12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਨਗਰ ਕੌਂਸਲਾਂ ਦੇ ਸਫ਼ਾਈ ਸੇਵਕਾਂ ਨੇ ਮੰਗਾਂ ਦੇ ਹੱਲ ਲਈ ਸ਼ਹਿਰ ਵਿਚ ਕੱਢਿਆ ਝੰਡਾ ਮਾਰਚ

Ad Position 21
No active advertisement
ਅਜੀਤ ਡੈਸਕ 18-07-2026
ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਬਲਜਿੰਦਰ ਸਿੰਘ)-ਬੀਤੀ 8 ਜੁਲਾਈ ਤੋਂ ਚੱਲ ਰਹੀ ਹੜਤਾਲ ਦੌਰਾਨ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੀਆਂ ਸਮੂਹ ਨਗਰ ਕੌਂਸਲਾਂ ਦੇ ਸਫ਼ਾਈ ਸੇਵਕਾਂ ਵਲੋਂ ਸਫ਼ਾਈ ਸੇਵਕ ਯੂਨੀਅਨ ਦੀ ਅਗਵਾਈ ਹੇਠ ਆਪਣੀਆਂ ਲੰਬਿਤ ਮੰਗਾਂ ਦੇ ਹੱਲ ਲਈ ਨਗਰ ਕੌਂਸਲ ਸਰਹਿੰਦ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਫ਼ਤਹਿਗੜ੍ਹ ਸਾਹਿਬ ਤੱਕ ਸ਼ਹਿਰ ਵਿਚ ਵਿਸ਼ਾਲ ਰੋਸ ਅਤੇ ਝੰਡਾ ਮਾਰਚ ਕੱਢਿਆ, ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਰੋਹ ਭਰਿਆ ਵਿਖਾਵਾ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਯੂਨੀਅਨ ਪ੍ਰਧਾਨ ਰਾਜੇਸ਼ ਕੁਮਾਰ, ਸੈਕਟਰੀ ਮੰਗਾ ਸਿੰਘ ਤੇ ਰਣਦੀਪ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਮਈ ਮਹੀਨੇ ਦੀ ਹੜਤਾਲ ਦੌਰਾਨ ਸਫ਼ਾਈ ਸੇਵਕਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਇਕ ਮਹੀਨੇ ਦਾ ਸਮਾਂ ਮੰਗਿਆ ਸੀ। ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵਲੋਂ ਮੰਗਾਂ ਦੇ ਹੱਲ ਸੰਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਸਫ਼ਾਈ ਸੇਵਕਾਂ ਵਿਚ ਪੰਜਾਬ ਸਰਕਾਰ ਦੀ ਇਸ ਵਾਅਦਾ ਖ਼ਿਲਾਫ਼ੀ ਨੂੰ ਲੈ ਕੇ ਕਾਫ਼ੀ ਗ਼ੁੱਸਾ ਤੇ ਰੋਸ ਹੈ। ਉਨ੍ਹਾਂ ਦੱਸਿਆ ਕਿ ਜਦੋਂ ਸਰਕਾਰ ਨੇ ਮੰਗਾਂ ਦੇ ਹੱਲ ਸਬੰਧੀ ਕੋਈ ਕਾਰਵਾਈ ਨਾ ਕੀਤੀ ਤਾਂ ਉਨ੍ਹਾਂ ਨੂੰ ਮਜਬੂਰਨ ਦੁਬਾਰਾ ਹੜਤਾਲ ਦਾ ਰਸਤਾ ਚੁਣਨਾ ਪਿਆ। ਇਸ ਹੜਤਾਲ ਤਹਿਤ ਠੇਕੇ ’ਤੇ ਕੰਮ ਕਰਦੇ ਸਫ਼ਾਈ ਸੇਵਕਾਂ ਵਲੋਂ ਮੁਕੰਮਲ ਤੌਰ ’ਤੇ ਸਫ਼ਾਈ ਦਾ ਕੰਮ ਠੱਪ ਰੱਖਿਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਮੁੱਖ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਮੂਹ ਕੱਚੇ ਤੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਤਨਖ਼ਾਹਾਂ ਵਿਚ ਵਾਧਾ ਕਰਕੇ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ, ਪੁਰਾਣੇ ਡੀ. ਏ. ਦੀਆਂ ਰਹਿੰਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕੀਤਾ ਜਾਵੇ। ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਦੇ ਮਿਊਂਸੀਪਲ ਮੁਲਾਜ਼ਮਾਂ, ਸਫ਼ਾਈ ਸੇਵਕਾਂ, ਸੀਵਰਮੈਨ, ਡਰਾਈਵਰਾਂ ਅਤੇ ਟਿਊਬਵੈੱਲ ਆਪੇ੍ਰਟਰਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਸਰਕਾਰ ਵਲੋਂ ਕੋਈ ਸਕਾਰਾਤਮਿਕ ਕਦਮ ਨਹੀਂ ਚੁੱਕਿਆ ਗਿਆ। ਇਸੇ ਕਾਰਨ ਸੂਬਾ ਪੱਧਰ ’ਤੇ 8 ਜੁਲਾਈ ਤੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਸੰਘਰਸ਼ ਅਤੇ ਹੜਤਾਲ ਜਾਰੀ ਰਹੇਗੀ। ਇਸ ਮੌਕੇ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਵੱਖ-ਵੱਖ ਯੂਨੀਅਨਾਂ ਵਲੋਂ ਪੂਰਨ ਸਮਰਥਨ ਦਿੱਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਿਚ ਵੱਡੀ ਗਿਣਤੀ ਵਿਚ ਵੱਖ-ਵੱਖ ਨਗਰ ਕੌਂਸਲਾਂ ਦੇ ਸਫ਼ਾਈ ਸੇਵਕ, ਸੀਵਰਮੈਨ ਸ਼ਾਮਿਲ ਸਨ। ਇੱਥੇ ਦੱਸਣਯੋਗ ਹੈ ਕਿ ਸਫ਼ਾਈ ਸੇਵਕਾਂ ਦੀ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਕਰਕੇ ਸ਼ਹਿਰਾਂ ਦੇ ਵੱਖ-ਵੱਖ ਇਲਾਕਿਆਂ ’ਚ ਕੂੜੇ ਦੇ ਢੇਰ ਲੱਗੇ ਨਜ਼ਰ ਆ ਰਹੇ ਹਨ। ਸ਼ਹਿਰਾਂ ਦੀਆਂ ਕਈ ਹੋਰ ਪ੍ਰਮੁੱਖ ਸੜਕਾਂ ਦੇ ਕਿਨਾਰੇ ਅਤੇ ਰਿਹਾਇਸ਼ੀ ਇਲਾਕਿਆਂ ’ਚੋਂ ਕੂੜਾ ਨਾ ਚੁੱਕੇ ਜਾਣ ਕਾਰਨ ਗੰਦਗੀ ਫੈਲ ਰਹੀ ਹੈ, ਜਿਸ ਨਾਲ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਅਤੇ ਘਰਾਂ ’ਚੋਂ ਕਈ ਦਿਨਾਂ ਤੋਂ ਕੂੜਾ ਨਹੀਂ ਚੁੱਕਿਆ ਜਾ ਰਿਹਾ, ਜਿਸ ਕਾਰਨ ਮੁੱਖ ਸੜਕਾਂ ਤੇ ਰਿਹਾਇਸ਼ੀ ਇਲਾਕਿਆਂ ’ਚ ਬਦਬੂ ਫੈਲ ਰਹੀ ਹੈ ਅਤੇ ਇਨ੍ਹਾਂ ਕੂੜੇ ਦੇ ਢੇਰਾਂ ਨਾਲ ਮੱਖੀਆਂ-ਮੱਛਰਾਂ ਦੀ ਗਿਣਤੀ ’ਚ ਵੀ ਵਾਧਾ ਹੋ ਗਿਆ ਹੈ। ਲੋਕਾਂ ਨੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਜੇਕਰ ਹਾਲਾਤ ਜਲਦੀ ਨਾ ਸੁਧਰੇ ਤਾਂ ਸਿਹਤ ਸੰਬੰਧੀ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੈਰੀ ਬੜਿੰਗ ਨੇ ਦੀਵਾ ਗੰਢੂਆਂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਬੱਸ ਨੂੰ ਦਿਖਾਈ ਹਰੀ ਝੰਡੀ ਅਗਲੀ ਖ਼ਬਰ ਚੋਰੀ ਦੇ ਦੋਸ਼ ਲਾ ਕੇ ਮਾਸੜ ਵਲੋਂ ਕੀਤੀ ਕੁੱਟਮਾਰ ਕਾਰਨ ਨਾਬਾਲਗ ਲੜਕੀ ਦੀ ਮੌਤ
Ad Position 24