ਫ਼ਤਹਿਗੜ੍ਹ ਸਾਹਿਬ, 9 ਜੁਲਾਈ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਭੱਟੀ ਨੇ ਪੰਜਾਬ ਸਰਕਾਰ ਦੀ ਕਾਰਜਸ਼ੈਲੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪੰਜਾਬ ਭਰ ਵਿਚ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਤੇ ‘ਕਨੈਕਟ ਪੰਜਾਬ’ ਪੋਰਟਲ ਦੇ ਵਾਰ-ਵਾਰ ਠੱਪ ਹੋਣ ਕਰਕੇ ਸੇਵਾ ਕੇਂਦਰ ਹੁਣ ਆਮ ਲੋਕਾਂ ਲਈ ਸਜ਼ਾ ਕੇਂਦਰ ਬਣ ਗਏ ਹਨ ਕਿਉਂਕਿ ਸੇਵਾ ਕੇਂਦਰਾਂ ਰਾਹੀਂ ਮਿਲਣ ਵਾਲੀਆਂ ਸੇਵਾਵਾਂ ਦਾ ਲਾਭ ਲੈਣ ਲਈ ਲੋਕਾਂ ਨੂੰ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ। ਗੱਲਬਾਤ ਕਰਦਿਆਂ ਭੱਟੀ ਨੇ ਕਿਹਾ ਕਿ ਡਿਜੀਟਲ ਗਵਰਨੈਂਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪ੍ਰਸ਼ਾਸਨਿਕ ਨਾਕਾਮੀ ਹੁਣ ਲੋਕਾਂ ਸਾਹਮਣੇ ਆ ਚੁੱਕੀ ਹੈ ਕਿਉਂਕਿ ਪੰਜਾਬ ਦੇ ਵੱਖ-ਵੱਖ ਸੇਵਾ ਕੇਂਦਰਾਂ ਵਿਚ ਲੋਕ ਸਵੇਰੇ ਤੋਂ ਹੀ ਲੰਬੀਆਂ ਕਤਾਰਾਂ ਵਿਚ ਖੜ੍ਹੇ ਹੋਣ ਲਈ ਮਜਬੂਰ ਹਨ, ਪਰ ਪੋਰਟਲ ਬੰਦ ਹੋਣ ਕਾਰਨ ਉਨ੍ਹਾਂ ਦੇ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਨਾਲ ਸੰਬੰਧਿਤ ਸੇਵਾਵਾਂ ਤੇ ਹੋਰ ਜ਼ਰੂਰੀ ਸਰਕਾਰੀ ਦਸਤਾਵੇਜ਼ਾਂ ਦਾ ਕੰਮ ਠੱਪ ਪਏ ਹਨ। ਉਨ੍ਹਾਂ ਕਿਹਾ ਕਿ ਤਪਦੀ ਗਰਮੀ ਵਿਚ ਬਜ਼ੁਰਗ, ਮਹਿਲਾਵਾਂ, ਵਿਦਿਆਰਥੀ, ਕਿਸਾਨ, ਮਜ਼ਦੂਰ ਤੇ ਰੋਜ਼ਾਨਾ ਦਿਹਾੜੀ ਕਰਕੇ ਆਪਣਾ ਪਰਿਵਾਰ ਚਲਾਉਣ ਵਾਲੇ ਲੋਕ ਕਈ-ਕਈ ਘੰਟੇ ਸੇਵਾ ਕੇਂਦਰਾਂ ਦੇ ਬਾਹਰ ਖੜ੍ਹੇ ਰਹਿੰਦੇ ਹਨ, ਆਖ਼ਿਰ ਵਿਚ ਉਨ੍ਹਾਂ ਨੂੰ ਇਹ ਕਹਿ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ ਕਿ ਪੋਰਟਲ ਕੰਮ ਨਹੀਂ ਕਰ ਰਿਹਾ। ਭੱਟੀ ਨੇ ਕਿਹਾ ਕਿ ਇਹ ਸਿਰਫ਼ ਲੋਕਾਂ ਦੇ ਸਮੇਂ ਦੀ ਹੀ ਨਹੀਂ, ਸਗੋਂ ਉਨ੍ਹਾਂ ਦੇ ਪੈਸੇ ਦੀ ਵੀ ਬਰਬਾਦੀ ਹੈ। ਕਈ ਲੋਕ ਦੂਰ-ਦੁਰਾਡੇ ਇਲਾਕਿਆਂ ਤੋਂ ਕਿਰਾਇਆ ਖ਼ਰਚ ਕਰਕੇ ਸੇਵਾ ਕੇਂਦਰਾਂ ਤੱਕ ਪਹੁੰਚਦੇ ਹਨ, ਆਪਣੀ ਦਿਹਾੜੀ ਛੱਡ ਕੇ ਆਉਂਦੇ ਹਨ, ਪਰ ਸਰਕਾਰ ਦੀ ਲਾਪ੍ਰਵਾਹੀ ਕਾਰਨ ਉਨ੍ਹਾਂ ਨੂੰ ਖ਼ਾਲੀ ਹੱਥ ਵਾਪਸ ਜਾਣਾ ਪੈਂਦਾ ਹੈ। ਸ. ਭੱਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ‘ਕਨੈਕਟ ਪੰਜਾਬ’ ਪੋਰਟਲ ਨੂੰ ਤੁਰੰਤ ਚਾਲੂ ਕੀਤਾ ਜਾਵੇ, ਤਕਨੀਕੀ ਖ਼ਾਮੀਆਂ ਨੂੰ ਫ਼ੌਰੀ ਤੌਰ ’ਤੇ ਦੂਰ ਕੀਤੀਆਂ ਜਾਣ ਅਤੇ ਜਦੋਂ ਤੱਕ ਪੋਰਟਲ ਪੂਰੀ ਤਰ੍ਹਾਂ ਬਹਾਲ ਨਹੀਂ ਹੁੰਦਾ, ਉਦੋਂ ਤੱਕ ਜਨਤਾ ਨੂੰ ਰਾਹਤ ਦੇਣ ਲਈ ਆਫਲਾਈਨ ਵਿਵਸਥਾ ਕੀਤੀ ਜਾਵੇ ਤਾਂ ਜੋ ਲੋਕਾਂ ਦੇ ਜ਼ਰੂਰੀ ਕੰਮ ਪ੍ਰਭਾਵਿਤ ਨਾ ਹੋਣ। ਇਸ ਲਾਪਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨਾ ਦੁਹਰਾਈਆਂ ਜਾਣ।