ਫ਼ਤਹਿਗੜ੍ਹ ਸਾਹਿਬ/ਜਖਵਾਲੀ, 8 ਜੁਲਾਈ (ਬਲਜਿੰਦਰ ਸਿੰਘ, ਨਿਰਭੈ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਪਿੰਡ ਹੁਸੈਨਪੁਰਾ ਵਿਚ ਮਹਿਲਾਵਾਂ ਦੇ ਸਤਿਕਾਰ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਬੀਬਾ ਜੈ ਇੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਅਤੇ ਮਹਿਲਾਵਾਂ ਨਾਲ ਜੁੜੇ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਬੀਬਾ ਜੈ ਇੰਦਰ ਕੌਰ ਨੇ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਹੁਣ ਪੂਰੀ ਤਰ੍ਹਾਂ ਜਾਗਰੂਕ ਹੋ ਚੁੱਕੀਆਂ ਹਨ ਅਤੇ ਉਹ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਦੀ ਸਮਰੱਥਾ ਰੱਖਦੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਮਜ਼ਬੂਤੀ, ਸੁਰੱਖਿਆ ਅਤੇ ਸਮਾਜਿਕ ਸਨਮਾਨ ਦੇਣ ਦੀਆਂ ਗੱਲਾਂ ਤਾਂ ਕੀਤੀਆਂ ਗਈਆਂ, ਪਰ ਹਕੀਕਤ ਵਿਚ ਉਨ੍ਹਾਂ ਨੂੰ ਉਮੀਦਾਂ ਅਨੁਸਾਰ ਕੋਈ ਵੱਡੀ ਰਾਹਤ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਨੂੰ ਧਿਆਨ ਨਾਲ ਦੇਖ ਰਹੀਆਂ ਹਨ ਅਤੇ ਹੁਣ ਉਹ ਸਮਾਂ ਦੂਰ ਨਹੀਂ ਜਦੋਂ ਮਹਿਲਾਵਾਂ ਆਪਣੇ ਵੋਟ ਦੀ ਤਾਕਤ ਨਾਲ ਸਰਕਾਰ ਨੂੰ ਇਸ ਦਾ ਜਵਾਬ ਜ਼ਰੂਰ ਦੇਣਗੀਆਂ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿਚ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਹੁਸੈਨਪੁਰਾ ਵਿਚ ਹੋਇਆ ਇਹ ਸਮਾਗਮ ਇਸ ਗੱਲ ਦਾ ਸਬੂਤ ਹੈ ਕਿ ਪਾਰਟੀ ਪ੍ਰਤੀ ਲੋਕਾਂ ਦਾ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਰਾਜਨੀਤੀ ਵਿਚ ਭਾਜਪਾ ਹੋਰ ਮਜ਼ਬੂਤ ਧਿਰ ਵਜੋਂ ਉੱਭਰੇਗੀ। ਇਸ ਮੌਕੇ ਸੀਨੀਅਰ ਭਾਜਪਾ ਆਗੂ ਸਰਬਜੀਤ ਸਿੰਘ ਮੱਖਣ ਨੇ ਕਿਹਾ ਕਿ ਪਿੰਡਾਂ ਵਿਚ ਨੌਜਵਾਨਾਂ ਦੀ ਵਧ ਰਹੀ ਸ਼ਮੂਲੀਅਤ ਇਹ ਦਰਸਾਉਂਦੀ ਹੈ ਕਿ ਨਵੀਂ ਪੀੜ੍ਹੀ ਭਾਜਪਾ ਦੀ ਸੋਚ ਅਤੇ ਨੀਤੀਆਂ ਨਾਲ ਜੁੜ ਰਹੀ ਹੈ। ਸਮਾਗਮ ਦੌਰਾਨ ਆਲੇ-ਦੁਆਲੇ ਦੇ ਪਿੰਡਾਂ ਤੋਂ ਦਰਜਨਾਂ ਨੌਜਵਾਨਾਂ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਭਾਜਪਾ ਆਗੂ ਅਜਾਇਬ ਸਿੰਘ ਜਖਵਾਲੀ, ਸਰਬਜੀਤ ਸਿੰਘ ਮੱਖਣ, ਕੁਲਦੀਪ ਸਿੰਘ ਸਹੋਤਾ, ਜਸਪਾਲ ਸਿੰਘ ਅਨੈਤਪੁਰਾ, ਹਰਚਰਨ ਸਿੰਘ ਬਧੌਛੀ, ਭੁਪਿੰਦਰ ਸਿੰਘ ਜੱਲ੍ਹਾ, ਪਰਮਜੀਤ ਸਿੰਘ ਪੰਮਾ, ਦਵਿੰਦਰ ਭੱਟ, ਗੁਰਮੁਖ ਸਿੰਘ ਸਰਹਿੰਦ, ਕਮਲਜੀਤ ਸਿੰਘ ਸਾਨੀਪੁਰ, ਗੁਰਪ੍ਰੀਤ ਸਿੰਘ ਹੁਸੈਨਪੁਰਾ, ਦਿਲਬਾਗ ਸਿੰਘ, ਬਲਵਿੰਦਰ ਸਿੰਘ, ਵਰਿੰਦਰ ਸਿੰਘ, ਮੋਹਿਤ ਵਰਮਾ, ਸੰਜੀਵ ਕੁਮਾਰ ਬਾਤਿਸ਼, ਜਗਜੀਤ ਸਿੰਘ, ਅਵਤਾਰ ਸਿੰਘ ਮਾਜਰੀ ਸੋਢੀਆਂ, ਅਮਨਦੀਪ ਸਿੰਘ ਭਾਨੀ, ਰਜਿੰਦਰ ਸਿੰਘ ਖਰੇ੍ਹ, ਮਨਿੰਦਰ ਸਿੰਘ ਘੁੰਮਣ, ਪ੍ਰੀਤਮ ਸਿੰਘ, ਰਜਿੰਦਰ ਸਿੰਘ ਸੋਢੀ, ਬਲਵਿੰਦਰ ਕੌਰ ਭੈਰੋਂਪੁਰ, ਵਿਪਨਦੀਪ ਕੌਰ, ਅਵਿਨਾਸ਼ ਕੌਰ, ਪਰਮਜੀਤ ਕੌਰ, ਗੁਰਪ੍ਰੀਤ ਕੌਰ, ਲਖਬੀਰ ਕੌਰ, ਗੁਰਿੰਦਰ ਕੌਰ, ਗਗਨਦੀਪ ਕੌਰ, ਜਸਵਿੰਦਰ ਕੌਰ ਵੀ ਹਾਜ਼ਰ ਸਨ।