ਫ਼ਤਹਿਗੜ੍ਹ ਸਾਹਿਬ, 22 ਜੂਨ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਅੱਜ ਲੁਧਿਆਣਾ ਪਹੁੰਚੇ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਤੇ ਪੰਜਾਬ ਦੇ ਹੋਰ ਸੀਨੀਅਰ ਆਗੂਆਂ ਦਾ ਸਨਮਾਨ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਡਾ. ਲਾਲ ਨੇ ਪੰਜਾਬ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਸਬੰਧੀ ਵੀ ਉਨ੍ਹਾਂ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ। ਡਾ. ਲਾਲ ਨੇ ਕਿਹਾ ਕਿ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਰਕਰ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਦੌਰਾਨ ਪਾਰਟੀ ਨੂੰ ਪਿੰਡਾਂ ਤੇ ਸ਼ਹਿਰਾਂ ਵਿਚ ਲੋਕਾਂ ਪਾਸੋਂ ਮਿਲ ਰਹੇ ਭਰਵੇਂ ਸਮਰਥਨ ਤੋਂ ਸੰਕੇਤ ਮਿਲ ਰਹੇ ਹਨ ਕਿ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਪੰਜਾਬ ’ਚ ਗੈਂਗਸਟਰਵਾਦ, ਫਿਰੌਤੀਆਂ ਮੰਗਣ ਦੀਆਂ ਘਟਨਾਵਾਂ, ਲੁੱਟਾਂ-ਖੋਹਾਂ ਅਤੇ ਕਤਲੋਗਾਰਤ ਦੀਆਂ ਵਾਰਦਾਤਾਂ ਕਾਰਨ ਸਮਾਜ ਦਾ ਹਰ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ, ਜਿਸ ਕਰਕੇ ਸੂਬੇ ਦਾ ਹਰ ਵਰਗ ਛੇਤੀ ਇਸ ਸਰਕਾਰ ਤੋਂ ਛੁਟਕਾਰਾ ਪਾਉਣਾ ਚਾਹੁੰਦਾ ਹੈ। ਇਸ ਮੌਕੇ ਡਾ. ਹਰਬੰਸ ਲਾਲ ਨੇ ਭਾਜਪਾ ਕੌਮੀ ਪ੍ਰਧਾਨ ਨਿਤਿਨ ਨਬੀਨ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਰਾਜ ਸਭਾ ਮੈਂਬਰ ਤਰੁਣ ਚੁੱਘ ਅਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਦਾ ਵਿਸ਼ੇਸ਼ ਸਨਮਾਨ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ।