ਫ਼ਤਹਿਗੜ੍ਹ ਸਾਹਿਬ, 25 ਜੂਨ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਨਵੇਂ ਚੁਣੇ ਕੌਂਸਲਰਾਂ ਦੀ ਪਲੇਠੀ ਮੀਟਿੰਗ ਦੌਰਾਨ ਦੂਸਰੀ ਵਾਰ ਕੌਂਸਲਰ ਬਣੀ ਆਸ਼ਾ ਰਾਣੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ, ਜਦਕਿ ਵਾਰਡ ਨੰ. 6 ਤੋਂ ਕੌਂਸਲਰ ਬਣੇ ਬਲਜਿੰਦਰ ਸਿੰਘ ਗੋਲ਼ਾ ਨੂੰ ਸੀਨੀਅਰ ਮੀਤ ਪ੍ਰਧਾਨ ਤੇ ਵਾਰਡ ਨੰ. 21 ਤੋਂ ਕੌਂਸਲਰ ਜਤਿੰਦਰ ਕੌਰ ਬਾਤਿਸ਼ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਿਸ਼ੇਸ਼ ਤੌਰ ਤੇ ਪਹੁੰਚੇ, ਜਦਕਿ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ, ਐਸ.ਡੀ.ਐਮ ਫ਼ਤਹਿਗੜ੍ਹ ਸਾਹਿਬ ਕਰੁਣ ਗੁਪਤਾ ਤੇ ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੀ ਨਵੀਂ ਚੁਣੀ ਗਈ, ਟੀਮ ਸ਼ਹਿਰ ਦੇ ਵਿਕਾਸ ਵਿਚ ਨਵੀਆਂ ਪੈੜਾਂ ਪਾਏਗੀ ਤੇ ਸ਼ਹਿਰ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਕੌਂਸਲਰ ਆਪਣੀ ਮਿਹਨਤ ਤੇ ਲਗਨ ਸਦਕਾ ਚੁਣ ਕੇ ਨਗਰ ਕੌਂਸਲ ’ਚ ਆਏ ਹਨ, ਜਿਨ੍ਹਾਂ ਦੀ ਮਿਹਨਤ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ’ਚ ਰੰਗ ਲਿਆਏਗੀ। ਉਨ੍ਹਾਂ ਸਾਰੇ ਕੌਂਸਲਰਾਂ ਤੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਨੂੰ ਵਿਕਾਸ ਕਾਰਜ ਕਰਵਾ ਹੋਰ ਮਜ਼ਬੂਤ ਬਣਾਉਣ ਤਾਂ ਜੋ ਆਉਣ ਵਾਲੀਆਂ ਚੋਣਾਂ ’ਚ ਆਮ ਆਦਮੀ ਪਾਰਟੀ ਵੱਡੀ ਜਿੱਤ ਦਰਜ ਕਰਵਾ ਸਕੇ। ਇਸ ਮੌਕੇ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਉਕਤ ਚੁਣੇ ਗਏ ਅਹੁਦੇਦਾਰ ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਦੇ ਰਹੇ ਹਨ, ਉਨ੍ਹਾਂ ਨੂੰ ਆਸ ਹੈ ਕਿ ਨਗਰ ਕੌਂਸਲ ਸਰਹਿੰਦ ਵਿਚ ਵੀ ਉਹ ਆਪਣੀ ਮਿਹਨਤ ਜਾਰੀ ਰੱਖਣਗੇ ਅਤੇ ਪੂਰੀ ਤਨਦੇਹੀ ਤੇ ਇਮਾਨਦਾਰੀ ਦੇ ਨਾਲ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਵਿਰੋਧੀ ਪਾਰਟੀ ਦੇ ਕੌਂਸਲਰਾਂ ਸਦਕਾ, ਬਹੁਤ ਸਾਰੇ ਵਿਕਾਸ ਕਾਰਜ ਰੁਕੇ ਹੋਏ ਸਨ, ਜਿਨ੍ਹਾਂ ਨੂੰ ਹੁਣ ‘ਆਪ’ ਦੁਆਰਾ ਚੁਣੀ ਹੋਈ ਨਵੀਂ ਟੀਮ ਵਲੋਂ ਪਹਿਲ ਦੇ ਆਧਾਰ ਤੇ ਕਰਵਾਇਆ ਜਾਵੇਗਾ ਤੇ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਦਿੱਖ ਨੂੰ ਹੋਰ ਸੁੰਦਰ ਬਣਾਇਆ ਜਾਵੇਗਾ ਤਾਂ ਜੋ ਇਸ ਧਰਤੀ ’ਤੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਨਗਰ ਕੌਂਸਲ ਦੀ ਨਵੀਂ ਚੁਣੀ ਗਈ ਸਾਰੀ ਟੀਮ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਦਵਿੰਦਰ ਕੌਰ, ਗੁਰਵਿੰਦਰ ਕੌਰ, ਬਲਦੇਵ ਜਲਾਲ, ਰਾਮਪਾਲ ਸਿੰਘ, ਸਨੀ ਚੋਪੜਾ, ਅਸੀਸ ਅੱਤਰੀ, ਰਜੇਸ਼ ਉੱਪਲ, ਪਵੇਲ ਹਾਂਡਾ, ਬੰਟੀ ਸੈਣੀ, ਐਡਵੋਕੇਟ ਹਰਕਮਲ ਸਿੰਘ ਅਤੇ ਬਲਵਿੰਦਰ ਕੌਰ ਵੀ ਹਾਜ਼ਰ ਸਨ।