ਖਮਾਣੋਂ, 17 ਜੁਲਾਈ (ਜੋਗਿੰਦਰ ਪਾਲ)-ਖੰਨਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਮਨਰੇਗਾ ਕਰਮਚਾਰੀਆਂ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਤੇ ਬਲਾਕ ਕਾਂਗਰਸ ਕਮੇਟੀ ਖਮਾਣੋਂ ਦੇ ਪ੍ਰਧਾਨ ਸਰਬਜੀਤ ਸਿੰਘ ਜੀਤੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਅਤੇ ਕਿਹਾ ਕਿ ਸਰਕਾਰ ਤੇ ਪੁਲਿਸ ਦਾ ਇਹ ਵਰਤਾਰਾ ਅਤਿ ਨਿੰਦਣਯੋਗ ਹੈ। ਦੋਵਾਂ ਆਗੂਆਂ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਮਨਰੇਗਾ ਕਰਮਚਾਰੀਆਂ ’ਤੇ ਲਾਠੀਚਾਰਜ ਕਰਨਾ ਲੋਕਤੰਤਰਿਕ ਹੱਕਾਂ ਦਾ ਘੋਰ ਉਲੰਘਣ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਕਰਨਾ ਚਾਹੀਦਾ ਸੀ, ਨਾ ਕਿ ਪੁਲਿਸ ਬਲ ਦੀ ਵਰਤੋਂ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਲਾਠੀਚਾਰਜ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਜ਼ਖ਼ਮੀ ਕਰਮਚਾਰੀਆਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਰਮਚਾਰੀਆਂ ਤੇ ਆਮ ਲੋਕਾਂ ਦੇ ਹੱਕਾਂ ਦੀ ਲੜਾਈ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ।