ਫ਼ਤਹਿਗੜ੍ਹ ਸਾਹਿਬ, 21 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲੇ ਸਦਕਾ ਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੀ ਅਗਵਾਈ ਹੇਠ ਨਿਸ਼ਚੇ ਜੁਡੀਸ਼ੀਅਲ ਸੇਵਾਵਾਂ ਸਿਖਲਾਈ ਕੇਂਦਰ ਬਹਾਦਰਗੜ੍ਹ, ਪਟਿਆਲਾ ਵਲੋਂ ਸਾਬਤ ਸੂਰਤ ਸਿੱਖ ਸਿੱਖਿਆਰਥੀਆਂ ਨੂੰ ਜੁਡੀਸ਼ੀਅਲ ਸੇਵਾਵਾਂ ਲਈ ਮੁਫ਼ਤ ਕੋਚਿੰਗ ਪ੍ਰਦਾਨ ਕਰਨ ਦੇ ਮੰਤਵ ਨਾਲ ਤੀਸਰੇ ਬੈਚ ਦੀ ਦਾਖਲਾ ਪ੍ਰੀਖਿਆ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਸਫਲਤਾਪੂਰਵਕ ਕਰਵਾਈ ਗਈ। ਇਸ ਪ੍ਰੀਖਿਆ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲਗਭਗ 70 ਉਮੀਦਵਾਰਾਂ ਨੇ ਅਰਜ਼ੀਆਂ ਦਿੱਤੀਆਂ ਸਨ। ਇਸ ਦਾਖਲਾ ਪ੍ਰੀਖਿਆ ਦਾ ਨਤੀਜਾ 29 ਜੂਨ ਨੂੰ ਐਲਾਨਿਆ ਜਾਵੇਗਾ। ਜਿਸ ਦੇ ਆਧਾਰ ‘ਤੇ ਚੁਣੇ ਗਏ ਉਮੀਦਵਾਰਾਂ ਨੂੰ ਅਕੈਡਮੀ ਵਿਚ ਦਾਖਲਾ ਦੇ ਕੇ ਯੂ.ਪੀ.ਐਸ.ਸੀ., ਜੁਡੀਸ਼ਰੀ ਅਤੇ ਹੋਰ ਪ੍ਰਤਿਸ਼ਠਿਤ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਉੱਚ ਪੱਧਰੀ ਸਿਖਲਾਈ ਦਿੱਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਉਪਰਾਲਾ ਸਿੱਖ ਨੌਜਵਾਨਾਂ ਨੂੰ ਉੱਚ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਸਫਲਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਮੰਤਵ ਗੁਰਸਿੱਖ ਵਿਦਿਆਰਥੀਆਂ ਨੂੰ ਗੁਣਵੱਤਾ ਪੂਰਨ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਨੂੰ ਦੇਸ਼ ਦੀਆਂ ਉੱਚ ਪ੍ਰਸ਼ਾਸਨਿਕ, ਨਿਆਇਕ ਅਤੇ ਹੋਰ ਮਹੱਤਵਪੂਰਨ ਸੇਵਾਵਾਂ ਵਿਚ ਯੋਗਦਾਨ ਪਾਉਣ ਦੇ ਸਮਰੱਥ ਬਣਾਉਣਾ ਹੈ। ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਸਕੱਤਰ ਇੰਜੀਨੀਅਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਇਸ ਦਾਖਲਾ ਟੈੱਸਟ ਵਿਚ ਸਫਲ ਰਹਿਣ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ, ਜਿਸ ਤੋਂ ਬਾਅਦ ਉਮੀਦਵਾਰਾਂ ਦੀ ਅੰਤਿਮ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੁਣੇ ਗਏ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਦੋ ਸਾਲਾਂ ਲਈ ਉੱਚ ਪੱਧਰੀ ਕੋਚਿੰਗ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਵਿਦਿਆਰਥੀਆਂ ਲਈ ਰਿਹਾਇਸ਼ ਅਤੇ ਭੋਜਨ ਦੀਆਂ ਸਾਰੀਆਂ ਸੁਵਿਧਾਵਾਂ ਵੀ ਮੁਫ਼ਤ ਉਪਲਬਧ ਕਰਵਾਈਆਂ ਜਾਣਗੀਆਂ ਤਾਂ ਜੋ ਪ੍ਰਤਿਭਾਸ਼ਾਲੀ ਅਤੇ ਮਿਹਨਤੀ ਵਿਦਿਆਰਥੀ ਆਰਥਿਕ ਪਾਬੰਦੀਆਂ ਤੋਂ ਪ੍ਰਭਾਵਿਤ ਹੋਏ ਬਿਨਾਂ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ।