ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਬਲਜਿੰਦਰ ਸਿੰਘ)-ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਰਸਾਤ ਨੇ ਪ੍ਰਸ਼ਾਸਨ ਤੇ ਸਰਕਾਰ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਖ਼ਾਸ ਕਰਕੇ ਚੁੰਨੀ ਇਲਾਕੇ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗਲੀਆਂ ਤੇ ਨਾਲੀਆਂ ਵਿਚ ਗੰਦਾ ਪਾਣੀ ਜਮ੍ਹਾ ਹੋਣ ਕਾਰਨ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਵਾਂ ’ਤੇ ਬਰਸਾਤੀ ਪਾਣੀ ਇਕੱਠਾ ਹੋ ਕੇ ਲੋਕਾਂ ਦੇ ਘਰਾਂ ਵਿਚ ਵੜ ਗਿਆ ਹੈ, ਜਿਸ ਨਾਲ ਘਰੇਲੂ ਸਮਾਨ, ਰੋਜ਼ਮੱਰਾ ਦੀ ਜ਼ਿੰਦਗੀ ਤੇ ਸਫ਼ਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਇਹ ਪ੍ਰਗਟਾਵਾ ਹਲਕਾ ਬਸੀ ਪਠਾਣਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਰਣਜੀਤ ਸਿੰਘ ਤਰਖਾਣ ਮਾਜਰਾ ਨੇ ਚੁੰਨੀ ਇਲਾਕੇ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨੇ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਦੇ ਦੁੱਖ-ਦਰਦ ਸੁਣੇ ਤੇ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਲੋਕ ਗੰਦੇ ਪਾਣੀ, ਮੱਛਰਾਂ ਤੇ ਬਦਬੂ ਕਾਰਨ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ, ਪਰ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਇਸ ਗੰਭੀਰ ਸਮੱਸਿਆ ਵੱਲ ਧਿਆਨ ਦੇਣ ਦੀ ਬਜਾਏ ਚੁੱਪ ਬੈਠੇ ਹਨ। ਉਨ੍ਹਾਂ ਦੱਸਿਆ ਕਿ ਪੰਚਾਇਤ ਅਤੇ ਸਥਾਨਕ ਲੋਕਾਂ ਨੇ ਇਸ ਸਮੱਸਿਆ ਦੇ ਹੱਲ ਤੇ ਸੀਵਰੇਜ ਪਵਾਉਣ ਲਈ ਹਲਕਾ ਵਿਧਾਇਕ ਨੂੰ ਕਈ ਵਾਰ ਮਤੇ ਪਾ ਕੇ ਵੀ ਦਿੱਤੇ ਹਨ ਪਰ ਕੋਈ ਢੁਕਵਾਂ ਹੱਲ ਨਹੀਂ ਹੋਇਆ। ਜਿਸ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ’ਤੇ ਫ਼ੇਲ੍ਹ ਸਾਬਤ ਹੋਈ ਹੈ। ਤਰਖਾਣ ਮਾਜਰਾ ਨੇ ਮੰਗ ਕੀਤੀ ਕਿ ਚੁੰਨੀ ਤੇ ਹਲਕੇ ਦੇ ਹੋਰ ਪ੍ਰਭਾਵਿਤ ਇਲਾਕਿਆਂ ਵਿਚ ਤੁਰੰਤ ਪਾਣੀ ਨਿਕਾਸੀ ਦੇ ਪੱਕੇ ਪ੍ਰਬੰਧ ਕੀਤੇ ਜਾਣ, ਗਲੀਆਂ ਤੇ ਨਾਲੀਆਂ ਦੀ ਸਫ਼ਾਈ ਕਰਵਾਈ ਜਾਵੇ, ਜਿਨ੍ਹਾਂ ਪਰਿਵਾਰਾਂ ਦੇ ਘਰਾਂ ਵਿਚ ਪਾਣੀ ਵੜਨ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਬਲਵਿੰਦਰ ਸਿੰਘ ਬੱਲੀ, ਕੁਲਦੀਪ ਸਿੰਘ ਚੁੰਨੀ ਕਲਾਂ, ਨੰਬਰਦਾਰ ਬਲਦੇਵ ਸਿੰਘ, ਹਬੀਬ ਮੁਹੰਮਦ, ਰਘਬੀਰ ਸਿੰਘ, ਪਰਮਜੀਤ ਸਿੰਘ, ਰਾਜ ਕੁਮਾਰ, ਸ਼ਿਵ ਕੁਮਾਰ ਵੀ ਹਾਜ਼ਰ ਸਨ।