ਖਮਾਣੋਂ, 29 ਜੂਨ (ਜੋਗਿੰਦਰ ਪਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਖੇਤੀਬਾੜੀ ਸੈਕਟਰ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਸਰਕਾਰ ਦਾ ਵਾਅਦਾ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਇਆ ਹੈ। ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੇਣ ਦਾ ਦਾਅਵਾ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਤ ਰਹਿ ਗਿਆ ਹੈ ਜਦਕਿ ਹਕੀਕਤ ਵਿਚ ਕਿਸਾਨਾਂ ਨੂੰ ਬਹੁਤ ਘੱਟ ਅਤੇ ਅਨਿਯਮਿਤ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਦਿਨ ਦੇ ਸਮੇਂ ਜਦੋਂ ਖੇਤਾਂ ਨੂੰ ਪਾਣੀ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ, ਉਸ ਵੇਲੇ ਬਿਜਲੀ ਨਹੀਂ ਦਿੱਤੀ ਜਾ ਰਹੀ। ਰਾਤ ਸਮੇਂ ਵੀ ਸਪਲਾਈ ਪੂਰੀ ਨਹੀਂ ਮਿਲਦੀ ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਮਗੜ੍ਹ ਨੇ ਕਿਹਾ ਕਿ ਬਾਰਸ਼ ਨਾ ਹੋਣ ਕਾਰਨ ਫ਼ਸਲਾਂ ਨੂੰ ਪਾਣੀ ਦੀ ਲੋੜ ਹੁੰਦੀ ਹੈ ਪਰ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵੱਧ ਰਹੀਆਂ ਹਨ ਅਤੇ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ। ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਸਮੇਂ ਕਿਸਾਨਾਂ ਨੂੰ ਨਿਯਮਤ ਤੌਰ ’ਤੇ 8 ਘੰਟੇ ਬਿਜਲੀ ਸਪਲਾਈ ਮਿਲਦੀ ਰਹੀ ਹੈ ਪਰ ਮੌਜੂਦਾ ਸਰਕਾਰ ਆਪਣੇ ਵਾਅਦਿਆਂ ’ਤੇ ਖਰੀ ਨਹੀਂ ਉਤਰ ਰਹੀ। ਉਨ੍ਹਾਂ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਕਿ ਖੇਤੀਬਾੜੀ ਸੈਕਟਰ ਨੂੰ ਤੁਰੰਤ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨ ਆਪਣੀਆਂ ਫ਼ਸਲਾਂ ਦੀ ਸਿੰਚਾਈ ਸਮੇਂ ਸਿਰ ਕਰ ਸਕਣ।