ਮੰਡੀ ਗੋਬਿੰਦਗੜ੍ਹ, 22 ਜੂਨ (ਰਾਜੇਸ਼ ਸ਼ਰਮਾ)-ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਇਲਾਕੇ ਭਰ ਵਿਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸੰਗਤਾਂ ਅਤੇ ਸਮਾਜਿਕ ਸੰਸਥਾਵਾਂ ਵਲੋਂ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਲਗਾ ਕੇ ਰਾਹਗੀਰਾਂ ਅਤੇ ਸ਼ਰਧਾਲੂਆਂ ਨੂੰ ਮਿੱਠਾ ਜਲ ਛਕਾਇਆ ਗਿਆ। ਇਸ ਤਰ੍ਹਾਂ ਸਥਾਨਕ ਮੋਦੀ ਮਿੱਲ ਰੋਡ ਸਥਿਤ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਪਿਛਲੇ 15 ਦਿਨਾਂ ਤੋਂ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ। ਇਨ੍ਹਾਂ ਧਾਰਮਿਕ ਦੀਵਾਨਾਂ ਦੌਰਾਨ ਰੋਜ਼ਾਨਾਂ ਸ਼ਾਮ 7 ਤੋਂ ਰਾਤ 10 ਵਜੇ ਤੱਕ ਕੀਰਤਨ ਦਰਬਾਰ ਸਜਾਏ ਗਏ, ਜਿਨ੍ਹਾਂ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਇਤਿਹਾਸ ਅਤੇ ਗੁਰਮਤਿ ਨਾਲ ਜੋੜਿਆ। ਇਸ ਤੋਂ ਇਲਾਵਾ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਗੁਰੂ ਕੀ ਨਗਰੀ ਵਿਚ ਵੀ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਹੈੱਡ ਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ, ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਧਾਰਮਿਕ ਪ੍ਰਸ਼ਨੋਤਰੀ ਮੁਕਾਬਲੇ ਵੀ ਕਰਵਾਏ ਗਏ।