ਫ਼ਤਹਿਗੜ੍ਹ ਸਾਹਿਬ, 9 ਜੁਲਾਈ (ਬਲਜਿੰਦਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ ਨੇ ਨਰੇਗਾ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ 39 ਦਿਨਾਂ ਤੋਂ ਕੀਤੀ ਜਾ ਰਹੀ ਕੰਮ ਛੋੜ ਹੜਤਾਲ ਦਾ ਸਮਰਥਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੇ ਹਿਤੈਸ਼ੀ ਹੋਣ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਰੇਗਾ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਦਾ ਨਿਪਟਾਰਾ ਕਰਨ ਦੀ ਬਜਾਏ ‘ਨੋ ਵਰਕ ਨੋ ਪੇਅ’ ਦੇ ਸਿਧਾਂਤ ਤਹਿਤ ਕਰਮਚਾਰੀਆਂ ਦੀ ਤਨਖ਼ਾਹ ਕੱਟਣ ਦੇ ਡਰਾਵੇ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਕਰਮਚਾਰੀਆਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਤਨਖ਼ਾਹ ਨਹੀਂ ਦਿੱਤੀ ਗਈ, ਜਿਸ ਕਾਰਨ ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੱਲ੍ਹਾ ਨੇ ਸੰਬੰਧਤ ਵਿਭਾਗ ਵਲੋਂ ਸਮੂਹ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਮਗਨਰੇਗਾ ਨੂੰ ਜਾਰੀ ਪੱਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੱਤਰ ਵਿਚ ਕਿਹਾ ਗਿਆ ਹੈ ਕਿ ਜੇਕਰ ਹੜਤਾਲੀ ਕਰਮਚਾਰੀ ਆਪਣੀ ਹੜਤਾਲ ਖ਼ਤਮ ਨਹੀਂ ਕਰਦੇ ਤਾਂ ਉਨ੍ਹਾਂ ’ਤੇ ‘ਨੋ ਵਰਕ, ਨੋ ਪੇਅ’ ਦਾ ਸਿਧਾਂਤ ਲਾਗੂ ਕੀਤਾ ਜਾਵੇ ਅਤੇ ਹੜਤਾਲ ਵਾਲੇ ਦਿਨਾਂ ਦੀ ਕਰਮਚਾਰੀ ਨੂੰ ਤਨਖ਼ਾਹ ਜਾਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਗੈਰ ਸੰਵਿਧਾਨਿਕ ਹੈ, ਕਿਉਂਕਿ ਹਰੇਕ ਵਿਅਕਤੀ ਜਾਂ ਯੂਨੀਅਨ ਨੂੰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਅਤੇ ਹੜਤਾਲ ਕਰਨ ਦਾ ਪੂਰਾ ਹੱਕ ਹੈ। ਸ. ਜੱਲ੍ਹਾ ਨੇ ਦੱਸਿਆ ਕਿ ਸਬੰਧੰਤ ਕੰਪਨੀ ਵਲੋਂ ਸਮੂਹ ਆਊਟਸੋਰਸਿੰਗ ਮਗਨਰੇਗਾ ਕਰਮਚਾਰੀਆਂ ਨੂੰ ਚਿਤਾਵਨੀ ਪੱਤਰ ਵੀ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਗਨਰੇਗਾ ਕਰਮਚਾਰੀਆਂ ਨਾਲ ਗੱਲਬਾਤ ਰਾਹੀਂ ਮਸਲੇ ਦਾ ਹੱਲ ਕਰਨ ਦੀ ਥਾਂ ਧਮਕੀਆਂ ’ਤੇ ਉਤਰ ਆਈ ਹੈ, ਜੋ ਕਿਸੇ ਵੀ ਪੱਖ ਜਾਇਜ਼ ਨਹੀਂ। ਸ. ਜੱਲ੍ਹਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਰੇਗਾ ਕਰਮਚਾਰੀਆਂ ਦੀ ਪਿਛਲੇ ਛੇ ਮਹੀਨਿਆਂ ਤੋਂ ਰੋਕੀ ਤਨਖ਼ਾਹ ਤੁਰੰਤ ਜਾਰੀ ਕਰਨ ਦੇ ਨਾਲ-ਨਾਲ ਗੱਲਬਾਤ ਜਰੀਏ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਵੀ ਕੀਤਾ ਜਾਵੇ।