ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਬਲਜਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੈਸ਼ਲ ਇੰਟੈਨਸਿਵ ਰਿਵੀਜ਼ਨ 2026 ਤਹਿਤ ਗਣਨਾ ਫਾਰਮਾਂ ਨੂੰ ਇਕੱਤਰ ਕਰਨ ਤੇ ਡਿਜੀਟਾਈਜੇਸ਼ਨ ਦੇ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਯੋਗ ਵੋਟਰਾਂ ਦੀ ਸਹੂਲਤ ਤੇ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਲਈ ਐਤਵਾਰ 19 ਜੁਲਾਈ ਨੂੰ ਸਵੇਰੇ 8 ਤੋਂ ਬਾਅਦ ਦੁਪਹਿਰ 2 ਵਜੇ ਤੱਕ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਮੁੜ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਸਮੂਹ ਬੀ. ਐਲ. ਓਜ਼ ਆਪਣੇ-ਆਪਣੇ ਨਿਰਧਾਰਿਤ ਪੋਲਿੰਗ ਸਟੇਸ਼ਨਾਂ ’ਤੇ ਹਾਜ਼ਰ ਰਹਿਣਗੇ ਅਤੇ ਗਣਨਾ ਫਾਰਮਾਂ ਨੂੰ ਭਰਨ, ਇਕੱਠਾ ਕਰਨ ਤੇ ਡਿਜੀਟਾਈਜੇਸ਼ਨ ਪ੍ਰਕਿਰਿਆ ਅਮਲ ਵਿਚ ਲਿਆਉਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਹੁਣ ਤੱਕ ਡਿਜੀਟਾਈਜੇਸ਼ਨ ਦੀ ਪ੍ਰਕਿਰਿਆ 83.16 ਫ਼ੀਸਦੀ ਤੱਕ ਪਹੁੰਚ ਚੁੱਕੀ ਹੈ ਅਤੇ ਬਾਕੀ ਰਹਿੰਦੇ ਕਾਰਜ ਨੂੰ ਵੀ ਜਲਦ ਨੇਪਰੇ ਚਾੜ੍ਹਨ ਲਈ ਬੀ. ਐਲ. ਓਜ਼ ਨੂੰ ਸਰਗਰਮੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਗਈ ਹੈ।