ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਮਨਪ੍ਰੀਤ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡ. ਲਖਵੀਰ ਸਿੰਘ ਰਾਏ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਾਇਦਾਦ ਅਤੇ ਜ਼ਮੀਨ ਦੀ ਰਜਿਸਟਰੇਸ਼ਨ ਵਿਚ ਵਰਤੀ ਜਾਂਦੀ ਭਾਸ਼ਾ ਨੂੰ ਆਮ ਲੋਕਾਂ ਲਈ ਸਰਲ ਅਤੇ ਸਮਝਣ ਯੋਗ ਬਣਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਲੋਕ-ਪੱਖੀ ਅਤੇ ਇਤਿਹਾਸਕ ਕਦਮ ਕਰਾਰ ਦਿੱਤਾ ਹੈ। ਵਿਧਾਇਕ ਰਾਏ ਨੇ ਕਿਹਾ ਕਿ ਮਾਲ ਵਿਭਾਗ ਵਿਚ ਲੰਬੇ ਸਮੇਂ ਤੋਂ ਵਰਤੇ ਜਾਂਦੇ 35 ਔਖੇ ਅਤੇ ਗੁੰਝਲਦਾਰ ਸ਼ਬਦਾਂ ਦੀ ਥਾਂ ਹੁਣ ਸੌਖੇ ਅਤੇ ਆਮ ਪੰਜਾਬੀ ਸ਼ਬਦਾਂ ਦੀ ਵਰਤੋਂ ਕੀਤੀ ਜਾਵੇਗੀ, ਜਿਸ ਨਾਲ ਆਮ ਲੋਕਾਂ ਨੂੰ ਜਾਇਦਾਦ ਦੀ ਰਜਿਸਟਰੇਸ਼ਨ ਨਾਲ ਸੰਬੰਧਿਤ ਦਸਤਾਵੇਜ਼ਾਂ ਨੂੰ ਸਮਝਣ ਵਿਚ ਆਸਾਨੀ ਹੋਵੇਗੀ ਅਤੇ ਬੇਲੋੜੀਆਂ ਮੁਸ਼ਕਿਲਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਹਮੇਸ਼ਾ ਲੋਕਾਂ ਨੂੰ ਸਰਕਾਰੀ ਸੇਵਾਵਾਂ ਸੌਖੀਆਂ, ਪਾਰਦਰਸ਼ੀ ਅਤੇ ਲੋਕਾਂ ਦੀ ਪਹੁੰਚ ਵਿਚ ਉਪਲਬਧ ਕਰਵਾਉਣ ਦੀ ਰਹੀ ਹੈ। ਇਸੇ ਸੋਚ ਤਹਿਤ ਮਾਲ ਵਿਭਾਗ ਵਿਚ ਵਰਤੀ ਜਾਂਦੀ ਔਖੀ ਅਤੇ ਪੁਰਾਣੀ ਭਾਸ਼ਾ ਨੂੰ ਬਦਲ ਕੇ ਆਮ ਲੋਕਾਂ ਦੀ ਬੋਲੀ ਦੇ ਸੌਖੇ ਸ਼ਬਦ ਅਪਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਵਿਧਾਇਕ ਰਾਏ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਮਾਲ ਅਤੇ ਮੁੜ-ਵਸੇਬਾ ਵਿਭਾਗ ਵਲੋਂ ਗਠਿਤ ਵਿਸ਼ੇਸ਼ ਕਮੇਟੀ ਦੀਆਂ ਸਿਫਾਰਸ਼ਾਂ ਦੇ ਆਧਾਰ ’ਤੇ ਜਾਇਦਾਦ ਰਜਿਸਟਰੇਸ਼ਨ ਨਾਲ ਸੰਬੰਧਿਤ 35 ਔਖੇ ਸ਼ਬਦਾਂ ਦੀ ਥਾਂ 35 ਸੌਖੇ ਪੰਜਾਬੀ ਸ਼ਬਦ ਵਰਤਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਨਾਲ ਆਮ ਨਾਗਰਿਕ ਆਪਣੀ ਜ਼ਮੀਨ ਅਤੇ ਜਾਇਦਾਦ ਨਾਲ ਸੰਬੰਧਿਤ ਦਸਤਾਵੇਜ਼ ਬਿਨਾਂ ਕਿਸੇ ਵਾਧੂ ਸਹਾਇਤਾ ਦੇ ਆਸਾਨੀ ਨਾਲ ਸਮਝ ਸਕਣਗੇ।