ਫ਼ਤਹਿਗੜ੍ਹ ਸਾਹਿਬ, 16 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਹਲਕੇ ਵਿਚ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਕੋਟਲਾ ਸੁਲੇਮਾਨ ਵਿਖੇ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਨੂੰ ਬਰਬਾਦ ਕਰਨ ’ਤੇ ਤੁਲੀ ਹੋਈ ਹੈ ਕਿਉਂਕਿ ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਗਿਆ ਵਪਾਰਕ ਸਮਝੌਤਾ ਕਿਸਾਨਾਂ ਨੂੰ ਬਹੁਤ ਵੱਡਾ ਨੁਕਸਾਨ ਪਹੁੰਚਾਏਗਾ। ਭੁੱਟਾ ਨੇ ਕਿਹਾ ਕਿ ਦੂਜੇ ਪਾਸੇ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਲੈਂਡ ਪੂਲਿੰਗ ਨੀਤੀ ਰਾਹੀਂ ਪਹਿਲਾਂ ਹੀ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦੇ ਰਾਹ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਨੂੰ ਦੇਸ਼ ਦੇ ਲੋਕਾਂ ਦੇ ਹਿਤ ਵਿਚ ਫ਼ੈਸਲੇ ਲੈਣੇ ਚਾਹੀਦੇ ਹਨ ਤਾਂ ਜੋ ਭਾਰਤ ਦੇਸ਼ ਖ਼ੁਸ਼ਹਾਲ ਹੋ ਸਕੇ, ਪਰ ਦੋਵੇਂ ਸਰਕਾਰਾਂ ਦੇਸ਼ ਦੇ ਅੰਨਦਾਤਾ ਨੂੰ ਲੁੱਟਣ ਦੀ ਨੀਤੀ ਤੇ ਕੰਮ ਕਰ ਰਹੀਆਂ ਹਨ। ਇਸ ਮੌਕੇ ਪਿੰਡ ਵਾਸੀਆਂ ਨੇ ਪਿਛਲੇ ਸਮੇਂ ਅਕਾਲੀ ਦਲ ਦੀ ਸਰਕਾਰ ਸਮੇਂ ਕੀਤੇ ਵਿਕਾਸ ਨੂੰ ਯਾਦ ਕਰਦਿਆਂ ਪ੍ਰਸ਼ੰਸਾ ਕੀਤੀ ਤੇ ਉਨ੍ਹਾਂ ਨੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਮਨਜੀਤ ਸਿੰਘ ਸਾਬਕਾ ਸਰਪੰਚ, ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਮਲਕੀਤ ਸਿੰਘ ਸਾਬਕਾ ਸਰਪੰਚ, ਮਨਪ੍ਰੀਤ ਸਿੰਘ, ਗੁਰਦੀਪ ਸਿੰਘ, ਰਣਜੋਤ ਸਿੰਘ ਸਰਪੰਚ, ਸਨਦੀਪ ਸਿੰਘ ਪੰਚ, ਸੁੱਚਾ ਸਿੰਘ, ਹਰਵਿੰਦਰ ਸਿੰਘ, ਕਾਲਾ, ਪਰਮਿੰਦਰ ਸਿੰਘ, ਜਗਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਜਿੰਦਰ ਸਿੰਘ ਜਲਵੇੜੀ ਗਹਿਲਾਂ, ਸੁਖਦੇਵ ਸਿੰਘ ਤੇ ਬਲਜਿੰਦਰ ਸਿੰਘ ਵੀ ਹਾਜ਼ਰ ਸਨ।