ਫ਼ਤਹਿਗੜ੍ਹ ਸਾਹਿਬ, 24 ਜੂਨ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਸਾਨੀਪੁਰ ਦੀ ਪੰਚਾਇਤ ਵਲੋਂ ਨਵੇਕਲੀ ਪਹਿਲ ਕਦਮੀ ਦੀ ਸ਼ੁਰੂਆਤ ਕਰਦਿਆਂ, ਪਿੰਡ ਦੀਆਂ ਨਵ-ਵਿਆਹੀਆਂ ਲੋੜਵੰਦ ਲੜਕੀਆਂ ਨੂੰ 5100 ਰੁਪਏ ਸ਼ਗਨ ਦੇਣ ਦੀ ਸ਼ੁਰੂਆਤ ਕੀਤੀ ਗਈ ਤੇ ਸਰਪੰਚ ਇੰਦਰਦੀਪ ਸਿੰਘ ਰੰਧਾਵਾ ਵਲੋਂ ਨਵ-ਵਿਆਹੀ ਲੜਕੀ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ। ਜਾਣਕਾਰੀ ਦਿੰਦਿਆਂ ਸਰਪੰਚ ਰੰਧਾਵਾ ਨੇ ਦੱਸਿਆ ਕਿ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੀ ਅਗਵਾਈ ਹੇਠ ਇਸ ਪਹਿਲ ਕਦਮੀ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਲੋੜਵੰਦ ਪਰਿਵਾਰਾਂ ਦੀ ਬਣਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ ਤੇ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਸੂਬੇ ਦੇ ਲੋਕ ਪੂਰੀ ਤਰ੍ਹਾਂ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ, ਜਿਸ ’ਚ ਸਿਹਤ ਸਹੂਲਤਾਂ, ਸਿੱਖਿਆ ਸਹੂਲਤ, ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਮੁਫ਼ਤ ਬਿਜਲੀ ਦੀ ਸਹੂਲਤ ਤੋਂ ਇਲਾਵਾ ਔਰਤਾਂ ਨੂੰ ਮਿਲਣ ਵਾਲੀ ਸਨਮਾਨ ਰਾਸ਼ੀ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ, ਕਿਉਂਕਿ ਆਮ ਆਦਮੀ ਪਾਰਟੀ ਆਪਣੀ ਕਹਿਣੀ ਤੇ ਕਰਨੀ ਦੀ ਪੱਕੀ ਹੈ, ਜਿਸ ਨੇ ਆਪਣੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਹੈ। ਰੰਧਾਵਾ ਨੇ ਦੱਸਿਆ ਕਿ ਪੰਚਾਇਤ ਵਲੋਂ ਪਿੰਡ ਦੇ ਸਾਰੇ ਵਿਕਾਸ ਕਾਰਜਾਂ ਨੂੰ ਵੀ ਪੂਰਾ ਕਰਵਾਇਆ ਗਿਆ ਹੈ ਤੇ ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਜੀਤ ਸਿੰਘ, ਬਸੀਰ ਖਾਨ, ਮਨਪ੍ਰੀਤ ਕੌਰ ਤੇ ਬਲਵਿੰਦਰ ਕੌਰ (ਸਾਰੇ ਪੰਚ) ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।