09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬੰਦੀ ਸਿੰਘਾਂ ਦੀ ਰਿਹਾਈ ਲਈ 4 ਜੁਲਾਈ ਨੂੰ ਰੋਕੀਆਂ ਜਾਣਗੀਆਂ ਰੇਲਾਂ-ਜਥੇ ਪੰਜੋਲੀ

Ad Position 21
No active advertisement
ਅਜੀਤ ਡੈਸਕ 01-07-2026
ਫ਼ਤਹਿਗੜ੍ਹ ਸਾਹਿਬ, 30 ਜੂਨ (ਬਲਜਿੰਦਰ ਸਿੰਘ)-ਬੰਦੀ ਸਿੰਘਾਂ ਦੀ ਰਿਹਾਈ, ਵਿਦੇਸ਼ਾਂ ਵਿਚ ਰਹਿ ਰਹੇ ਸਿੱਖਾਂ ਦੇ ਨਾਮ ਕਾਲੀ ਸੂਚੀ ਵਿਚੋਂ ਹਟਾਉਣ ਅਤੇ ਸਿੱਖ ਕੈਦੀਆਂ ਨਾਲ ਹੋ ਰਹੇ ਕਥਿਤ ਵਿਤਕਰੇ ਦੇ ਮੁੱਦੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਸਮੂਹ ਕਿਸਾਨ ਮਜ਼ਦੂਰ ਅਤੇ ਪੰਥਕ ਜਥੇਬੰਦੀਆਂ ਨਾਲ ਵਿਸ਼ੇਸ਼ ਤੌਰ ’ਤੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਜਥੇਦਾਰ ਕਰਨੈਲ ਸਿੰਘ ਪੰਜੋਲੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ 4 ਜੁਲਾਈ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਮਾਧੋਪੁਰ (ਸਰਹਿੰਦ) ਵਿਖੇ ਰੇਲ ਰੋਕੋ ਅੰਦੋਲਨ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਮੋਹਾਲੀ-ਚੰਡੀਗੜ੍ਹ ਦੀ ਹੱਦ ’ਤੇ ਸ਼ਾਂਤਮਈ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਕੇਂਦਰ ਸਰਕਾਰ ਨੇ ਅਜੇ ਤੱਕ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਮੰਗਾਂ ਪ੍ਰਤੀ ਕੋਈ ਸਕਾਰਾਤਮਿਕ ਕਦਮ ਨਹੀਂ ਚੁੱਕਿਆ। ਇਸ ਕਾਰਨ ਸੰਘਰਸ਼ ਦੇ ਅਗਲੇ ਪੜਾਅ ਵਜੋਂ ਰੇਲਾਂ ਰੋਕਣ ਦਾ ਫ਼ੈਸਲਾ ਕੀਤਾ ਗਿਆ ਹੈ। ਜਥੇਦਾਰ ਪੰਜੋਲੀ ਨੇ ਦੋਸ਼ ਲਗਾਇਆ ਕਿ ਕੇਂਦਰ ਦੀਆਂ ਸਰਕਾਰਾਂ ਵਲੋਂ ਸਿੱਖ ਪੰਥ ਨਾਲ ਹਰ ਖੇਤਰ ਵਿਚ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਸਿੱਖਾਂ ਨੂੰ ਇਨਸਾਫ਼ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਬੰਦੀ ਸਿੰਘ ਅਦਾਲਤਾਂ ਵਲੋਂ ਸੁਣਾਈਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਫਿਰ ਵੀ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਗੰਭੀਰ ਅਪਰਾਧਾਂ ਵਿਚ ਸਜ਼ਾ ਕੱਟ ਰਹੇ ਕੁਝ ਹੋਰ ਕੈਦੀਆਂ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ, ਪਰ ਬੰਦੀ ਸਿੰਘਾਂ ਨੂੰ ਆਪਣੇ ਪਰਿਵਾਰਾਂ ਨਾਲ ਮਿਲਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਅਤੇ ਮੌਤ ਦੇ ਨੇੜੇ ਪਹੁੰਚੀ ਮਾਤਾ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ, ਜਦਕਿ ਭਾਈ ਬਲਵੰਤ ਸਿੰਘ ਰਾਜੋਆਣਾ ਕਰੀਬ 17 ਸਾਲਾਂ ਤੋਂ ਫਾਂਸੀ ਦੀ ਕੋਠੜੀ ਵਿਚ ਬੰਦ ਹਨ, ਜੋ ਉਨ੍ਹਾਂ ਦੇ ਅਨੁਸਾਰ ਮੌਤ ਦੀ ਸਜ਼ਾ ਨਾਲੋਂ ਵੀ ਵੱਧ ਪੀੜਾਦਾਇਕ ਹੈ। ਉਨ੍ਹਾਂ ਕਿਹਾ ਕਿ ਹੋਰ ਬੰਦੀ ਸਿੰਘਾਂ ਨੂੰ ਵੀ ਨਾ ਤਾਂ ਰਿਹਾਈ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਪੈਰੋਲ ਦੀ ਸਹੂਲਤ ਮਿਲ ਰਹੀ ਹੈ। ਜਥੇਦਾਰ ਪੰਜੋਲੀ ਨੇ ਕਿਹਾ ਕਿ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿਚ ਰਹਿ ਰਹੇ ਹਜ਼ਾਰਾਂ ਸਿੱਖਾਂ ਦੇ ਨਾਮ ਭਾਰਤ ਸਰਕਾਰ ਦੀ ਕਾਲੀ ਸੂਚੀ ਵਿਚ ਦਰਜ ਹਨ। ਉਨ੍ਹਾਂ ਦਾ ਦਾਅਵਾ ਸੀ ਕਿ ਇਨ੍ਹਾਂ ’ਚੋਂ ਬਹੁਤ ਸਾਰੇ ਵਿਅਕਤੀਆਂ ਖ਼ਿਲਾਫ਼ ਭਾਰਤ ਵਿਚ ਕੋਈ ਅਪਰਾਧਿਕ ਮਾਮਲਾ ਵੀ ਦਰਜ ਨਹੀਂ ਹੈ, ਫਿਰ ਵੀ ਉਨ੍ਹਾਂ ਨੂੰ ਆਪਣੀ ਜਨਮ ਭੂਮੀ ਪੰਜਾਬ ਆਉਣ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਕਾਲੀ ਸੂਚੀ ਤੁਰੰਤ ਖ਼ਤਮ ਕੀਤੀ ਜਾਵੇ। ਜਥੇਦਾਰ ਪੰਜੋਲੀ ਨੇ ਦੱਸਿਆ ਕਿ ਇਸ ਮੀਟਿੰਗ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਨੂੰ ਵੀ ਟੈਲੀਫ਼ੋਨ ਰਾਹੀਂ ਮੀਟਿੰਗ ਵਿਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਗਈ ਸੀ, ਪਰ ਉਨ੍ਹਾਂ ਦਾ ਕੋਈ ਨੁਮਾਇੰਦਾ ਹਾਜ਼ਰ ਨਹੀਂ ਹੋਇਆ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ, ਕਿਸਾਨ ਜਥੇਬੰਦੀਆਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਸਮੇਤ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਰੇਲ ਰੋਕੋ ਅੰਦੋਲਨ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਕਾਲੀ ਸੂਚੀ ਖ਼ਤਮ ਕਰਵਾਉਣ ਦੀ ਮੁਹਿੰਮ ਨੂੰ ਮਜ਼ਬੂਤ ਕੀਤਾ ਜਾਵੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਧਰਮ ਸਿੰਘ ਕਲੌੜ, ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ, ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਕੋਟਲਾ, ਮਿਸਲ ਸਤਲੁੱਜ ਦੇ ਅਮਰਿੰਦਰ ਸਿੰਘ ਤੁੜ, ਸੁਰਿੰਦਰ ਸਿੰਘ ਸੁਹਾਗਹੇੜੀ, ਦਰਬਾਰਾ ਸਿੰਘ ਭੱਲ ਮਾਜਰਾ, ਲਵਪ੍ਰੀਤ ਸਿੰਘ ਪੰਜੋਲੀ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਵਿੰਦਰ ਸਿੰਘ ਭੰਗੂ, ਪ੍ਰੋ. ਬਲਵਿੰਦਰ ਸਿੰਘ ਡੂਮਛੇੜੀ, ਰਣਜੀਤ ਸਿੰਘ ਚਰਨਾਥਲ, ਹਰਨੇਕ ਸਿੰਘ ਭੱਲ ਮਾਜਰਾ, ਜੀਤ ਸਿੰਘ ਔਲਖ, ਜਸਵਿੰਦਰ ਸਿੰਘ ਡੂਮਛੇੜੀ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ.ਐਚ.ਓ. ਯੂਨੀਅਨ ਵਲੋਂ ਸੰਗਰੂਰ ਵਿਖੇ ਕੱਲ੍ਹ ਕੀਤਾ ਜਾਵੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ-ਆਗੂ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਸਾਹਿਬ ਖਾਲਸਾ ਪਬਲਿਕ ਸਕੂਲ ਹੰਸਾਲੀ ਖੇੜਾ ਵਿਖੇ ਰਮਨਦੀਪ ਕੌਰ ਨੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ
Ad Position 24