ਅਮਲੋਹ, 29 ਜੂਨ (ਕੇਵਲ ਸਿੰਘ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦਾ ਕਿਸਾਨ ਵਰਗ ਬਹੁਤ ਦੁਖੀ ਤੇ ਪ੍ਰੇਸ਼ਾਨ ਹੈ। ਕਿਉਂਕਿ ਇਸ ਸਮੇਂ ਝੋਨੇ ਦੀ ਲੁਆਈ ਅਤੇ ਬਿਜਾਈ ਦਾ ਸੀਜ਼ਨ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ, ਪਰ ਕਿਸਾਨਾਂ ਨੂੰ ਲੋੜੀਂਦੀ ਅਤੇ ਨਿਰਵਿਘਨ ਬਿਜਲੀ ਸਪਲਾਈ ਨਹੀਂ ਮਿਲ ਰਹੀ। ਇਸ ਕਾਰਨ ਖੇਤੀਬਾੜੀ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ ਅਤੇ ਕਿਸਾਨਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਵਿਚਾਰ ਸੀਨੀਅਰ ਅਕਾਲੀ ਆਗੂ ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਰਾਜਿੰਦਰ ਸਿੰਘ ਰਾਜੀ ਬਿਲਿੰਗ, ਰਣਜੀਤ ਸਿੰਘ ਘੋਲਾ ਰੁੜਕੀ, ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਰਜਨ ਸਿੰਘ ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਸਾਬਕਾ ਕੌਂਸਲਰ ਬਲਤੇਜ ਸਿੰਘ ਅਤੇ ਪੀ.ਏ. ਧਰਮਪਾਲ ਭੜੀ ਨਜ਼ਦੀਕੀ ਪਿੰਡ ਰਾਏਪੁਰ ਚੌਬਦਾਰਾ ਵਿਖੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਰਹਾਇਸ਼ ਉੱਪਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਦੇਣ ਦੇ ਕੀਤੇ ਗਏ ਦਾਅਵੇ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਤ ਰਹਿ ਗਏ ਹਨ। ਬਿਜਲੀ ਦੀ ਅਣਉਪਲੱਬਧਤਾ ਕਾਰਨ ਕਿਸਾਨ ਡੀਜ਼ਲ ਨਾਲ ਜਨਰੇਟਰ ਚਲਾ ਕੇ ਖੇਤਾਂ ਨੂੰ ਪਾਣੀ ਲਗਾਉਣ ਲਈ ਮਜਬੂਰ ਹਨ, ਜਿਸ ਨਾਲ ਉਨ੍ਹਾਂ ਦੀ ਖੇਤੀ ਦੀ ਲਾਗਤ ਵਿਚ ਕਾਫ਼ੀ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਬਿਜਲੀ ਸਪਲਾਈ ਵਿਚ ਸੁਧਾਰ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ ਨਾ ਹੋਵੇ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਕਿਸਾਨ ਜਥੇਬੰਦੀਆਂ ਦਾ ਉਹ ਪੂਰਾ ਸਮਰਥਨ ਕਰਨਗੇ।