ਫ਼ਤਹਿਗੜ੍ਹ ਸਾਹਿਬ, 26 ਜੂਨ (ਬਲਜਿੰਦਰ ਸਿੰਘ)-ਪਿੰਡ ਛਲੇੜੀ ਕਲਾਂ ਦੀ ਪੰਚਾਇਤੀ ਜ਼ਮੀਨ ਨੂੰ ਲੈ ਕੇ ਚੱਲ ਰਿਹਾ ਵਿਵਾਦ ਦਿਨੋਂ-ਦਿਨ ਹੋਰ ਗੰਭੀਰ ਹੁੰਦਾ ਜਾ ਰਿਹਾ ਹੈ। ਇਸ ਮਾਮਲੇ ਨੇ ਜ਼ਿਲ੍ਹੇ ਦੀ ਸਿਆਸਤ ਵਿਚ ਭੁਚਾਲ ਵਰਗਾ ਮਾਹੌਲ ਪੈਦਾ ਕਰ ਦਿੱਤਾ ਹੈ। ਕਿਉਂਕਿ ਵੱਖ-ਵੱਖ ਸਿਆਸੀ ਪਾਰਟੀਆਂ ਪਿੰਡ ਵਾਸੀਆਂ ਦੀ ਹਮਾਇਤ ’ਤੇ ਉਤਰ ਆਈਆਂ ਹਨ। ਇਸੇ ਸਬੰਧੀ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਅੱਜ ਪਿੰਡ ਵਾਸੀਆਂ ਦੇ ਇਕ ਵਫ਼ਦ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਜ਼ਮੀਨ ਦੀ ਲੀਜ਼ ਪ੍ਰਕਿਰਿਆ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਨਾਗਰਾ ਨੇ ਦਾਅਵਾ ਕੀਤਾ ਕਿ ਪ੍ਰਸ਼ਾਸਨ ਵਲੋਂ ਪਾਰਟੀ ਦੇ ਇਕ ਵੱਡੇ ਆਗੂ ਦੇ ਕਹਿਣ ’ਤੇ ਪੰਚਾਇਤੀ ਜ਼ਮੀਨ ਚੰਡੀਗੜ੍ਹ ਦੇ ਇਕ ਵਿਅਕਤੀ ਨੂੰ ਲੀਜ਼ ’ਤੇ ਦਿੱਤੀ ਗਈ ਹੈ। ਜਿਸ ਵਿਚ ਕਾਨੂੰਨੀ ਪ੍ਰਕਿਰਿਆ ਦੀ ਪਾਲਨਾ ਨਹੀਂ ਕੀਤੀ ਗਈ, ਕਿਉਂਕਿ ਨਾ ਤਾਂ ਪਿੰਡ ਵਾਸੀਆਂ ਦੀ ਮੌਜੂਦਗੀ ਵਿਚ ਬੋਲੀ ਕਰਵਾਈ ਗਈ ਅਤੇ ਨਾ ਹੀ ਉਸ ਦੀ ਵੀਡੀਓਗ੍ਰਾਫੀ ਕੀਤੀ ਗਈ। ਨਾਗਰਾ ਨੇ ਇਹ ਵੀ ਦੋਸ਼ ਲਗਾਇਆ ਕਿ ਲੀਜ਼ ਲੈਣ ਵਾਲਾ ਵਿਅਕਤੀ ਕਥਿਤ ਤੌਰ ’ਤੇ ਦਰਜਨਾਂ ਗੱਡੀਆਂ ਵਿਚ ਸੈਂਕੜੇ ਲੋਕਾਂ ਨੂੰ ਨਾਲ ਲੈ ਕੇ ਪਿੰਡ ਪਹੁੰਚਿਆ ਅਤੇ ਮਾਰੂ ਹਥਿਆਰਾਂ ਦੇ ਜ਼ੋਰ ’ਤੇ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਇਸ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ, ਜਿਸ ਤੋਂ ਬਾਅਦ ਪਿੰਡ ਵਾਸੀਆਂ ਵਲੋਂ ਧਰਨਾ-ਪ੍ਰਦਰਸ਼ਨ ਵੀ ਕੀਤਾ ਗਿਆ, ਜਿਸ ਨੂੰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਦਾ ਸਮਰਥਨ ਮਿਲਿਆ। ਕਬਜ਼ਾ ਕਰਨ ਆਏ ਵਿਅਕਤੀਆਂ ’ਚੋਂ ਤਿੰਨ ਵਿਅਕਤੀਆਂ ਨੂੰ ਪਿੰਡ ਵਾਸੀਆਂ ਨੇ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਸੀ, ਪਰ ਪੁਲਿਸ ਵਲੋਂ ਸਿਆਸੀ ਦਬਾਅ ਹੇਠ ਉਨ੍ਹਾਂ ਵਿਅਕਤੀਆਂ ਨੂੰ ਬਿਨਾਂ ਕਾਰਵਾਈ ਤੋਂ ਹੀ ਛੱਡ ਦਿੱਤਾ ਗਿਆ। ਸ. ਨਾਗਰਾ ਨੇ ਹਲਕਾ ਵਿਧਾਇਕ ’ਤੇ ਵੀ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਉਨ੍ਹਾਂ ਦੀ ਕਥਿਤ ਸਾਜ਼ਿਸ਼ ਤਹਿਤ ਪ੍ਰਸ਼ਾਸਨ ਨੇ ਭੋਲੇ-ਭਾਲੇ ਪਿੰਡ ਵਾਸੀਆਂ ਦੀ ਜ਼ਮੀਨ ’ਤੇ ਕਬਜ਼ਾ ਕਰਵਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਮਾਮਲਾ ਵਿਵਾਦਿਤ ਹੋ ਗਿਆ ਤਾਂ ਵਿਧਾਇਕ ਵਲੋਂ ਪਿੰਡ ਵਾਸੀਆਂ ਨਾਲ ਮਿਲ ਕੇ ਮਸਲਾ ਗੱਲਬਾਤ ਰਾਹੀਂ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ, ਪਰ ਲੋਕ ਇਸ ਨਾਲ ਸੰਤੁਸ਼ਟ ਨਹੀਂ ਹੋਏ। ਸ. ਨਾਗਰਾ ਨੇ ਦੋਸ਼ ਲਗਾਇਆ ਕਿ ਸਰਪੰਚ ਤੋਂ ਇਹ ਪੱਤਰ ਲਿਖਵਾਇਆ ਗਿਆ ਕਿ ਉਹ ਅਨਪੜ੍ਹ ਅਤੇ ਬਿਮਾਰ ਹੋਣ ਕਾਰਨ ਆਪਣੀਆਂ ਜ਼ਿੰਮੇਵਾਰੀਆਂ ਨਹੀਂ ਨਿਭਾ ਸਕਦੀ। ਇਸ ਦੇ ਆਧਾਰ ’ਤੇ ਪ੍ਰਸ਼ਾਸਨ ਨੇ ਪੰਚਾਇਤ ’ਤੇ ਪ੍ਰਬੰਧਕ ਨਿਯੁਕਤ ਕਰ ਦਿੱਤਾ, ਜਦਕਿ ਕਾਨੂੰਨ ਅਨੁਸਾਰ ਪੰਚਾਇਤ ਆਪਣੇ ਕਿਸੇ ਪੰਚ ਨੂੰ ਕਾਰਜਕਾਰੀ ਸਰਪੰਚ ਚੁਣ ਸਕਦੀ ਸੀ। ਉਨ੍ਹਾਂ ਕਿਹਾ ਕਿ ਇਹ ਸਾਰੀ ਕਾਰਵਾਈ ਕਿਸੇ ਹੋਰ ਮਕਸਦ ਨੂੰ ਧਿਆਨ ਵਿਚ ਰੱਖ ਕੇ ਕੀਤੀ ਗਈ। ਨਾਗਰਾ ਨੇ ਚੇਤਾਵਨੀ ਦਿੱਤੀ ਕਿ ਪਿੰਡ ਛਲੇੜੀ ਕਲਾਂ ਦੀ ਸ਼ਾਮਲਾਟ ਜਮੀਨ ਸਬੰਧੀ ਪਿੰਡ ਵਾਸੀਆਂ ਨਾਲ ਕਿਸੇ ਕਿਸਮ ਦੀ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡ ਵਾਸੀਆਂ ਲਖਵਿੰਦਰ ਸਿੰਘ ਛਲੇੜੀ, ਸਾਬਕਾ ਸਰਪੰਚ ਤਰਸੇਮ ਸਿੰਘ ਅਤੇ ਅਮਰ ਸਿੰਘ ਨੇ ਵੀ ਸਰਕਾਰ ’ਤੇ ਤਿੱਖੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਇਕ ਪਾਸੇ ਸਟੇਜਾਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੇ ਪੁਰਖਿਆਂ ਦੀ ਵਿਰਾਸਤ ਸੰਭਾਲਣ ਦੇ ਵੱਡੇ-ਵੱਡੇ ਭਾਸ਼ਣ ਦਿੱਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਲੋਕਾਂ ਦੀਆਂ ਪੁਸ਼ਤੈਨੀ ਪੰਚਾਇਤੀ ਜ਼ਮੀਨਾਂ ਖੋਹਣ ਲਈ ਨਵੇਂ-ਨਵੇਂ ਤਰੀਕੇ ਅਪਣਾਏ ਜਾ ਰਹੇ ਹਨ। ਪਿੰਡ ਵਾਸੀਆਂ ਨੇ ਦਾਅਵਾ ਕੀਤਾ ਕਿ 2012 ਤੋਂ 2022 ਤੱਕ ਜਦੋਂ ਨਾਗਰਾ ਵਿਧਾਇਕ ਸਨ, ਉਸ ਸਮੇਂ ਦੌਰਾਨ ਇਸ ਜ਼ਮੀਨ ਨੂੰ ਲੈ ਕੇ ਕੋਈ ਵਿਵਾਦ ਨਹੀਂ ਹੋਇਆ, ਪਰ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਥਿਤ ਤੌਰ ’ਤੇ ਪਾਰਟੀ ਦੇ ਆਗੂਆਂ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਇਸ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਜ਼ਮੀਨ ਦੇ ਸਾਰੇ ਕਾਗ਼ਜ਼ ਪੱਤਰ, ਜੋ ਉਨ੍ਹਾਂ ਦੇ ਪੁਰਖਾਂ ਵਲੋਂ ਸਰਕਾਰ ਨੂੰ ਇਸ ਜ਼ਮੀਨ ਦੀ ਅਦਾਇਗੀ ਕੀਤੀ ਗਈ ਹੈ, ਉਸ ਬਾਬਤ ਸਾਰੇ ਨਿਯੁਕਤੀ ਸਬੂਤ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਦਿੱਤੇ ਹਨ, ਪਰ ਅਦਾਲਤ ਵਿਚ ਕੇਸ ਚੱਲਣ ਦੇ ਬਾਵਜੂਦ ਵੀ ਫ਼ਤਹਿਗੜ੍ਹ ਸਾਹਿਬ ਪ੍ਰਸ਼ਾਸਨ ਵਲੋਂ ਅਦਾਲਤ ਦੇ ਹੁਕਮਾਂ ਨੂੰ ਛਿੱਕੇ ’ਤੇ ਟੰਗ ਕੇ ਇਸ ਜ਼ਮੀਨ ’ਤੇ ਕਬਜ਼ਾ ਕਰਵਾਉਣ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅਦਾਲਤ ਦੀ ਕਾਰਵਾਈ ’ਤੇ ਪੂਰਾ ਭਰੋਸਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸੁਬੇਗ ਸਿੰਘ, ਲਖਵਿੰਦਰ ਸਿੰਘ ਲੱਖਾ, ਅਮਰ ਸਿੰਘ, ਭਗਵਾਨ ਸਿੰਘ, ਭੰਤ ਸਿੰਘ, ਅਸ਼ੋਕ ਕੁਮਾਰ, ਜੀਤ ਸਿੰਘ, ਕਰਮਜੀਤ ਸਿੰਘ ਫ਼ੌਜੀ, ਜਗਦੀਪ ਸਿੰਘ, ਸੁਰਿੰਦਰ ਸਿੰਘ, ਖਜਾਨ ਸਿੰਘ, ਹਰਵਿੰਦਰ ਸਿੰਘ, ਰਣਜੀਤ ਸਿੰਘ, ਹਰਭਜਨ ਸਿੰਘ, ਸੁਖਵਿੰਦਰ ਸਿੰਘ, ਤਰਸੇਮ ਸਿੰਘ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਬਖਸ਼ੀਸ਼ ਸਿੰਘ, ਗੁਰਮੇਲ ਸਿੰਘ, ਕੁਲਵੰਤ ਸਿੰਘ, ਲਖਵਿੰਦਰ ਸਿੰਘ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।