08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਚੋਰੀ ਦੇ 4 ਮੋਟਰਸਾਈਕਲਾਂ ਸਮੇਤ 4 ਵਿਅਕਤੀ ਕਾਬੂ ਸਿਵਲ ਕੱਪੜਿਆਂ ’ਚ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਮੁਸਤੈਦੀ ਨਾਲ ਮਿਲੀ ਵੱਡੀ ਕਾਮਯਾਬੀ

Ad Position 21
No active advertisement
ਅਜੀਤ ਡੈਸਕ 21-07-2026
ਫ਼ਤਹਿਗੜ੍ਹ ਸਾਹਿਬ, 20 ਜੁਲਾਈ (ਮਨਪ੍ਰੀਤ ਸਿੰਘ)-ਫ਼ਤਹਿਗੜ੍ਹ ਸਾਹਿਬ ਤੇ ਆਸ-ਪਾਸ ਦੇ ਇਲਾਕਿਆਂ ਵਿਚ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਵੱਧ ਰਹੀਆਂ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ’ਤੇ ਨਕੇਲ ਕਸਦਿਆਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਇਕ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚਾਰ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਚੋਰੀ ਕੀਤੇ ਵਾਹਨਾਂ ਨੂੰ ਵੱਖ-ਵੱਖ ਸ਼ਹਿਰਾਂ ਤੇ ਹੋਰ ਸੂਬਿਆਂ ਵਿਚ ਵੇਚਣ ਦਾ ਧੰਦਾ ਕਰਦੇ ਸਨ। ਮਾਮਲੇ ਸੰਬੰਧੀ ਡੀ. ਐਸ. ਪੀ. ਫ਼ਤਹਿਗੜ੍ਹ ਸਾਹਿਬ ਕੁਲਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵਧ ਰਹੀਆਂ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੁਲਿਸ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਇਸ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਿਵਲ ਕੱਪੜਿਆਂ ’ਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ, ਜੋ ਸ਼ੱਕੀ ਵਿਅਕਤੀਆਂ ’ਤੇ ਨਜ਼ਰ ਰੱਖ ਰਹੇ ਸਨ। ਡੀ. ਐਸ. ਪੀ. ਨੇ ਦੱਸਿਆ ਕਿ ਪੁਲਿਸ ਚੌਕੀ ਸਰਹਿੰਦ ਮੰਡੀ ਦੀ ਟੀਮ ਨੂੰ ਗੁਪਤ ਮੁਖ਼ਬਰੀ ਮਿਲੀ ਸੀ ਕਿ ਗੁਰਪ੍ਰੀਤ ਸਿੰਘ ਅਤੇ ਜਸਕਰਨ ਸਿੰਘ, ਵਾਸੀ ਪਿੰਡ ਲਸੋਈ ਜ਼ਿਲ੍ਹਾ ਮਾਲੇਰਕੋਟਲਾ, ਆਪਣੇ ਸਾਥੀਆਂ ਗਗਨਪ੍ਰੀਤ ਸਿੰਘ ਵਾਸੀ ਸਰਹਿੰਦ ਤੇ ਗੁਰਜੰਟ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ ਨਾਲ ਮਿਲ ਕੇ ਮੋਟਰਸਾਈਕਲ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਸੂਚਨਾ ਮਿਲਣ ਉਪਰੰਤ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਚਾਰਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ ਚਾਰ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ। ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀ. ਐਸ. ਪੀ. ਕੁਲਬੀਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਗਰੋਹ ਚੋਰੀ ਕੀਤੇ ਮੋਟਰਸਾਈਕਲ ਵੱਖ-ਵੱਖ ਸ਼ਹਿਰਾਂ ਤੇ ਸੂਬਿਆਂ ਵਿਚ ਵੇਚਦਾ ਸੀ। ਪੁਲਿਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਵੀ ਰਿਹਾ ਹੈ ਤੇ ਉਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਪੁਲਿਸ ਵਲੋਂ ਉਨ੍ਹਾਂ ਦਾ ਪੂਰਾ ਰਿਕਾਰਡ ਖੰਘਾਲਿਆ ਜਾ ਰਿਹਾ ਹੈ ਅਤੇ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਡੀ. ਐਸ. ਪੀ. ਕੁਲਬੀਰ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਤੋਂ ਕੀਤੀ ਜਾ ਰਹੀ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਗਰੋਹ ਨੇ ਹੋਰ ਕਿਹੜੇ-ਕਿਹੜੇ ਇਲਾਕਿਆਂ ਵਿਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਤੇ ਉਨ੍ਹਾਂ ਦੇ ਹੋਰ ਸਾਥੀ ਕੌਣ ਹਨ। ਜ਼ਿਲ੍ਹਾ ਪੁਲਿਸ ਦਾ ਕਹਿਣਾ ਹੈ ਕਿ ਇਲਾਕੇ ਵਿਚ ਅਪਰਾਧ ’ਤੇ ਨਕੇਲ ਕੱਸਣ ਲਈ ਵਿਸ਼ੇਸ਼ ਮੁਹਿੰਮ ਲਗਾਤਾਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਦੀ ਹਰ ਧੱਕੇਸ਼ਾਹੀ ਦਾ ਸ਼੍ਰੋਮਣੀ ਅਕਾਲੀ ਦਲ ਡਟ ਕੇ ਮੂੰਹ ਤੋੜਵਾਂ ਜਵਾਬ ਦੇਵਾਂਗਾ-ਰਾਜੂ ਖੰਨਾ ਅਗਲੀ ਖ਼ਬਰ ਅਮਰੀਕਾ ਨਾਲ ਵਪਾਰ ਸਮਝੌਤਾ ਰੱਦ ਕਰਨ ਦੀ ਮੰਗ ਨੂੰ ਲੈ ਕੇ ਭਾਕਿਯੂ ਨੇ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ
Ad Position 24