ਫ਼ਤਹਿਗੜ੍ਹ ਸਾਹਿਬ, 12 ਜੂਨ (ਬਲਜਿੰਦਰ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਸਬੰਧੀ ਕਰਤਾਰ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਇਕ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਇਸ ਟ੍ਰੇਨਿੰਗ ਪ੍ਰੋਗਰਾਮ ਦੀ ਅਗਵਾਈ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਫ਼ਤਹਿਗੜ੍ਹ ਸਾਹਿਬ ਦੇ ਕੋਆਰਡੀਨੇਟਰ ਮਨੀਸ਼ ਬਾਂਸਲ ਵਲੋਂ ਕੀਤੀ ਗਈ | ਪ੍ਰੋਗਰਾਮ ਵਿਚ ਕਾਂਗਰਸ ਪਾਰਟੀ ਦੇ ਬੀ.ਐਲ.ਏ.-2, ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਟ੍ਰੇਨਿੰਗ ਦੌਰਾਨ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ, ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ, ਯੋਗ ਵੋਟਰਾਂ ਦੇ ਨਾਮ ਸ਼ਾਮਿਲ ਕਰਵਾਉਣ, ਗ਼ਲਤ ਐਂਟਰੀਆਂ ਦੀ ਸੋਧ ਅਤੇ ਬੂਥ ਪੱਧਰ 'ਤੇ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਸਹੀ, ਪਾਰਦਰਸ਼ੀ ਅਤੇ ਅੱਪਡੇਟ ਵੋਟਰ ਸੂਚੀਆਂ ਬਹੁਤ ਜ਼ਰੂਰੀ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਬੀ.ਐਲ.ਏ.-2 ਇਸ ਮੁਹਿੰਮ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹਰ ਘਰ ਤੱਕ ਪਹੁੰਚ ਬਣਾਉਣ ਅਤੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਵੋਟਰ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ ਕਰਵਾਉਣ ਤੋਂ ਵਾਂਝਾ ਨਾ ਰਹਿ ਜਾਵੇ | ਬਾਂਸਲ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਬੂਥ 'ਤੇ ਸਰਗਰਮੀ ਨਾਲ ਕੰਮ ਕਰਨਾ ਅਤੇ ਵੋਟਰ ਸੂਚੀਆਂ ਦੀ ਬਾਰੀਕੀ ਨਾਲ ਜਾਂਚ ਕਰਨੀ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਕਿਹਾ ਕਿ ਸਹੀ ਜਾਣਕਾਰੀ, ਮਜ਼ਬੂਤ ਤਾਲਮੇਲ ਅਤੇ ਸੰਗਠਿਤ ਯਤਨਾਂ ਰਾਹੀਂ ਹੀ ਇਸ ਮੁਹਿੰਮ ਨੂੰ ਸਫਲਤਾ ਨਾਲ ਅੱਗੇ ਵਧਾਇਆ ਜਾ ਸਕਦਾ ਹੈ | ਟ੍ਰੇਨਿੰਗ ਦੌਰਾਨ ਭਾਗੀਦਾਰਾਂ ਨੂੰ ਵੱਖ-ਵੱਖ ਫਾਰਮਾਂ, ਆਨਲਾਈਨ ਪ੍ਰਕਿਰਿਆਵਾਂ ਅਤੇ ਮੈਦਾਨੀ ਪੱਧਰ 'ਤੇ ਆਉਣ ਵਾਲੀਆਂ ਚੁਨੌਤੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ | ਇਸ ਤੋਂ ਇਲਾਵਾ ਇਕ ਇੰਟਰਐਕਟਿਵ ਸੈਸ਼ਨ ਵੀ ਕਰਵਾਇਆ ਗਿਆ, ਜਿਸ ਦੌਰਾਨ ਵਰਕਰਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਵਿਸਥਾਰਪੂਰਵਕ ਜਵਾਬ ਦਿੱਤੇ ਗਏ ਅਤੇ ਉਨ੍ਹਾਂ ਦੀਆਂ ਸ਼ੰਕਾਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ | ਨਾਗਰਾ ਅਤੇ ਬਾਂਸਲ ਨੇ ਸਾਂਝੇ ਤੌਰ 'ਤੇ ਕਿਹਾ ਕਿ ਕਾਂਗਰਸ ਪਾਰਟੀ ਦਾ ਹਰ ਵਰਕਰ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਐਸ.ਆਈ.ਆਰ. ਮੁਹਿੰਮ ਨੂੰ ਸਫਲ ਬਣਾਉਣ ਲਈ ਬੂਥ ਪੱਧਰ 'ਤੇ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਏਗਾ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਵੀ ਇਸ ਮੁਹਿੰਮ ਪ੍ਰਤੀ ਜਾਗਰੂਕ ਕਰਨ ਤਾਂ ਜੋ ਹਰ ਯੋਗ ਨਾਗਰਿਕ ਆਪਣੇ ਵੋਟ ਦੇ ਅਧਿਕਾਰ ਨੂੰ ਸੁਰੱਖਿਅਤ ਰੱਖ ਸਕੇ | ਇਸ ਮੌਕੇ ਹਾਜ਼ਰ ਵਰਕਰਾਂ ਨੇ ਭਰੋਸਾ ਦਿਵਾਇਆ ਕਿ ਉਹ ਆਪਣੇ-ਆਪਣੇ ਬੂਥਾਂ 'ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰਦੇ ਹੋਏ ਐਸ.ਆਈ.ਆਰ. ਮੁਹਿੰਮ ਨੂੰ ਕਾਮਯਾਬ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਇਸ ਮੌਕੇ ਕਾਂਗਰਸ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਪ੍ਰਮੁੱਖ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ |