ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਮਨਪ੍ਰੀਤ ਸਿੰਘ)-ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਨਵ-ਨਿਯੁਕਤ ਚੇਅਰਮੈਨ ਸ਼ਿੰਗਾਰਾ ਸਿੰਘ ਦੀ ਪ੍ਰਧਾਨਗੀ ਹੇਠ ਪਲੇਠੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਗਰਾਮ ਪੰਚਾਇਤਾਂ ਵਿਚ ਚਲਾਈਆਂ ਜਾ ਰਹੀਆਂ ਵੱਖ-ਵੱਖ ਵਿਕਾਸ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਅਤੇ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਪਿੰਡਾਂ ਵਿਚ ਖੇਡ ਮੈਦਾਨ, ਜਿੰਮ, ਆਮ ਆਦਮੀ ਕਲੀਨਿਕ, ਛੱਪੜਾਂ ਦੇ ਵਿਕਾਸ, ਸੋਲਿਡ ਵੇਸਟ ਮੈਨੇਜਮੈਂਟ ਅਤੇ ਹੋਰ ਲੋਕ ਭਲਾਈ ਨਾਲ ਸਬੰਧਿਤ ਸਕੀਮਾਂ ਨੂੰ ਤਰਜੀਹ ਦੇ ਆਧਾਰ ’ਤੇ ਲਾਗੂ ਕਰਨ ’ਤੇ ਜ਼ੋਰ ਦਿੱਤਾ ਗਿਆ, ਤਾਂ ਜੋ ਪਿੰਡਾਂ ਦੇ ਵਿਕਾਸ ਪੱਧਰ ਨੂੰ ਹੋਰ ਉੱਚਾ ਚੁੱਕਿਆ ਜਾ ਸਕੇ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਮੀਟਿੰਗ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨੇ ਵੀ ਪਿੰਡਾਂ ਦੇ ਵਿਕਾਸ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਬਾਰੇ ਆਪਣੇ ਸੁਝਾਅ ਪੇਸ਼ ਕੀਤੇ। ਇਸ ਮੌਕੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ, ਸਮੇਂ ਸਿਰ ਤੇ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਮੁਕੰਮਲ ਕਰਵਾਉਣ ਲਈ ਸਮੂਹ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨਗੇ, ਤਾਂ ਜੋ ਪੇਂਡੂ ਖੇਤਰਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਵਿਚ ਸੁਰਿੰਦਰ ਸਿੰਘ ਧਾਲੀਵਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਕਿਰਨਦੀਪ ਕੌਰ ਉਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ, ਗੁਰਵਿੰਦਰ ਸਿੰਘ ਵਾਈਸ ਚੇਅਰਮੈਨ, ਰਣਜੀਤ ਸਿੰਘ ਪਨਾਗ ਚੇਅਰਮੈਨ ਪੰਚਾਇਤ ਸੰਮਤੀ ਅਮਲੋਹ, ਅਮਰਿੰਦਰ ਸਿੰਘ ਮਡੋਫਲ, ਬਲਜਿੰਦਰ ਸਿੰਘ, ਕੁਲਜਿੰਦਰ ਕੌਰ, ਜਸਪ੍ਰੀਤ ਕੌਰ, ਨਰਿੰਦਰ ਕੌਰ, ਅਮਨਦੀਪ ਕੌਰ, ਪਰਮਿੰਦਰ ਕੌਰ, ਸੁਖਦੇਵ ਸਿੰਘ, ਬਲਵਿੰਦਰ ਕੌਰ, ਭੁਪਿੰਦਰ ਕੌਰ, ਦੀਪ ਸੀਖਾ ਗਰਗ ਬੀ. ਡੀ. ਪੀ. ਓ. ਸਰਹਿੰਦ, ਚੰਦ ਸਿੰਘ ਬੀ. ਡੀ. ਪੀ. ਓ. , ਝਰਮਲ ਸਿੰਘ ਬੀ. ਡੀ. ਪੀ. ਓ. ਬਸੀ ਪਠਾਣਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।