ਫ਼ਤਹਿਗੜ੍ਹ ਸਾਹਿਬ, 25 ਜੂਨ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਦੀ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਲਾਭ ਲੈਣ ਲਈ ਰਜਿਸਟੇ੍ਰਸ਼ਨ ਦੀ ਸ਼ੁਰੂ ਹੋਈ ਮੁਹਿੰਮ ਦੌਰਾਨ ਜਿੱਥੇ ਸਾਈਟ ਨਾ ਚੱਲਣ ਕਾਰਨ ਮਹਿਲਾਵਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਇਸ ਯੋਜਨਾ ਤਹਿਤ ਲਾਭਪਾਤਰੀ ਮਹਿਲਾਵਾਂ ਦੇ ਫਾਰਮ ਭਰਨ ਸਮੇਂ 2 ਆਂਗਣਵਾੜੀ ਵਰਕਰਾਂ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਭਰਤੀ ਕਰਵਾਉਣਾ ਪਿਆ। ਬੇਹੋਸ਼ ਹੋਈਆਂ ਆਂਗਣਵਾੜੀ ਵਰਕਰਾਂ ਦੀ ਪਛਾਣ ਆਰਤੀ ਅਤੇ ਗੁਰਮੀਤ ਕੌਰ ਵਜੋਂ ਹੋਈ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਸਾਰ ਹੀ ਆਂਗਣਵਾੜੀ ਵਰਕਰਾਂ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਸਰਕਾਰ ਵਲੋਂ ਚਲਾਈ ਗਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਫਾਰਮ ਭਰਨ ਵਿਚ ਆਂਗਣਵਾੜੀ ਵਰਕਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਐਪ ਅਤੇ ਸਾਈਟ ਦਾ ਸਰਵਰ ਨਾ ਚੱਲਣ ਕਾਰਨ ਵਰਕਰਾਂ ’ਤੇ ਮਾਨਸਿਕ ਬੋਝ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫਾਰਮ ਭਰਵਾਉਣ ਲਈ ਆਉਣ ਵਾਲੀਆਂ ਮਹਿਲਾਵਾਂ ਨੂੰ ਸਾਈਟ ਨਾ ਚੱਲਣ ਬਾਰੇ ਦੱਸੇ ਜਾਣ ਦੇ ਬਾਵਜੂਦ ਵੀ ਉਹ ਆਂਗਣਵਾੜੀ ਵਰਕਰਾਂ ’ਤੇ ਦਬਾਅ ਬਣਾਉਂਦੀਆਂ ਹਨ। ਜਿਸ ਕਰਕੇ ਆਂਗਣਵਾੜੀ ਵਰਕਰਾਂ ਨੂੰ ਮਾਨਸਿਕ ਤੇ ਸਰੀਰਕ ਤੌਰ ’ਤੇ ਪੀੜਾ ਝੱਲਣੀ ਪੈ ਰਹੀ ਹੈ। ਪੰਜੋਲਾ ਨੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਮਹਿਲਾਵਾਂ ਨੂੰ ਇਸ ਯੋਜਨਾ ਦਾ ਲਾਭ ਦੇਣਾ ਚਾਹੁੰਦੀ ਹੈ ਤਾਂ ਸਾਈਟ ਨੂੰ ਸਹੀ ਤਰੀਕੇ ਨਾਲ ਚਲਾਇਆ ਜਾਵੇ ਕਿਉਂਕਿ ਯੋਜਨਾ ਦੇ ਲਾਭ ਲਈ ਫਾਰਮ ਭਰਵਾਉਣ ਲਈ ਆਉਣ ਵਾਲੀਆਂ ਮਹਿਲਾਵਾਂ ਆਂਗਣਵਾੜੀ ਵਰਕਰਾਂ ਨਾਲ ਕਥਿਤ ਬਦਸਲੂਕੀ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਘਨੌਰ ਅਤੇ ਨਵਾਂ ਸ਼ਹਿਰ ਵਿਚ ਵੀ ਆਂਗਣਵਾੜੀ ਵਰਕਰਾਂ ਨਾਲ ਬਦਸਲੂਕੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਯੋਜਨਾ ਦੀ ਆਨਲਾਈਨ ਸਾਈਟ ਦੇ ਤਕਨੀਕੀ ਨੁਕਸ ਨੂੰ ਜਲਦ ਦਰੁਸਤ ਕੀਤਾ ਜਾਵੇ, ਤਾਂ ਜੋ ਵਰਕਰ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਲਾਭ ਪਾਤਰੀਆਂ ਦੇ ਫਾਰਮ ਭਰਨ ਦੀ ਪ੍ਰਕਿ੍ਰਆ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਵਾ ਸਕਣ।