11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਵਿਦਿਆਰਥਣਾਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 18-07-2026
ਮੰਡੀ ਗੋਬਿੰਦਗੜ੍ਹ, 17 ਜੁਲਾਈ (ਇਕਬਾਲਦੀਪ ਸੰਧੂ)-ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਵਿਦਿਆਰਥਣਾਂ ਨੂੰ ਸਿਹਤ, ਨਿੱਜੀ ਸਫ਼ਾਈ ਤੇ ਮਾਹਵਾਰੀ ਸੰਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਹਾਈਜੀਨ ਤੇ ਮੈਨਸਟਰੂਏਸ਼ਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ। ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਤੇ ਮਾਹਵਾਰੀ ਦੌਰਾਨ ਸਫ਼ਾਈ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਸਰਿਤਾ ਸਿੰਗਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਿੱਜੀ ਸਫ਼ਾਈ ਅਤੇ ਸਿਹਤਮੰਦ ਆਦਤਾਂ ਹਰ ਵਿਅਕਤੀ ਦੇ ਚੰਗੇ ਸਿਹਤਮੰਦ ਜੀਵਨ ਦਾ ਆਧਾਰ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਮਾਹਵਾਰੀ ਦੌਰਾਨ ਸਫ਼ਾਈ ਬਣਾਈ ਰੱਖਣ, ਪੌਸ਼ਟਿਕ ਭੋਜਨ ਲੈਣ ਤੇ ਕਿਸੇ ਵੀ ਤਰ੍ਹਾਂ ਦੀ ਝਿਜਕ ਤੋਂ ਬਿਨਾਂ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਨ ਲਈ ਪ੍ਰੇਰਿਤ ਕੀਤਾ। ਸਾਇੰਸ ਮਿਸਟਰੈਸ ਨੀਤਾ ਦੇਵੀ ਨੇ ਮੈਨਸਟਰੂਏਸ਼ਨ ਨਾਲ ਜੁੜੀਆਂ ਆਮ ਧਾਰਨਾਵਾਂ ਤੇ ਭਰਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਹਵਾਰੀ ਇਕ ਕੁਦਰਤੀ ਪ੍ਰਕਿਰਿਆ ਹੈ ਅਤੇ ਇਸ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਹਿਚਕਿਚਾਹਟ ਜਾਂ ਅੰਧਵਿਸ਼ਵਾਸ ਨਹੀਂ ਰੱਖਣਾ ਚਾਹੀਦਾ। ਉਨ੍ਹਾਂ ਵਿਦਿਆਰਥਣਾਂ ਨੂੰ ਸੈਨੇਟਰੀ ਪੈਡ ਦੀ ਸਹੀ ਵਰਤੋਂ, ਸਮੇਂ-ਸਮੇਂ ’ਤੇ ਇਸ ਦੀ ਤਬਦੀਲੀ, ਹੱਥਾਂ ਦੀ ਸਫ਼ਾਈ ਤੇ ਵਰਤੇ ਹੋਏ ਪੈਡ ਦੇ ਸੁਰੱਖਿਅਤ ਨਿਪਟਾਰੇ ਸੰਬੰਧੀ ਵਿਸਥਾਰ ਨਾਲ ਜਾਣੂ ਕਰਵਾਇਆ। ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਸਵਾਲ ਵੀ ਪੁੱਛੇ, ਜਿਨ੍ਹਾਂ ਦੇ ਸੰਤੋਸ਼ਜਨਕ ਜਵਾਬ ਦਿੱਤੇ ਗਏ। ਇਸ ਮੌਕੇ ਸਕੂਲ ਦਾ ਸਮੂਹ ਮਹਿਲਾ ਸਟਾਫ਼ ਹਾਜ਼ਰ ਰਿਹਾ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥਣਾਂ ਵਿਚ ਸਿਹਤ ਪ੍ਰਤੀ ਸਹੀ ਸੋਚ ਵਿਕਸਿਤ ਕਰਨ ਦੇ ਨਾਲ-ਨਾਲ ਸਮਾਜ ਵਿਚ ਫੈਲੀਆਂ ਗ਼ਲਤ ਧਾਰਨਾਵਾਂ ਨੂੰ ਦੂਰ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਵਿਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਸੂਬਾ ਪੱਧਰੀ ਮੀਟਿੰਗ ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਬਾਹਰ ਕੀਤਾ ਰੋਹ ਭਰਿਆ ਪ੍ਰਦਰਸ਼ਨ
Ad Position 24