ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾਂ ਫ਼ਰੰਟ ਨੇ ਹਲਕਾ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ
ਅਜੀਤ ਡੈਸਕ
09-07-2026
ਆਗੂਆਂ ਨੇ ਕਿਹਾ ਕਿ ਜਥੇਬੰਦੀ ਵਲੋਂ ਸਰਕਾਰ ਦੇ ਮੰਤਰੀਆਂ ਨਾਲ ਵਾਰ-ਵਾਰ ਮੀਟਿੰਗਾਂ ਤੋਂ ਬਾਅਦ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਵਾਅਦੇ ਪੂਰੇ ਨਹੀਂ ਕੀਤੇ ਗਏ ਤੇ ਮਹਿੰਗਾਈ ਭੱਤੇ ਸਬੰਧੀ ਵੀ ਮੁਲਾਜ਼ਮਾਂ ਨੂੰ ਮਾਣਯੋਗ ਹਾਈ ਕੋਰਟ ਦਾ ਸਹਾਰਾ ਲੈਣਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 18 ਫ਼ੀਸਦੀ ਦੀ ਦਰ ਨਾਲ ਬਕਾਇਆ ਪਈਆਂ 6 ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਸਮੂਹ ਕੱਚੇ ਅਤੇ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਤੁਰੰਤ ਪੂਰੀਆਂ ਤਨਖ਼ਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ, ਆਸ਼ਾ ਵਰਕਰਾਂ, ਮਿਡ ਡੇਅ ਮੀਲ ਵਰਕਰਾਂ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਮੰਨਕੇ ਪੂਰੀਆਂ ਤਨਖ਼ਾਹਾਂ ਦਿੱਤੀਆਂ ਜਾਣ, ਮਾਨਯੋਗ ਅਦਾਲਤਾਂ ਵਲੋਂ ਪਿਛਲੇ ਸਮੇਂ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿਚ ਕੀਤੇ ਗਏ ਸਾਰੇ ਫ਼ੈਸਲੇ ਤੁਰੰਤ ਜਨਰਲਾਈਜ਼ ਕਰਕੇ ਲਾਗੂ ਕੀਤੇ ਜਾਣ, ਮੰਗ ਪੱਤਰ ਵਿਚ ਸ਼ਾਮਲ ਸਮੂਹ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਮੁਲਾਜ਼ਮ ਮਾਰੂ ਤੇ ਪੈਨਸ਼ਨਰਜ਼ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ ਸਮੂਹ ਸਰਕਾਰੀ ਤੇ ਅਰਧ ਸਰਕਾਰੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ 17 ਜੁਲਾਈ ਨੂੰ ਦਾਣਾ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਵਿਸ਼ਾਲ ਰੈਲੀ ਕਰ ਸਰਕਾਰ ਵਿਰੁੱਧ ਰੋਸ ਮਾਰਚ ਕਰਨਗੀਆਂ ਅਤੇ ਜੇਕਰ ਮੰਗ ਪੱਤਰ ਵਿਚ ਦਰਜ਼ ਮੰਗਾਂ ਦਾ ਦੋ ਧਿਰੀ ਗੱਲਬਾਤ ਨਾਲ ਨਿਪਟਾਰਾ ਨਾ ਕੀਤਾ ਗਿਆ ਤਾਂ ਸੂਬੇ ਅੰਦਰ ਹੜਤਾਲ ਕਰ ਹਰ ਸਰਕਾਰੀ ਤੇ ਅਰਧ ਸਰਕਾਰੀ ਕੰਮਕਾਰ ਨੂੰ ਪੂਰੀ ਤਰ੍ਹਾਂ ਠੱਪ ਕੀਤਾ ਜਾਵੇਗਾ, ਜਿਸਦੀ ਸਿੱਧੇ ਤੌਰ ਤੇ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਇਸ ਮੌਕੇ ਮੁਲਾਜ਼ਮ ਪੈਨਸ਼ਨਰਜ਼ ਸਾਂਝਾਂ ਫ਼ਰੰਟ ਦੇ ਆਗੂ ਹਰਜੀਤ ਸਿੰਘ ਤਾਰਖਣ ਮਾਜਰਾ, ਰਣਦੀਪ ਸਿੰਘ, ਹਰਚੰਦ ਸਿੰਘ ਪੰਜੋਲੀ, ਸੁਖਵਿੰਦਰ ਸਿੰਘ ਚਾਹਲ, ਸ਼ਮਸ਼ੇਰ ਸਿੰਘ, ਰਸ਼ਪਾਲ ਸਿੰਘ ਬਿਜਲੀ ਬੋਰਡ, ਜਸਪਾਲ ਸਿੰਘ ਗਡਹੇੜਾ, ਹਰਪ੍ਰੀਤ ਸਿੰਘ ਬਾਲਪੁਰ, ਪ੍ਰੀਤਮ ਸਿੰਘ ਨਾਗਰਾ, ਅੰਗਰੇਜ਼ ਸਿੰਘ, ਚੰਦ ਸਿੰਘ, ਦਰਬਾਰਾ ਸਿੰਘ, ਲਾਲ ਸਿੰਘ, ਕ੍ਰਿਸ਼ਨ ਸਿੰਘ, ਹਰਚੰਦ ਸਿਘ ਸੌਢਾਂ ਹੈਡ, ਮਲਕੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰਜ਼ ਹਾਜ਼ਰ ਸਨ ।