ਫ਼ਤਹਿਗੜ੍ਹ ਸਾਹਿਬ, 6 ਜੂਨ (ਬਲਜਿੰਦਰ ਸਿੰਘ)-ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਯਤਨਾਂ ਸਦਕਾ ਮਾਤਾ ਰਾਣੀ ਮੰਦਿਰ ਸਰਹਿੰਦ ਸ਼ਹਿਰ ਵਿਖੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਦੇ ਐੱਮ.ਪੀ. ਲੈਡ ਫ਼ੰਡ 'ਚੋਂ ਪੀਣ ਵਾਲੇ ਠੰਢੇ ਪਾਣੀ ਲਈ ਵਾਟਰ ਕੂਲਰ ਸਥਾਪਿਤ ਕੀਤਾ ਗਿਆ | ਇਸ ਨਾਲ ਮੰਦਿਰ ਵਿਚ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਨੂੰ ਗਰਮੀ ਦੇ ਮੌਸਮ ਦੌਰਾਨ ਵੱਡੀ ਸਹੂਲਤ ਪ੍ਰਾਪਤ ਹੋਵੇਗੀ | ਇਸ ਮੌਕੇ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਧਾਰਮਿਕ ਸਥਾਨਾਂ 'ਤੇ ਆਉਣ ਵਾਲੇ ਸ਼ਰਧਾਲੂਆਂ ਲਈ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਇਸ ਵਾਟਰ ਕੂਲਰ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਪੂਰਾ ਕੀਤਾ ਹੈ | ਨਾਗਰਾ ਨੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਲਈ ਹਮੇਸ਼ਾ ਵਚਨਬੱਧ ਰਹੇ ਹਨ | ਉਨ੍ਹਾਂ ਕਿਹਾ ਕਿ ਡਾ. ਅਮਰ ਸਿੰਘ ਵਲੋਂ ਐੱਮ.ਪੀ. ਲੈਂਡ ਫ਼ੰਡ 'ਚੋਂ ਧਾਰਮਿਕ, ਸਮਾਜਿਕ ਅਤੇ ਜਨਤਕ ਅਦਾਰਿਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਦਾ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ | ਮਾਤਾ ਰਾਣੀ ਮੰਦਿਰ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਨੇ ਡਾ. ਅਮਰ ਸਿੰਘ ਅਤੇ ਕੁਲਜੀਤ ਸਿੰਘ ਨਾਗਰਾ ਦਾ ਧੰਨਵਾਦ ਕੀਤਾ | ਇਸ ਮੌਕੇ ਬਲਾਕ ਪ੍ਰਧਾਨ ਗੁਰਮੁਖ ਸਿੰਘ ਪੰਡਰਾਲੀ, ਗੁਰਪ੍ਰੀਤ ਸਿੰਘ ਗੋਲੂ, ਮੱਖਣ ਸਹੋਤਾ, ਗੁਰਪ੍ਰੀਤ ਸਿੰਘ ਕੈੜੇ, ਹਰਜਿੰਦਰ ਸਿੰਘ, ਅਮਰਜੀਤ ਸਿੰਘ, ਜਸਪਾਲ ਸਿੰਘ, ਸੰਜੇ, ਰਾਕੇਸ਼ ਕੁਮਾਰ, ਅਮਰਸ ਕੁਮਾਰ ਪ੍ਰਧਾਨ, ਰਿੰਕੂ, ਹਰਦੀਪ ਸਿੰਘ ਹੈਪੀ ਵੀ ਹਾਜ਼ਰ ਸਨ |