ਫ਼ਤਹਿਗੜ੍ਹ ਸਾਹਿਬ, 1 ਜੁਲਾਈ (ਮਨਪ੍ਰੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ) ਜਥੇਬੰਦੀ ਦੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਇਕਾਈ ਵਲੋਂ ਪਾਰਟੀ ਦੇ ਪ੍ਰਚਾਰ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਪ੍ਰਚਾਰ ਵੈਨ ਤਿਆਰ ਕਰਕੇ ਰਵਾਨਾ ਕੀਤੀ ਗਈ, ਜਿਸਨੂੰ ਕਿ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਸੀਨੀਅਰ ਆਗੂ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਪ੍ਰਚਾਰ ਵੈਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਲੀਡਰਾਂ ਅਤੇ ਵਲੰਟੀਅਰਾਂ ਵਲੋਂ ਇਸ ਵੈਨ ਰਾਹੀਂ ਪਿੰਡ-ਪਿੰਡ ਭਾਈ ਅੰਮ੍ਰਿਤਪਾਲ ਸਿੰਘ ਦੀ ਡਾਕੂਮੈਂਟਰੀ ਫ਼ਿਲਮ ਦਿਖਾਈ ਜਾਵੇਗੀ, ਤਾਂ ਜੋ ਲੋਕ ਉਨ੍ਹਾਂ ਦੇ ਵਿਚਾਰਾਂ ਅਤੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ। ਐਡਵੋਕੇਟ ਢਿੱਲੋਂ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਜਥੇਬੰਦੀ ਦੇ ਏਜੰਡੇ, ਉਦੇਸ਼ਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਵਿਸਥਾਰ ਨਾਲ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮਕਸਦ ਵੱਧ ਤੋਂ ਵੱਧ ਲੋਕਾਂ ਤੱਕ ਆਪਣੇ ਉਦੇਸ਼ ਨੂੰ ਪਹੁੰਚਾਉਣਾ ਅਤੇ ਨੌਜਵਾਨਾਂ ਸਮੇਤ ਹਰ ਵਰਗ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਨਾ ਹੈ। ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਪ੍ਰਚਾਰ ਮੁਹਿੰਮ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪਾਰਟੀ ਦੇ ਵਲੰਟੀਅਰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਅਤੇ ਸ਼ਾਂਤੀਪੂਰਨ ਢੰਗ ਨਾਲ ਆਪਣੇ ਵਿਚਾਰ ਲੋਕਾਂ ਤੱਕ ਪਹੁੰਚਾਉਣ। ਇਸ ਮੌਕੇ ਸੀਨੀਅਰ ਆਗੂ ਗਗਨਦੀਪ ਸਿੰਘ ਗੁਰਾਇਆ, ਸਰਗਰਮ ਆਗੂ ਤੇ ਸਰਪੰਚ ਗੁਰਸ਼ਰਨ ਸਿੰਘ ਬਾਜਵਾ, ਨਵਦੀਪ ਸਿੰਘ ਤਾਨ, ਲਖਵੀਰ ਸਿੰਘ ਡੇਰਾ, ਨਿਰਮਲ ਸਿੰਘ, ਅਮਨਦੀਪ ਸਿੰਘ ਮੰਡੋਫਲ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ, ਵਲੰਟੀਅਰ ਅਤੇ ਸਮਰਥਕ ਹਾਜ਼ਰ ਸਨ।