ਫ਼ਤਹਿਗੜ੍ਹ ਸਾਹਿਬ, 2 ਜੁਲਾਈ (ਬਲਜਿੰਦਰ ਸਿੰਘ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਤਹਿਗੜ੍ਹ ਸਾਹਿਬ ਜ਼ੋਨ ਵਲੋਂ ਪਿੰਡ ਸੁਹਾਗਹੇੜੀ ਵਿਖੇ 7 ਰੋਜ਼ਾ ਗਿਆਨ ਅੰਜਨ ਸਮਰ ਕੈਂਪ ਲਗਾਇਆ ਗਿਆ । ਇਸ ਮੌਕੇ ਬੀਬੀ ਸੁਰਿੰਦਰਜੀਤ ਕੌਰ ਪ੍ਰਧਾਨ ਯੂਨਿਟ ਮੰਡੋਫਲ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਬੱਚਿਆਂ ’ਚ ਨੈਤਿਕ ਕਦਰਾਂ ਕੀਮਤਾਂ ਅਤੇ ਅਮੀਰ ਵਿਰਸੇ ਨਾਲ ਜੋੜਨ ਲਈ ਹਰ ਸਾਲ ਗਰਮੀਆਂ ਦੀਆਂ ਛੁੱਟੀਆਂ ਵਿਚ ਇਹ ਕੈਂਪ ਲਗਾਏ ਜਾਂਦੇ ਹਨ । ਉਨ੍ਹਾਂ ਕਿਹਾ ਕਿ ਕੈਂਪ ਵਿਚ ਬੱਚਿਆਂ ਨੂੰ ਦਸਤਾਰ ਅਤੇ ਦੁਮਾਲੇ ਸਿਖਾਉਣ ਦੀ ਵਿਸ਼ੇਸ਼ ਸਿਖਲਾਈ ਦਿੱਤੀ ਗਈ । ਸਮਾਪਤੀ ਸਮਾਰੋਹ ਦੌਰਾਨ ਮੁੱਖ ਮਹਿਮਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਤਹਿਗੜ੍ਹ ਸਾਹਿਬ ਦੇ ਜ਼ੋਨਲ ਪ੍ਰਧਾਨ ਅਮਰਪ੍ਰੀਤ ਸਿੰਘ ਪੰਜਕੋਹਾ ਨੇ ਦੱਸਿਆ ਕਿ ਇਸ ਕੈਂਪ ’ਚ ਜਿੱਥੇ ਬੱਚਿਆਂ ਨੂੰ ਅਮੀਰ ਵਿਰਸੇ ਅਤੇ ਗੁਰ ਇਤਿਹਾਸ ਨਾਲ ਜੋੜਿਆ ਜਾਂਦਾ ਹੈ, ਉੱਥੇ ਨੈਤਿਕ ਕਦਰਾਂ ਕੀਮਤਾਂ, ਫ਼ੋਨ ਦੇ ਬੁਰੇ ਪ੍ਰਭਾਵਾਂ, ਨਸ਼ਿਆਂ ਤੋਂ ਰਹਿਤ ਹੋ ਕੇ ਸੁਚੱਜਾ ਜੀਵਨ ਜਿਊਣ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ । ਪੰਜਕੋਹਾ ਨੇ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ, ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਅਤੇ ਚੰਗੇ ਨਾਗਰਿਕ ਤੇ ਸਚਿਆਰੇ ਮਨੁੱਖ ਬਣਾਉਣ ਲਈ ਵੱਖ-ਵੱਖ ਪਿੰਡਾਂ ’ਚ ਅਜਿਹੇ ਕੈਂਪਾਂ ਦੀਆਂ ਲੜੀਆਂ ਸ਼ੁਰੂ ਕੀਤੀਆਂ ਗਈਆਂ ਹਨ । ਪੰਜਕੋਹਾ ਨੇ ਗੁਰਦੁਆਰਾ ਕਮੇਟੀ ਅਤੇ ਪੰਚਾਇਤ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ । ਬੀਬੀ ਸੁਰਿੰਦਰ ਕੌਰ ਮੰਡੋਫਲ ਨੇ ਮਾਪਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਮਾਪੇ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ ਆਪਣੀ ਜ਼ਿੰਮੇਵਾਰੀ ਸਮਝਦਿਆਂ ਆਪਣੇ ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਲਈ ਇਸ ਕੈਂਪ ਵਿਚ ਭੇਜਿਆ। ਮਾਪਿਆਂ ਵਲੋਂ ਕੈਂਪ ਦੀ ਭਰਪੂਰ ਸ਼ਲਾਘਾ ਕੀਤੀ ਗਈ। ਕੈਂਪ ਦੌਰਾਨ ਬੱਚਿਆਂ ਲਈ ਰੋਜ਼ਾਨਾ ਰਿਫਰੈਸ਼ਮੈਂਟ ਦਾ ਵਿਸ਼ੇਸ਼ ਪ੍ਰਬੰਧ ਸੀ। ਕੈਂਪ ਕਨਵੀਨਰ ਗੁਰਵਿੰਦਰ ਕੌਰ ਅਤੇ ਪ੍ਰਿੰਸੀਪਲ ਅਕਵਿੰਦਰ ਕੌਰ ਨੇ ਕੈਂਪ ਨੂੰ ਚਲਾਉਣ ਵਿਚ ਅਹਿਮ ਭੂਮਿਕਾ ਨਿਭਾਈ। ਅਖੀਰ ਵਿਚ ਕੈਂਪ ਵਿਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਗੁਰਸੇਵਕ ਸਿੰਘ ਅਤੇ ਅਵਤਾਰ ਸਿੰਘ ਨੇ ਪਤਵੰਤਿਆਂ ਦਾ ਧੰਨਵਾਦ ਕੀਤਾ।