ਫ਼ਤਹਿਗੜ੍ਹ ਸਾਹਿਬ, 11 ਜੂਨ (ਬਲਜਿੰਦਰ ਸਿੰਘ)-ਐਨ.ਐਸ.ਯੂ.ਆਈ ਦੇ ਸੂਬਾ ਪ੍ਰਧਾਨ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਈਸ਼ਰਪ੍ਰੀਤ ਸਿੱਧੂ ਨੇ ਅੱਜ ਪਿੰਡ ਨੰਡਿਆਲੀ ਵਿਖੇ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕੀਤਾ | ਜਿਸ ਦੌਰਾਨ ਪਿੰਡ ਵਾਸੀਆਂ ਅਤੇ ਪਤਵੰਤੇ ਸੱਜਣਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦੇ ਹੋਏ ਨੌਜਵਾਨ ਆਗੂ ਈਸ਼ਰਪ੍ਰੀਤ ਸਿੱਧੂ ਨੂੰ ਸਨਮਾਨਿਤ ਕਰਕੇ ਆਪਣਾ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਨੌਜਵਾਨ ਆਗੂ ਈਸ਼ਰਪ੍ਰੀਤ ਸਿੱਧੂ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਦ ਤੋਂ ਬਹੱਤਰ ਹੋ ਚੁੱਕੇ ਹਨ ਅਤੇ ਆਮ ਲੋਕ ਆਪਣੇ ਘਰਾਂ ਵਿਚ ਵੀ ਸੁਰੱਖਿਅਤ ਨਹੀਂ ਹਨ | ਇੱਥੇ ਹੀ ਬੱਸ ਨਹੀਂ ਹਲਕੇ ਦੀਆਂ ਸੜਕਾਂ ਟੁੱਟੀਆਂ ਪਈਆਂ ਹਨ ਅਤੇ ਥਾਂ-ਥਾਂ 'ਤੇ ਡੂੰਘੇ ਖੱਡੇ ਪਏ ਹੋਏ ਹਨ, ਜਿਸ ਕਾਰਨ ਰੋਜ਼ਾਨਾ ਭਿਆਨਕ ਹਾਦਸੇ ਵਾਪਰ ਰਹੇ ਹਨ, ਪਰ ਸੱਤਾ ਦੇ ਨਸ਼ੇ ਵਿਚ ਕੁੰਭਕਰਨੀ ਨੀਂਦ ਸੁੱਤੀ ਪੰਜਾਬ ਸਰਕਾਰ ਦਾ ਸੂਬੇ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਲੀਡਰਾਂ ਨੇ ਹਮੇਸ਼ਾ ਆਪਣੇ ਅਤੇ ਆਪਣੇ ਪਰਿਵਾਰਾਂ ਦੇ ਹਿਤਾਂ ਬਾਰੇ ਹੀ ਸੋਚਿਆ, ਜਦੋਂ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਵੱਲ ਕਿਸੇ ਨੇ ਕੋਈ ਧਿਆਨ ਨਹੀਂ ਦਿੱਤਾ | ਸਿੱਧੂ ਨੇ ਕਿਹਾ ਕਿ ਸੂਬੇ ਦਾ ਸਰਕਾਰੀ ਸਿਸਟਮ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕਾ ਹੈ | ਆਮ ਲੋਕਾਂ ਦੀ ਕਿਤੇ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਉਹ ਸਰਕਾਰੀ ਦਫ਼ਤਰਾਂ ਵਿਚ ਧੱਕੇ ਖਾਣ ਲਈ ਮਜਬੂਰ ਹਨ | ਈਸ਼ਰਪ੍ਰੀਤ ਸਿੱਧੂ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਹਲਕੇ ਦੇ ਵਿਧਾਇਕ ਵਜੋਂ ਸੇਵਾ ਦਾ ਮੌਕਾ ਦਿੱਤਾ ਜਾਂਦਾ ਹੈ ਤਾਂ ਉਹ ਕਿਸੇ ਵੀ ਨਾਗਰਿਕ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਣਗੇ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਲਕੇ ਦਾ ਸਰਵਪੱਖੀ ਵਿਕਾਸ ਕਰਵਾ ਕੇ ਪੂਰੀ ਤਰ੍ਹਾਂ ਨੁਹਾਰ ਬਦਲੀ ਜਾਵੇਗੀ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ |