਅ ਇਕ ਮੈਮੋਰੰਡਮ ਦਿੱਤਾ ਜਾ ਰਿਹਾ ਹੈ। ਇਸ ਮੰਗ ਪੱਤਰ ਵਿਚ ਪੰਥ ਅਤੇ ਪੰਜਾਬ ਨਾਲ ਸਬੰਧਿਤ ਦਸ ਮੁੱਦਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜੋ ਲੰਮੇ ਸਮੇਂ ਤੋਂ ਸਰਕਾਰਾਂ ਵਲੋਂ ਜਾਣਬੁੱਝ ਕੇ ਲਟਕਾਏ ਜਾ ਰਹੇ ਹਨ। ਇਨ੍ਹਾਂ ਮੁੱਦਿਆਂ ਵਿਚ ਸਿੱਖ ਹਿਤਾਂ ਬਾਰੇ ਜੂਨ 1984 ਦੇ ਘੱਲੂਘਾਰੇ ਦੀ ਜਾਂਚ ਅਤੇ ਹੋਈਆਂ ਵਧੀਕੀਆਂ ਲਈ ਇਨਸਾਫ਼ ਦੀ ਮੰਗ ਕੀਤੀ ਗਈ ਹੈ, 2015 ਵਿਚ ਹੋਈਆਂ ਅਤੇ ਲਗਾਤਾਰ ਹੋ ਰਹੀਆਂ ਬੇਅਦਬੀਆਂ ਦਾ ਇਨਸਾਫ਼, ਬੇਅਦਬੀ ਕਾਨੂੰਨ ਵਿਚ ਸੋਧ ਕਰਕੇ ਸਿੱਖ ਭਾਵਨਾਵਾਂ ਨੂੰ ਸੰਤੁਸ਼ਟ ਕਰਨਾ, ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣਾ, ਪੰਜਾਬੀ ਬੋਲਦੇ ਇਲਾਕੇ ਤੇ ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰਨਾ, ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦੇ ਪੱਕੇ ਹੱਲ ਲਈ ਮੰਗਾਂ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰੋਗਰਾਮ ਅਨੁਸਾਰ 2 ਜੂਨ ਨੂੰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਸਟਿਸ ਨਿਰਮਲ ਸਿੰਘ ਅਤੇ ਗੁਰਜੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਪੰਜਾਬ ਰਾਜਪਾਲ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਰਾਹੀਂ ਮੰਗ ਪੱਤਰ ਭੇਜਿਆ ਜਾਵੇਗਾ।