ਫ਼ਤਹਿਗੜ੍ਹ ਸਾਹਿਬ, 1 ਜੂਨ (ਰਾਜਿੰਦਰ ਸਿੰਘ)- ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਵਿਚ ਕਰਵਾਈ ਜਾ ਰਹੀ (ਐਸ.ਆਈ.ਆਰ) ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਸੰਬੰਧੀ ਜਾਰੀ ਕੀਤੇ ਗਏ ਸੋਧੇ ਹੋਏ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਪ੍ਰੋਗਰਾਮ ਵਿਚ ਕੁਝ ਤਬਦੀਲੀਆਂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੋਧੇ ਸ਼ਡਿਊਲ ਅਨੁਸਾਰ ਪਹਿਲਾਂ 31 ਜੁਲਾਈ ਨੂੰ ਹੋਣ ਵਾਲਾ ਡਰਾਫ਼ਟ ਪ੍ਰਕਾਸ਼ਨ ਹੁਣ 3 ਅਗਸਤ ਨੂੰ ਕੀਤਾ ਜਾਵੇਗਾ। ਇਸੇ ਤਰਾਂ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ, ਜੋ ਪਹਿਲਾਂ 31 ਜੁਲਾਈ ਤੋਂ 30 ਅਗਸਤ ਤੱਕ ਨਿਰਧਾਰਿਤ ਸੀ, ਹੁਣ 3 ਅਗਸਤ ਤੋਂ 2 ਸਤੰਬਰ ਤੱਕ ਰਹੇਗੀ। ਇਸ ਤੋਂ ਇਲਾਵਾ ਦਾਅਵਿਆਂ ਅਤੇ ਇਤਰਾਜ਼ਾਂ ਦੇ ਨੋਟਿਸ ਅਤੇ ਨਿਪਟਾਰੇ ਦੀ ਮਿਆਦ 3 ਅਗਸਤ ਤੋਂ 28 ਸਤੰਬਰ ਤੱਕ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਨਾਲ ਸਬੰਧਿਤ ਬਾਕੀ ਸਾਰੀਆਂ ਗਤੀਵਿਧੀਆਂ ਪਹਿਲਾਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਹੀ ਜਾਰੀ ਰਹਿਣਗੀਆਂ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਬੂਥ ਲੈਵਲ ਅਫ਼ਸਰਾਂ, ਵਿਭਾਗੀ ਅਧਿਕਾਰੀਆਂ, ਸਵੀਪ ਨੋਡਲ ਅਫ਼ਸਰਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੋਧੇ ਹੋਏ ਸ਼ਡਿਊਲ ਤੋਂ ਜਾਣੂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਵਿਚ ਆਪਣੀ ਐਂਟਰੀ, ਸੋਧ ਜਾਂ ਹੋਰ ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਨਿਰਧਾਰਿਤ ਸਮੇਂ ਦੌਰਾਨ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ ਅਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।