ਫ਼ਤਹਿਗੜ੍ਹ ਸਾਹਿਬ, 3 ਜੁਲਾਈ (ਮਨਪ੍ਰੀਤ ਸਿੰਘ)-ਨਗਰ ਕੌਂਸਲ ਸਰਹਿੰਦ ਦੇ ਅਧੀਨ ਆਉਂਦੇ ਵਾਰਡ ਨੰ. 5 ਦੇ ਵਸਨੀਕ ਤੇ ਸਮਾਜ ਸੇਵਕ ਡਾ. ਯੁਕੇਸ਼ ਮਠਾੜੂ ਆਮ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ‘ਆਪ’ ਦੇ ਹਲਕਾ ਪ੍ਰਧਾਨ (ਯੂਥ) ਦਿਲਪ੍ਰੀਤ ਸਿੰਘ ਭੱਟੀ ਵਲੋਂ ਉਨ੍ਹਾਂ ਨੂੰ ਸਿਰੋਪਾਉ ਦੇ ਨਾਲ ਸਨਮਾਨਿਤ ਕਰਕੇ ਪਾਰਟੀ ਵਿਚ ਸੁਆਗਤ ਕੀਤਾ ਗਿਆ। ਇਸ ਮੌਕੇ ਦਿਲਪ੍ਰੀਤ ਸਿੰਘ ਭੱਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਦੇ ਸਦਕਾ ਸੂਬੇ ਦੀ ਸਿਆਸਤ ਦੀ ਦਿਸ਼ਾ ਅਤੇ ਦਸ਼ਾ ਬਦਲੀ ਹੈ। ਜਿਸ ਕਾਰਨ ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰ ਰਹੇ ਹਨ, ਇਸੇ ਲੜੀ ਦੇ ਤਹਿਤ ਸਮਾਜ ਸੇਵੀ ਡਾ. ਯੁਕੇਸ਼ ਮਠਾੜੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ, ਜੋ ਕਿ ਪਿਛਲਾ ਲੰਮਾ ਸਮਾਂ ਕਾਂਗਰਸ ਪਾਰਟੀ ਦਾ ਹਿੱਸਾ ਰਹੇ ਹਨ। ਅਸੀਂ ਉਨ੍ਹਾਂ ਦਾ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਵਾਗਤ ਕਰਦੇ ਹਾਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਉਨ੍ਹਾਂ ਨੂੰ ਪਾਰਟੀ ਦੇ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਡਾ. ਯੁਕੇਸ਼ ਮਠਾੜੂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆ ਕੇ ਬਦਲਾਅ ਲਿਆਂਦਾ ਹੈ ਤੇ ਮੁੱਖ ਮੰਤਰੀ ਵਲੋਂ ਹਰ ਵਰਗ ਦਾ ਖ਼ਿਆਲ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੀ ਦੇਖਣਾ ਚਾਹੁੰਦੇ ਹਨ। ਇਸ ਮੌਕੇ ’ਤੇ ਜੈਦੇਵ ਸ਼ੁਕਲਾ, ਮਨਦੀਪ ਸਿੰਘ, ਸੰਜੀਵ ਕੁਮਾਰ, ਲਾਡੀ ਸਰਪੰਚ, ਗੁਰਪ੍ਰੀਤ ਸਿੰਘ, ਰੀਤਿਕ ਸੋਹਲ, ਗੁਰਦੀਪ ਸਿੰਘ, ਪ੍ਰੀਤ ਆਦਿ ਵੀ ਹਾਜ਼ਰ ਸਨ।