ਗੰਦਾ ਪਾਣੀ ਪੀਣ ਲਈ ਮਜਬੂਰ ਮੰਡੀ ਗੋਬਿੰਦਗੜ੍ਹ ਵਾਸੀ, ਬਿਮਾਰੀਆਂ ਫੈਲਣ ਦਾ ਖ਼ਤਰਾ ਵਧਿਆ
ਅਜੀਤ ਡੈਸਕ
13-06-2026
ਭਿਆਨਕ ਬਿਮਾਰੀਆਂ ਦਾ ਖ਼ਤਰਾ ਲਗਾਤਾਰ ਵੱਧ ਰਿਹਾ ਹੈ ਸਥਾਨਕ ਨਿਵਾਸੀਆਂ ਦਾ ਕਹਿਣਾ ਸੀ ਕਿ ਦੂਸ਼ਿਤ ਪਾਣੀ ਕਾਰਨ ਡਾਇਰੀਆ, ਟਾਈਫ਼ਾਈਡ, ਪੀਲੀਆ ਅਤੇ ਹੋਰ ਪਾਣੀ ਰਾਹੀਂ ਫੈਲਣ ਵਾਲੀਆਂ ਭਿਆਨਕ ਬਿਮਾਰੀਆਂ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ | ਹੈਰਾਨੀ ਦੀ ਗੱਲ ਇਹ ਹੈ ਕਿ ਇਸ ਗੰਭੀਰ ਮੁੱਦੇ ਪ੍ਰਤੀ ਨਾ ਤਾਂ ਨਗਰ ਕੌਂਸਲ ਵਲੋਂ ਕੋਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਾ ਹੀ ਸਿਹਤ ਵਿਭਾਗ ਵਲੋਂ ਲੋਕਾਂ ਦੀ ਸਿਹਤ ਸੁਰੱਖਿਆ ਲਈ ਕੋਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ |
ਤੁਰੰਤ ਪਾਣੀ ਦੇ ਸੈਂਪਲਾਂ ਦੀ ਜਾਂਚ ਕਰਵਾਈ ਜਾਵੇ
ਸ਼ਹਿਰ ਵਾਸੀਆਂ ਨੇ ਪੰਜਾਬ ਸਰਕਾਰ, ਨਗਰ ਕੌਂਸਲ, ਸਿਹਤ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਵਿਭਾਗ ਤੋਂ ਮੰਗ ਕੀਤੀ ਹੈ ਕਿ ਤੁਰੰਤ ਪਾਣੀ ਦੇ ਸੈਂਪਲਾਂ ਦੀ ਜਾਂਚ ਕਰਵਾਈ ਜਾਵੇ, ਖ਼ਰਾਬ ਪਾਈਪ ਲਾਈਨਾਂ ਨੂੰ ਬਦਲਿਆ ਜਾਵੇ ਅਤੇ ਲੋਕਾਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਕਿਸੇ ਵੱਡੇ ਸਿਹਤ ਸੰਕਟ ਤੋਂ ਬਚਿਆ ਜਾ ਸਕੇ |
ਪੀਣ ਵਾਲੇ ਪਾਣੀ ਦੀ ਸਮੱਸਿਆ ਸਭ ਤੋਂ ਵੱਡਾ ਮੁੱਦਾ-ਗੈਰੀ ਬੜਿੰਗ
ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਵੀ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਸਭ ਤੋਂ ਵੱਡਾ ਅਤੇ ਅਹਿਮ ਮੁੱਦਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਈ ਇਲਾਕਿਆਂ ਵਿਚ ਦਹਾਕਿਆਂ ਪੁਰਾਣੀਆਂ ਪਾਈਪ ਲਾਈਨਾਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਨਵੀਂ ਨਗਰ ਕੌਂਸਲ ਦੀ ਪਹਿਲੀ ਮੀਟਿੰਗ ਵਿਚ ਹੀ ਪੀਣ ਵਾਲੇ ਪਾਣੀ ਵਰਗੇ ਜਨਹਿੱਤ ਦੇ ਮੁੱਦੇ ਨੂੰ ਪ੍ਰਾਥਮਿਕਤਾ ਦੇ ਆਧਾਰ 'ਤੇ ਉਠਾਇਆ ਜਾਵੇਗਾ ਅਤੇ ਇਸ ਦੇ ਸਥਾਈ ਹੱਲ ਲਈ ਠੋਸ ਫ਼ੈਸਲੇ ਲਏ ਜਾਣਗੇ |
ਸ਼ਹਿਰ ਦੀਆਂ ਕਈ ਉਦਯੋਗਿਕ ਇਕਾਈਆਂ ਵਲੋਂ ਰਸਾਇਣਿਕ ਤੱਤਾਂ ਵਾਲਾ ਗੰਦਾ ਪਾਣੀ ਧਰਤੀ ਹੇਠਾਂ ਛੱਡਿਆ ਜਾ ਰਿਹਾ ਹੈ
ਉੱਥੇ ਹੀ ਸ਼ਹਿਰ ਵਾਸੀਆਂ ਦਾ ਦੋਸ਼ ਹੈ ਕਿ ਕਥਿਤ ਤੌਰ 'ਤੇ ਕਈ ਉਦਯੋਗਿਕ ਇਕਾਈਆਂ ਵਲੋਂ ਰਸਾਇਣਿਕ ਤੱਤਾਂ ਵਾਲਾ ਗੰਦਾ ਪਾਣੀ ਧਰਤੀ ਹੇਠਾਂ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ਭੂ-ਜਲ ਵੀ ਪ੍ਰਭਾਵਿਤ ਹੋ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਪ੍ਰਦੂਸ਼ਣ ਕੰਟਰੋਲ ਵਿਭਾਗ ਨੂੰ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨੀ ਚਾਹੀਦੀ ਹੈ ਤਾਂ ਜੋ ਭਵਿੱਖ ਵਿਚ ਪਾਣੀ ਦਾ ਸੰਕਟ ਹੋਰ ਗੰਭੀਰ ਨਾ ਬਣੇ |