ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਬਾਹਰ ਕੀਤਾ ਰੋਹ ਭਰਿਆ ਪ੍ਰਦਰਸ਼ਨ
ਅਜੀਤ ਡੈਸਕ
18-07-2026
ਫ਼ਤਹਿਗੜ੍ਹ ਸਾਹਿਬ, 17 ਜੁਲਾਈ (ਬਲਜਿੰਦਰ ਸਿੰਘ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ ਵਿਚ ਹੋ ਰਹੀਆਂ ਚੋਰੀਆਂ ਦੇ ਮਾਮਲੇ ਨੂੰ ਲੈ ਕੇ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦੇ ਬਾਹਰ ਰੋਹ ਭਰਿਆ ਪ੍ਰਦਰਸ਼ਨ ਕੀਤਾ। ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਨੇਕ ਸਿੰਘ ਭੱਲ ਮਾਜਰਾ ਨੇ ਦੱਸਿਆ ਕਿ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਉਹ ਬੇਖ਼ੌਫ਼ ਹੋ ਕੇ ਪਿੰਡਾਂ ਵਿਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਜਿਸ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਵਿਚ ਚੋਰ ਲਗਾਤਾਰ ਘਰਾਂ ਵਿਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਕੇ ਘਰਾਂ ਵਿਚੋਂ ਕੀਮਤੀ ਸਾਮਾਨ ਚੋਰੀ ਕਰ ਲੈ ਗਏ ਹਨ ਅਤੇ ਕਿਸਾਨਾਂ, ਮਜ਼ਦੂਰਾਂ ਦੀਆਂ ਘਰਾਂ ਵਿਚੋਂ ਮੱਝਾਂ ਵੀ ਚੋਰੀ ਕੀਤੀਆਂ ਜਾ ਚੁੱਕੀਆਂ ਹਨ। ਖੇਤਾਂ ਵਿਚ ਟਰਾਂਸਫ਼ਾਰਮਰਾਂ, ਕੇਬਲਾਂ ਅਤੇ ਸਟਾਰਟਰ ਚੋਰੀ ਕੀਤੇ ਜਾ ਰਹੇ ਹਨ। ਪਰ ਪੁਲਿਸ ਪ੍ਰਸ਼ਾਸਨ ਫ਼ਿਲਹਾਲ ਚੋਰਾਂ ਨੂੰ ਫੜਨ ਵਿਚ ਨਾਕਾਮ ਰਿਹਾ ਹੈ। ਇਸ ਲਈ ਇਨ੍ਹਾਂ ਮਸਲਿਆਂ ਨੂੰ ਹੱਲ ਕਰਵਾਉਣ ਲਈ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਵੀ ਦਿੱਤੀ ਗਈ ਕਿ ਜੇਕਰ ਚੋਰਾਂ ਨੂੰ ਜਲਦ ਨਾ ਫੜਿਆ ਗਿਆ ਤਾਂ ਜਥੇਬੰਦੀ ਵਲੋਂ ਕੋਈ ਸਖ਼ਤ ਐਕਸ਼ਨ ਉਲੀਕਿਆ ਜਾਵੇਗਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਖ਼ਜ਼ਾਨਚੀ ਰਣਜੀਤ ਸਿੰਘ ਚਨਾਰਥਲ, ਪ੍ਰੈੱਸ ਸਕੱਤਰ ਹਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਚਨਾਰਥਲ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਨੌਲੱਖਾ, ਮੀਤ ਪ੍ਰਧਾਨ ਨਿਰਮਲ ਸਿੰਘ ਰੁੜਕੀ, ਜ਼ਿਲ੍ਹਾ ਖ਼ਜ਼ਾਨਚੀ ਬਲਦੀਪ ਸਿੰਘ ਬਧੌਛੀ ਕਲਾਂ, ਪ੍ਰੈੱਸ ਸਕੱਤਰ ਪਰਮਬੀਰ ਸਿੰਘ ਸੀੜਾ, ਜਥੇਬੰਦਕ ਸਕੱਤਰ ਲਖਵੀਰ ਸਿੰਘ ਗੋਲੂ ਪੰਜੋਲੀ, ਬਲਾਕ ਪ੍ਰਧਾਨ ਜਸਪਾਲ ਸਿੰਘ ਲਟੌਰ, ਬਲਾਕ ਪ੍ਰਧਾਨ ਅਮਲੋਹ ਜਸਬੀਰ ਸਿੰਘ ਭੱਦਲਥੂਹਾ, ਸੁਖਦੇਵ ਸਿੰਘ, ਰਾਜੂ ਜਾਲਖੇੜੀ ਤੇ ਵੱਖ ਵੱਖ ਪਿੰਡਾਂ ਤੋਂ ਕਿਸਾਨ ਸ਼ਾਮਿਲ ਸਨ।