ਫ਼ਤਹਿਗੜ੍ਹ ਸਾਹਿਬ, 8 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬੀਤੇ ਦਿਨੀਂ ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਅਪ੍ਰੈਂਟਿਸਸ਼ਿਪ ਲਾਈਨਮੈਨਾਂ 'ਤੇ ਪੰਜਾਬ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਨੂੰ ਅਤਿ ਸ਼ਰਮਨਾਕ ਅਤੇ ਨਿੰਦਣਯੋਗ ਕਰਾਰ ਦਿੰਦਿਆਂ ਇਸ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ | ਸ. ਮਾਨ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ, ਜੋ ਆਪਣੇ ਆਪ ਨੂੰ ਇਸ਼ਤਿਹਾਰਾਂ ਰਾਹੀਂ ਲੋਕ ਪੱਖੀ ਹੋਣ ਦੇ ਵੱਡੇ ਦਾਅਵੇ ਕਰਦੀ ਹੈ, ਉਸ ਦੀ ਸੋਚ ਅਤੇ ਅਮਲ ਸਪਸ਼ਟ ਸੰਕੇਤ ਦਿੰਦੇ ਹਨ ਕਿ 'ਆਪ' ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਆਪਣੇ ਹੱਕ ਮੰਗਣ ਵਾਲੇ ਮੁਲਾਜ਼ਮਾਂ, ਮਜ਼ਦੂਰਾਂ ਅਤੇ ਇੱਥੋਂ ਦੇ ਨਿਵਾਸੀਆਂ 'ਤੇ ਹਕੂਮਤੀ ਜਬਰ ਢਾਹ ਕੇ ਉਨ੍ਹਾਂ ਨੂੰ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ | ਜਦੋਂਕਿ ਆਪਣੀਆਂ ਮੰਗਾਂ ਦੇ ਹੱਕ ਵਿਚ ਅਮਨਮਈ ਢੰਗ ਨਾਲ ਰੋਸ ਧਰਨੇ ਦੇਣਾ ਸਭ ਦਾ ਵਿਧਾਨਿਕ ਹੱਕ ਹੈ | ਉਨ੍ਹਾਂ ਕਿਹਾ ਕਿ ਜੋ ਬਿਜਲੀ ਬੋਰਡ ਦੇ ਮੁਲਾਜ਼ਮ ਆਪਣੀਆਂ ਜਾਨਾਂ ਨੂੰ ਜੋਖ਼ਮ ਵਿਚ ਪਾ ਕੇ ਸਮਾਜ ਅਤੇ ਸੂਬੇ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਪੂਰਨ ਕਰਦੇ ਆ ਰਹੇ ਹਨ, ਉਨ੍ਹਾਂ ਦੀਆਂ ਜੋ ਜਾਇਜ਼ ਮੰਗਾਂ ਹਨ, ਉਨ੍ਹਾਂ ਦੀ ਵੀ ਫ਼ੌਰੀ ਪੂਰਤੀ ਕਰਨ ਹਿੱਤ ਸਰਕਾਰ ਨੂੰ ਸੰਜੀਦਗੀ ਨਾਲ ਅਮਲ ਕਰਨਾ ਚਾਹੀਦਾ ਹੈ, ਨਾ ਕਿ ਉਨ੍ਹਾਂ 'ਤੇ ਹਕੂਮਤੀ ਸ਼ਕਤੀ ਦੀ ਵਰਤੋਂ ਕਰਕੇ ਉਨ੍ਹਾਂ 'ਤੇ ਤਸ਼ੱਦਦ ਢਾਹਿਆ ਜਾਵੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅ) ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਨ ਹਮਾਇਤ ਕਰਦਾ ਹੈ, ਉੱਥੇ ਹੀ ਉਨ੍ਹਾਂ ਦੇ ਸੰਘਰਸ਼ ਵਿਚ ਹਰ ਤਰ੍ਹਾਂ ਦਾ ਸਮਾਜਿਕ, ਇਖ਼ਲਾਕੀ ਯੋਗਦਾਨ ਪਾਉਣ ਦਾ ਵੀ ਬਚਨ ਕਰਦਾ ਹੈ |