ਫ਼ਤਹਿਗੜ੍ਹ ਸਾਹਿਬ, 26 ਜੂਨ (ਮਨਪ੍ਰੀਤ ਸਿੰਘ)-ਗਰਾਮ ਪੰਚਾਇਤ ਛਲੇੜੀ ਕਲਾਂ ਦੀ ਪੰਚਾਇਤ ਵਲੋਂ ਵਿਧਾਇਕ ਲਖਵੀਰ ਸਿੰਘ ਰਾਏ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਦੇ ਨਾਲ ਮੁਲਾਕਾਤ ਕਰਕੇ ਸਾਰੇ ਮਾਮਲੇ ਬਾਰੇ ਦੱਸਿਆ ਗਿਆ ਅਤੇ ਉਕਤ ਮਾਮਲੇ ’ਚ ਸਖ਼ਤ ਕਾਰਵਾਈ ਕਰਨ ਲਈ ਮੰਗ ਪੱਤਰ ਸੌਂਪਿਆ ਗਿਆ। ਡਿਪਟੀ ਕਮਿਸ਼ਨਰ ਵਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਵਾ ਕੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਛਲੇੜੀ ਕਲਾਂ ਵਾਸੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਹਲਕਾ ਵਿਧਾਇਕ ਪਹਿਲਾਂ ਵੀ ਉਨ੍ਹਾਂ ਦੇ ਨਾਲ ਸਨ ਅਤੇ ਹੁਣ ਵੀ ਉਨ੍ਹਾਂ ਦੇ ਨਾਲ ਖੜੇ ਰਹਿਣਗੇ। ਬੀਤੀ ਕੱਲ੍ਹ ਨਗਰ ਕੌਂਸਲ ਸਰਹਿੰਦ ਦੀ ਚੋਣ ਹੋਣ ਕਰਕੇ ਉਹ ਸਰਹਿੰਦ ਵਿਚ ਹੀ ਵਿਅਸਤ ਰਹੇ। ਜਿਸ ਕਾਰਨ ਛਲੇੜੀ ਕਲਾਂ ਵਾਸੀਆਂ ਦੇ ਨਾਲ ਸੰਪਰਕ ਨਹੀਂ ਬਣਾ ਸਕੇ। ਉਨ੍ਹਾਂ ਦੱਸਿਆ ਕਿ ਗਰਾਮ ਪੰਚਾਇਤ ਛਲੇੜੀ ਕਲਾਂ ਨੂੰ ਨਾਲ ਲੈ ਕੇ ਉਕਤ ਮਾਮਲਾ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਗਿਆ ਅਤੇ ਉਕਤ ਮਾਮਲੇ ਨੂੰ ਤੂਲ਼ ਦੇਣ ਵਾਲੇ ਅਧਿਕਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਛਲੇੜੀ ਕਲਾਂ ਵਾਸੀਆਂ ਨੂੰ ਪੂਰੀ ਤਰ੍ਹਾਂ ਇਨਸਾਫ਼ ਮਿਲੇਗਾ, ਉਨ੍ਹਾਂ ਦੇ ਨਾਲ ਕਿਸੇ ਵੀ ਤਰ੍ਹਾਂ ਦਾ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਰਾਜਨੀਤਿਕ ਰੋਟੀਆਂ ਸੇਕਣੀਆਂ ਬੰਦ ਕਰਨ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਲੋਕਾਂ ਦੇ ਹੱਕ ਵਿਚ ਕੰਮ ਕਰ ਰਹੇ ਹਨ। ਜਿਸ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਹੁਣ ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਹੀ ਨਹੀਂ ਰਿਹਾ, ਜਿਸ ਕਾਰਨ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਦੀਆਂ ਚਾਲਾਂ ਚੱਲਦੇ ਰਹਿੰਦੇ ਹਨ। ਕੋਈ ਛੋਟੀ ਜਿਹੀ ਗੱਲ ਨੂੰ ਲੈ ਕੇ ਸਾਰੀਆਂ ਪਾਰਟੀਆਂ ਇੱਕਜੁੱਟ ਹੋ ਜਾਂਦੀਆਂ ਹਨ ਅਤੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਮੈਦਾਨ ਵਿਚ ਉੱਤਰ ਆਉਂਦੀਆਂ ਹਨ। ਇਸ ਮੌਕੇ ਪਿੰਡ ਦੇ ਗੁਰਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਤੀ ਕੱਲ੍ਹ ਪਿੰਡ ਦੇ ਕੁਝ ਵਿਅਕਤੀਆਂ ਉੱਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ ਕਰ ਦਿੱਤਾ ਗਿਆ ਸੀ, ਜਿਸ ਕਾਰਨ ਉਕਤ ਮਾਮਲਾ ਗਰਮਾ ਗਿਆ ਸੀ। ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਰਾਏ ਨੇ ਉਕਤ ਮਾਮਲੇ ਵਿਚ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਦੇ ਨਾਲ ਮਿਲਾਇਆ ਹੈ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਮਾਮਲੇ ਨਾਲ ਸੰਬੰਧਿਤ ਵਿਅਕਤੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।