ਅਮਲੋਹ, 30 ਜੂਨ (ਕੇਵਲ ਸਿੰਘ)-ਆੜ੍ਹਤੀਆਂ ਐਸੋਸੀਏਸ਼ਨ ਅਮਲੋਹ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਜਗਵਿੰਦਰ ਸਿੰਘ ਰੈਹਿਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਜਲੀ ਦੀ ਮਾੜੀ ਹਾਲਤ ਤੇ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਲਗਾਤਾਰ ਬਿਜਲੀ ਕੱਟ ਲੱਗ ਰਹੇ ਹਨ, ਜਿਸ ਨਾਲ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਅੱਠ ਘੰਟਿਆਂ ਦੀ ਥਾਂ ਕੇਵਲ ਚਾਰ ਤੋਂ ਪੰਜ ਘੰਟੇ ਹੀ ਬਿਜਲੀ ਮਿਲ ਰਹੀ ਹੈ। ਇਸ ਕਾਰਨ ਝੋਨੇ ਦੀ ਲਵਾਈ ਅਤੇ ਫ਼ਸਲਾਂ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ। ਮਜਬੂਰੀ ਵਿਚ ਕਿਸਾਨਾਂ ਨੂੰ ਜਨਰੇਟਰ ਚਲਾ ਕੇ ਮਹਿੰਗੇ ਭਾਅ ਦਾ ਡੀਜ਼ਲ ਖ਼ਰਚਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਦਾਣਾ ਮੰਡੀਆਂ ਵਿਚ ਵੀ ਬਿਜਲੀ ਕੱਟਾਂ ਕਾਰਨ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ, ਜਿਸ ਨਾਲ ਆੜ੍ਹਤੀਆਂ ਅਤੇ ਕਿਸਾਨ ਦੋਵੇਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਜਗਵਿੰਦਰ ਸਿੰਘ ਰੈਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਡੇ-ਵੱਡੇ ਦਾਅਵੇ ਕਰਦੇ ਹਨ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਦੀਆਂ ਅਸਲ ਸਮੱਸਿਆਵਾਂ ਤੋਂ ਦੂਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀ ਕਾਰਗੁਜ਼ਾਰੀ ਦਾ ਜਵਾਬ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਜ਼ਰੂਰ ਦੇਣਗੇ।