ਫ਼ਤਹਿਗੜ੍ਹ ਸਾਹਿਬ, 20 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਜ਼ਿਲਿ੍ਆਂ ਲਈ ਆਬਜ਼ਰਵਰਾਂ ਦੀਆਂ ਕੀਤੀਆਂ ਨਿਯੁਕਤੀਆਂ ਵਿਚ ਪਾਰਟੀ ਦੇ ਸੂਬਾ ਜਨਰਲ ਸਕੱਤਰ ਰਣਬੀਰ ਸਿੰਘ ਪੂਨੀਆ ਨੂੰ ਜ਼ਿਲ੍ਹਾ ਪਟਿਆਲਾ ਦੇ ਆਬਜ਼ਰਵਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਰਣਬੀਰ ਸਿੰਘ ਪੂਨੀਆ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਪੂਨੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਕੋਰ ਕਮੇਟੀ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ, ਪਰਵਿੰਦਰ ਸਿੰਘ ਢੀਂਡਸਾ, ਰਣਧੀਰ ਸਿੰਘ ਰੱਖੜਾ, ਬਾਬਾ ਹਰਦੀਪ ਸਿੰਘ ਸਮੇਤ ਸਮੁੱਚੀ ਹਾਈਕਮਾਂਡ ਵਲੋਂ ਪਾਰਟੀ ਵਿਚ ਉਨ੍ਹਾਂ ਨੂੰ ਦਿੱਤੇ ਮਾਣ ਸਨਮਾਨ ਲਈ ਉਹ ਸਦਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਤਾਂ ਨੂੰ ਦੇਖਦਿਆਂ ਪਾਰਟੀ ਵਰਕਰਾਂ ਨੂੰ ਧਰਾਤਲ ਪੱਧਰ ’ਤੇ ਹੋਰ ਮਜ਼ਬੂਤ ਅਤੇ ਸਰਗਰਮ ਕਰਨ ਦੀ ਲੋੜ ਹੈ ਅਤੇ ਇਸ ਸਬੰਧ ਵਿਚ ਪਾਰਟੀ ਵਲੋਂ ਲਿਆ ਗਿਆ ਇਹ ਫ਼ੈਸਲਾ ਸੰਗਠਨ ਨੂੰ ਹੋਰ ਮਜ਼ਬੂਤੀ ਦੇਵੇਗਾ। ਓਧਰ ਪਾਰਟੀ ਵਰਕਰਾਂ ਨੇ ਵੀ ਰਣਵੀਰ ਸਿੰਘ ਪੂਨੀਆ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹਾ ਪਟਿਆਲਾ ਵਿਚ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਰਫ਼ਤਾਰ ਮਿਲੇਗੀ।